
ਬਲੌਂਗੀ ਪੁਲੀਸ ਵੱਲੋਂ ਵਾਹਨ ਚੋਰੀ ਮਾਮਲੇ ਵਿੱਚ ਦੋ ਮੁਲਜ਼ਮ ਕਾਬੂ, ਚੋਰੀ ਦੇ 8 ਵਾਹਨ ਬਰਾਮਦ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਗਸਤ:
ਬਲੌਂਗੀ ਪੁਲੀਸ ਨੇ ਵਾਹਨ ਚੋਰੀ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਚੋਰੀ ਦੇ ਅੱਠ ਮੋਟਰ ਸਾਈਕਲ ਬਰਾਮਦ ਕੀਤੇ ਗਏ ਹਨ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁਹਾਲੀ ਦੀ ਐਸਪੀ (ਦਿਹਾਤੀ) ਸ੍ਰੀਮਤੀ ਰਵਜੋਤ ਕੌਰ ਗਰੇਵਾਲ ਅਤੇ ਡੀਐਸਪੀ ਦੀਪਕ ਰਾਏ ਦੀ ਨਿਗਰਾਨੀ ਹੇਠ ਬਲੌਂਗੀ ਥਾਣਾ ਦੇ ਐਸਐਚਓ ਇੰਸਪੈਕਟਰ ਰਾਜਪਾਲ ਸਿੰਘ ਗਿੱਲ ਦੀ ਅਗਵਾਈ ਵਾਲੀ ਟੀਮ ਨੇ ਮੁਹਾਲੀ-ਖਰੜ ਸੜਕ ’ਤੇ ਚੂਨਾ ਭੱਠੀ ਨੇੜੇ ਨਾਕਾਬੰਦੀ ਦੌਰਾਨ ਬਾਂਸਲ ਕੁਮਾਰ ਵਾਸੀ ਯੂਪੀ ਅਤੇ ਸੁਨੀਲ ਕੁਮਾਰ ਵਾਸੀ ਬਿਹਾਰ ਨੂੰ ਚੋਰੀ ਦੇ ਦੋ ਮੋਟਰ ਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਮੌਜੂਦਾ ਸਮੇਂ ਵਿੱਚ ਇਹ ਦੋਵੇਂ ਪਿੰਡ ਖੂਨੀਮਾਜਰਾ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਸੀ। ਮੁਲਜ਼ਮਾਂ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਧਾਰਾ 379\411 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਥਾਣਾ ਮੁਖੀ ਇੰਸਪੈਕਟਰ ਰਾਜਪਾਲ ਸਿੰਘ ਗਿੱਲ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਅਤੇ ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਚਾਰ ਹੋਰ ਮੋਟਰ ਸਾਈਕਲ ਅਤੇ ਦੋ ਐਕਟਿਵਾ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਵਾਹਨ ਚੋਰੀ ਦੇ ਮਾਮਲਿਆਂ ਸਬੰਧੀ ਹੋਰ ਅਹਿਮ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ। ਮੁਲਜ਼ਮਾਂ ਕੋਲੋਂ ਪਤਾ ਲਗਾਇਆ ਜਾ ਰਿਹਾ ਹੈ ਕਿ ਹੁਣ ਤੱਕ ਕਿੰਨੀਆਂ ਚੋਰੀਆਂ ਅਤੇ ਵਾਹਨ ਚੋਰੀ ਕੀਤੇ ਗਏ ਹਨ ਅਤੇ ਉਨ੍ਹਾਂ ਨਾਲ ਇਸ ਗਰੋਹ ਵਿੱਚ ਹੋਰ ਕੌਣ ਕੌਣ ਸ਼ਾਮਲ ਹਨ। ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਚੋਰੀ ਕੀਤੇ ਵਾਹਨ ਉਹ ਅੱਗੇ ਕਿਸ ਨੂੰ ਵੇਚਦੇ ਹਨ।
ਇਸ ਮੌਕੇ ਸਬ ਇੰਸਪੈਕਟਰ ਪਰਮਜੀਤ ਸਿੰਘ ਅਤੇ ਏਐਸਆਈ ਦਿਲਬਾਗ ਸਿੰਘ ਵੀ ਹਾਜ਼ਰ ਸਨ।