nabaz-e-punjab.com

ਪੰਜਾਬ ਵਿੱਚ ਖੁੱਲ੍ਹੇਆਮ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ ਦੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਚੋਣ ਕਮਿਸ਼ਨ: ਕੈਪਟਨ ਅਮਰਿੰਦਰ

ਕੈਪਟਨ ਅਮਰਿੰਦਰ ਵੱਲੋਂ ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਤੁਰੰਤ ਚੋਣ ਜ਼ਾਬਤਾ ਲਾਗੂ ਕਰਨ ’ਤੇ ਜ਼ੋਰ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਦਸੰਬਰ:
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਕਮਿਸ਼ਨ ਨੂੰ ਪੰਜਾਬ ਵਿੱਚ ਹਥਿਆਰਾਂ ਦੇ ਪ੍ਰਸਾਰ ਅਤੇ ਖੁੱਲ੍ਹੇਆਮ ਹਥਿਆਰ ਲੈ ਕੇ ਚੱਲਣ ’ਤੇ ਤੁਰੰਤ ਰੋਕ ਲਗਾਉਣ ਹਿੱਤ ਪੰਜਾਬ ਪੁਲੀਸ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। ਜਿਸ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਪੂਰੀ ਤਰ੍ਹਾਂ ਅਰਾਜਕਤਾ ਫੈਲਾ ਦਿੱਤੀ ਹੈ। ਇਸ ਲੜੀ ਹੇਠ ਸੋਮਵਾਰ ਨੂੰ ਗੋਲੀਬਾਰੀ ਦੀ ਘਟਨਾ ਵਿੱਚ ਇਕ ਵਿਅਕਤੀ ਦੀ ਮੌਤ ਅਤੇ ਦੋ ਦੇ ਜ਼ਖ਼ਮੀ ਹੋ ਜਾਣ ਸਮੇਤ ਸੂਬੇ ਅੰਦਰ ਵਾਪਰੀਆਂ ਵੱਖ ਵੱਖ ਹਿੰਸਕ ਘਟਨਾਵਾਂ ਦੇ ਕ੍ਰਮ ’ਤੇ ਜ਼ੋਰਦਾਰ ਪ੍ਰਤੀਕ੍ਰਿਆ ਜਾਹਿਰ ਕਰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬੇ ਦੇ ਹਾਲਾਤ ਬੇਹੱਦ ਖਰਾਬ ਹੋ ਚੁੱਕੇ ਹਨ ਅਤੇ ਉਨ੍ਹਾਂ ਨੇ ਇਸ ਸੰਕਟ ਵਾਲੀ ਸਥਿਤੀ ਨੂੰ ਅੱਗੇ ਵੱਧਣ ਤੋਂ ਰੋਕਣ ਵਾਸਤੇ ਚੋਣ ਕਮਿਸ਼ਨ ਨੂੰ ਨਿੱਜੀ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਕੈਪਟਨ ਨੇ ਚੋਣ ਕਮਿਸ਼ਨ ਨੂੰ ਗੁਹਾਰ ਲਗਾਈ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਤੁਰੰਤ ਚੋਣ ਜ਼ਾਬਤਾ ਲਾਗੂ ਕੀਤਾ ਜਾਵੇ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਪੰਜਾਬ ਪੁਲੀਸ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ ਹਥਿਆਰਾਂ ਨੂੰ ਜ਼ਬਦ ਕਰਵਾਉਣ ਵਿੱਚ ਨਾਕਾਮ ਰਹੀ ਹੈ ਅਤੇ ਇਹ ਬਾਦਲ ਸਰਕਾਰ ਦੇ ਇਸ਼ਾਰੇ ’ਤੇ ਰਚੀ ਜਾ ਰਹੀ ਸਾਜ਼ਿਸ਼ ਪ੍ਰਤੀਤ ਹੁੰਦੀ ਹੈ ਤਾਂ ਜੋ ਹਥਿਆਰਬੰਦ ਗੁੰਡਿਆਂ ਦੀ ਮਦਦ ਨਾਲ ਚੋਣਾਂ ਦੌਰਾਨ ਲੋਕਾਂ ਨੂੰ ਡਰਾ ਕੇ ਉਨ੍ਹਾਂ ਤੋਂ ਅਕਾਲੀ ਦਲ ਦੇ ਹੱਕ ਵਿੱਚ ਵੋਟ ਪੁਆਉਣ ਲਈ ਧਮਕਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਕਪੂਰਥਲਾ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਬਾਰੀ ਦੀ ਇਕ ਹੋਰ ਘਟਨਾ ਸਾਹਮਣੇ ਆਈ ਹੈ। ਜਿਸ ਦੌਰਾਨ ਤੇਜ਼ਾਬੀ ਹਮਲੇ ਵਿੱਚ 9 ਅੌਰਤਾਂ ਜ਼ਖ਼ਮੀ ਹੋ ਗਈਆਂ। ਉਨ੍ਹਾਂ ਕਿਹਾ ਕਿ ਦੋਵਾਂ ਘਟਨਾਵਾਂ ਵਿੱਚ ਹਿੰਸਾ ਕਰਨ ਵਾਲੇ ਹਮਲਾਵਰਾਂ ਦੀ ਦਰਿੰਦਗੀ ਸਪੱਸ਼ਟ ਇਸ਼ਾਰਾ ਕਰ ਰਹੀ ਹੈ ਕਿ ਸੂਬੇ ਵਿੱਚ ਗੁੰਡਿਆਂ ਤੇ ਬਦਮਾਸ਼ਾਂ ਵਿੱਚ ਕਾਨੂੰਨ ਦਾ ਕੋਈ ਡਰ ਭੈਅ ਨਹੀਂ ਹੈ। ਮੌਜੂਦਾ ਸਮੇਂ ਵਿੱਚ ਅਪਰਾਧੀ ਕਿਸਮ ਦੇ ਲੋਕ ਪੁਲੀਸ ਤੋਂ ਕਿਸੇ ਵੀ ਤਰ੍ਹਾਂ ਨਹੀਂ ਡਰਦੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਘਟਨਾਵਾਂ ਬਾਦਲ ਸ਼ਾਸਨ ਅੰਦਰ ਕਾਨੂੰਨ ਤੇ ਵਿਵਸਥਾ ਦੀ ਪੂਰੀ ਤਰ੍ਹਾਂ ਬਦਹਾਲੀ ਦਾ ਖੁਲਾਸਾ ਕਰਦੀਆਂ ਹਨ, ਜਿਸ ਨੇ ਹਥਿਆਰਬੰਦ ਗਰੋਹਾਂ, ਅਪਰਾਧੀਆਂ ਤੇ ਮਾਫੀਆਵਾਂ ਨੂੰ ਪੂਰੀ ਤਰ੍ਹਾਂ ਅਜ਼ਾਦੀ ਦੇ ਰੱਖੀ ਹੈ ਤਾਂ ਜੋ ਉਹ ਪੰਜਾਬ ਦੇ ਲੋਕਾਂ ਵਿੱਚ ਅੱਤ ਮਚਾ ਸਕਣ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਇਥੋਂ ਤੱਕ ਕਿ ਡੀ.ਜੀ.ਪੀ ਆਨ ਰਿਕਾਰਡ ਕਹਿ ਚੁੱਕੇ ਹਨ ਕਿ ਪੰਜਾਬ ਅੰਦਰ ਕਰੀਬ 52 ਹਥਿਆਰਬੰਦ ਗਿਰੋਹ ਸਰਗਰਮ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਬਠਿੰਡਾ ਵਿੱਚ ਇਕ ਜਸ਼ਨ ਦੌਰਾਨ ਫਾਇਰਿੰਗ ਵਿੱਚ ਡਾਂਸਰ ਮਹਿਲਾ ਦੇ ਕਤਲ ਦੀ ਘਟਨਾ ਦੇ ਬਾਵਜੂਦ, ਪੁਲੀਸ ਹਥਿਆਰਾਂ ਨੂੰ ਜਮ੍ਹਾ ਕਰਵਾਉਣ ਲਈ ਕੋਈ ਵੀ ਕਦਮ ਚੁੱਕਣ ਵਿੱਚ ਨਾਕਾਮ ਰਹੀ ਹੈ ਅਤੇ ਇੰਝ ਪ੍ਰਤੀਤ ਹੁੰਦਾ ਹੈ ਕਿ ਵੱਡੀ ਮਾਤਰਾ ਵਿੱਚ ਸੂਬੇ ਅੰਦਰ ਹਥਿਆਰਾਂ ਦਾ ਪ੍ਰਸਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਸੁਪਰੀਮ ਕੋਰਟ ਵੱਲੋਂ ਤੇਜ਼ਾਬ ਰੱਖਣ ਤੇ ਉਸ ਦੀ ਵਿਕਰੀ ਬਾਰੇ ਸਪੱਸ਼ਟ ਤੇ ਸਖ਼ਤ ਨਿਰਦੇਸ਼ਾਂ ਉੱਤੇ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ। ਜਿਸ ਕਾਰਨ ਤੇਜ਼ਾਬੀ ਹਮਲਿਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…