
ਬਲੌਂਗੀ ਪੁਲੀਸ ਵੱਲੋਂ ਚਿੱਟੇ ਸਮੇਤ ਮੁਲਜ਼ਮ ਕਾਬੂ, 7 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ
ਨਬਜ਼-ਏ-ਪੰਜਾਬ, ਮੁਹਾਲੀ, 11 ਸਤੰਬਰ:
ਬਲੌਂਗੀ ਪੁਲੀਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਇੱਕ ਵਿਅਕਤੀ ਨੂੰ 11 ਗਰਾਮ ਨਸ਼ੀਲੇ ਪਦਾਰਥ (ਚਿੱਟਾ ਨਸ਼ੀਲਾ ਪਾਊਡਰ) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਬਲੌਂਗੀ ਥਾਣਾ ਦੇ ਐਸਐਚਓ ਪੈਰੀਵਿੰਕਲ ਗਰੇਵਾਲ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਰਿੰਦਰ ਸਿੰਘ ਵਾਸੀ ਏਕਤਾ ਕਲੋਨੀ ਬਲੌਂਗੀ (ਮੁਹਾਲੀ) ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਬਲੌਂਗੀ ਪੁਲੀਸ ਦੇ ਕਰਮਚਾਰੀ ਨੇੜਲੇ ਪਿੰਡਾਂ ਵਿੱਚ ਗਸ਼ਤ ਡਿਊਟੀ ’ਤੇ ਸਨ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਨਸ਼ੀਲਾ ਪਾਊਡਰ ਵੇਚਣ ਲਈ ਪੇਂਡੂ ਖੇਤਰ ਵਿੱਚ ਘੁੰਮ ਰਿਹਾ ਸੀ। ਇਸ ਦੌਰਾਨ ਸਬ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਤਲਾਸ਼ੀ ਦੌਰਾਨ ਮੁਲਜ਼ਮ ਰਾਜੂ ਕੋਲੋਂ 11 ਗਰਾਮ ਚਿੱਟਾ ਨਸ਼ੀਲਾ ਪਾਊਡਰ ਅਤੇ ਸੱਤ ਹਜ਼ਾਰ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਹੋਰ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਹ ਨਸ਼ੀਲੇ ਪਦਾਰਥ ਕਿੱਥੋਂ ਲੈ ਕੇ ਆਉਂਦਾ ਹੈ ਅਤੇ ਅੱਗੇ ਕਿੱਥੇ ਕਿੱਥੇ ਵੇਚਦਾ ਹੈ।