
ਬਲੌਂਗੀ ਪੁਲੀਸ ਵੱਲੋਂ ਚੋਰੀ ਦੇ ਬੁਲਟ ਮੋਟਰ ਸਾਈਕਲਾਂ ਸਮੇਤ ਮੁਲਜ਼ਮ ਕਾਬੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਗਸਤ:
ਬਲੌਂਗੀ ਪੁਲੀਸ ਨੇ ਵਾਹਨ ਚੋਰੀ ਦੇ ਮਾਮਲੇ ਵਿੱਚ ਇਕ ਮੁਲਜ਼ਮ ਰੋਹਿਤ ਕੁਮਾਰ ਵਾਸੀ ਸੈਕਟਰ-52, ਚੰਡੀਗੜ੍ਹ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਬਲੌਂਗੀ ਥਾਣਾ ਦੇ ਐਸਐਚਓ ਇੰਸਪੈਕਟਰ ਰਾਜਪਾਲ ਸਿੰਘ ਗਿੱਲ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਦੋ ਬੁਲਟ ਮੋਟਰ ਸਾਈਕਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਇਕ ਬੁਲਟ ਮੋਟਰ ਸਾਈਕਲ ਚੋਰੀ ਹੋਣ ਦਾ ਬਲੌਂਗੀ ਥਾਣੇ ਵਿੱਚ ਪਰਚਾ ਦਰਜ ਕਰਕੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਬਲੌਂਗੀ ਥਾਣੇ ਦੇ ਏਐਸਆਈ ਬੌਬੀ ਸ਼ਰਮਾ, ਏਐਸਆਈ ਸੁਰਿੰਦਰ ਸਿੰਘ ਅਤੇ ਏਐਸਆਈ ਦਿਲਬਾਗ ਸਿੰਘ ’ਤੇ ਆਧਾਰਿਤ ਟੀਮ ਵੱਲੋਂ ਨਾਕਾਬੰਦੀ ਦੌਰਾਨ ਮੁਲਜ਼ਮ ਮੋਹਿਤ ਕੁਮਾਰ ਚੋਰੀ ਦੇ ਮੋਟਰ ਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁੱਛਗਿੱਛ ਤੋਂ ਬਾਅਦ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਇਕ ਹੋਰ ਬੁਲਟ ਮੋਟਰ ਸਾਈਕਲ ਬਰਾਮਦ ਕੀਤਾ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਨੂੰ ਅੱਜ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਮੁਲਜ਼ਮਾਂ ਕੋਲੋਂ ਉਸ ਦੇ ਸਾਥੀਆਂ ਬਾਰੇ ਪੁੱਛਗਿੱਛ ਕਰਨੀ ਹੈ ਅਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਬਾਰੇ ਪਤਾ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਪੁਲੀਸ ਨੂੰ ਹੋਰ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।