nabaz-e-punjab.com

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ ਰੋਸ ਧਰਨੇ/ਰੈਲੀਆਂ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ

ਆਪਣੀਆਂ ਸਮੱਸਿਆਵਾਂ ਜਾਂ ਸ਼ਿਕਾਇਤਾਂ ਸਬੰਧੀ ਮੰਗ ਪੱਤਰ\ਸ਼ਿਕਾਇਤ ਦੇਣ ਵਾਲਿਆਂ ’ਤੇ ਕੋਈ ਪਾਬੰਦੀ ਨਹੀਂ: ਡੀਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ:
ਮੁਹਾਲੀ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76, ਦੀ ਇਮਾਰਤ ਦੇ ਜੰਗਲੇ ਦੇ ਅੰਦਰ ਅਤੇ ਜੰਗਲੇ ਦੇ ਬਾਹਰ ਦੇ 100 ਮੀਟਰ ਦੇ ਏਰੀਆ ਤੱਕ ਧਰਨੇ ਅਤੇ ਰੈਲੀਆਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਂਜ ਆਪਣੀਆਂ ਸਮੱਸਿਆਵਾਂ ਜਾਂ ਸ਼ਿਕਾਇਤਾਂ ਸਬੰਧੀ ਮੰਗ ਪੱਤਰ\ਸ਼ਿਕਾਇਤ ਦੇਣ ਲਈ 5 ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀਆਂ ਦੇ ਜੰਗਲੇ ਦੇ ਮੇਨ ਗੇਟ ’ਚੋਂ ਲੰਘ ਕੇ ਡੀਸੀ ਦਫ਼ਤਰ ਵਿੱਚ ਆਉਣ ਜਾਣ ’ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਹੁਕਮ 18 ਮਈ 2019 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲਾਗੂ ਰਹਿਣਗੇ। ਇਹ ਹੁਕਮ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਲਾਗੂ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਦੇ ਧਿਆਨ ਵਿੱਚ ਇਹ ਆਇਆ ਹੈ ਕਿ ਆਮ ਤੌਰ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਦੀ ਬਿਲਡਿੰਗ ਦੇ ਆਲੇ-ਦੁਆਲੇ ਆਮ ਜਨਤਾ, ਰਾਜਸੀ ਪਾਰਟੀਆਂ ਅਤੇ ਕਰਮਚਾਰੀ ਸੰਗਠਨਾਂ ਵੱਲੋਂ ਰੈਲੀਆਂ ਧਰਨੇ ਕੀਤੇ ਜਾਂਦੇ ਹਨ। ਕਈ ਵਾਰ ਤਾਂ ਇਹ ਰੈਲੀਆਂ/ਧਰਨੇ ਇਸ ਬਿਲਡਿੰਗ ਦੀ ਬਾਊਂਡਰੀ ਦੇ ਅੰਦਰ ਵੀ ਕੀਤੇ ਜਾਂਦੇ ਹਨ। ਅਜਿਹਾ ਕਰਨ ਨਾਲ ਦਫ਼ਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਆਮ ਜਨਤਾ ਨੂੰ ਦਫ਼ਤਰ ਵਿੱਚ ਆਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਇਸ ਤੋਂ ਇਲਾਵਾ ਅਮਨ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਦੀ ਜ਼ਰੂਰਤ ਹੈ।
(ਬਾਕਸ ਆਈਟਮ)
ਜ਼ਿਲ੍ਹਾ ਮੈਜਿਸਟਰੇਟ ਨੇ ਹੁੱਕਾ ਬਾਰਾਂ ’ਤੇ ਵੀ ਲਗਾਈ ਪਾਬੰਦੀ
ਮੁਹਾਲੀ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਫੌਜਦਾਰੀ ਦੰਡ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਹਦੂਦ ਅੰਦਰ ਹੁੱਕਾ ਬਾਰ ਚਲਾਉਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸਮੁੱਚੇ ਜ਼ਿਲ੍ਹੇ ਵਿੱਚ ਕੁੱਝ ਹੁੱਕਾ ਬਾਰ ਗ਼ੈਰ ਕਾਨੂੰਨੀ ਤਰੀਕੇ ਨਾਲ ਚੱਲ ਰਹੇ ਹਨ, ਜੋ ਤੰਬਾਕੂ ਤੇ ਹੋਰ ਹਾਨੀਕਾਰਕ ਰਸਾਇਣ ਮਿਲਾ ਕੇ ਹੁੱਕਾ ਲੋਕਾਂ ਨੂੰ ਵਰਤਾਉਂਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਵਿੱਚ ਸਾਰੇ ਹੁੱਕਾ ਬਾਰਾਂ ਉੱਤੇ ਪਾਬੰਦੀ ਲਾ ਦਿੱਤੀ ਹੈ। ਇਹ ਆਦੇਸ਼ 18 ਮਈ 2019 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

Vigilance Bureau arrests ASI for taking Rs 15,000 bribe

Vigilance Bureau arrests ASI for taking Rs 15,000 bribe Chandigarh 29 January 2025 : The P…