
ਬੰਦੀ ਸਿੰਘ ਭਾਈ ਗੁਰਮੀਤ ਸਿੰਘ ਨੂੰ 28 ਦਿਨਾਂ ਦੀ ਪੈਰੋਲ ਮਿਲੀ, ਅੰਬ ਸਾਹਿਬ ’ਚ ਹੋਏ ਨਤਮਸਤਕ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ:
ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਸੰਘਰਸ਼ ਵਿੱਢੇ ਜਾਣ ਤੋਂ ਜਾਣ ਬੁੜੈਲ ਜੇਲ੍ਹ ਚੰਡੀਗੜ੍ਹ ਵਿੱਚ ਨਜ਼ਰਬੰਦ ਸਿੱਖ ਕੈਦੀ ਭਾਈ ਗੁਰਮੀਤ ਸਿੰਘ ਅੱਜ 28 ਦਿਨ ਦੀ ਪੈਰੋਲ ’ਤੇ ਰਿਹਾਅ ਹੋ ਕੇ ਆਪਣੇ ਪਰਿਵਾਰ ਅਤੇ ਸਿੱਖਾਂ ਨਾਲ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਵਾਹਿਗੁਰੂ ਦੇ ਚਰਨਾਂ ਵਿੱਚ ਨਤਮਸਤਕ ਹੋਏ। ਕੌਮੀ ਇਨਸਾਫ਼ ਮੋਰਚੇ ਦੇ ਆਗੂ ਬਾਪੂ ਗੁਰਚਰਨ ਸਿੰਘ, ਦਿਲਸ਼ੇਰ ਸਿੰਘ, ਭਾਈ ਜਸਵਿੰਦਰ ਸਿੰਘ, ਗੁਰਜੰਟ ਸਿੰਘ, ਰੁਪਿੰਦਰ ਸਿੰਘ ਸਿੱਧੂ ਅਤੇ ਹੋਰਨਾਂ ਨੇ ਸਿੱਖ ਕੈਦੀ ਦਾ ਨਿੱਘਾ ਸਵਾਗਤ ਕੀਤਾ।
ਆਗੂਆਂ ਨੇ ਦੱਸਿਆ ਕਿ ਸਾਲ 2013 ਵਿੱਚ ਭਾਈ ਗੁਰਮੀਤ ਸਿੰਘ ਨੂੰ ਉਦੋਂ ਪੈਰੋਲ ਮਿਲੀ ਸੀ ਜਦੋਂ ਭਾਈ ਗੁਰਬਖ਼ਸ਼ ਸਿੰਘ ਖਾਲਸਾ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿੱਚ ਮਰਨ ਵਰਤ ਰੱਖ ਕੇ ਪੱਕਾ ਮੋਰਚਾ ਲਾਇਆ ਗਿਆ ਸੀ। ਸਿੱਖ ਆਗੂ ਹੀ ਉਨ੍ਹਾਂ ਨੂੰ ਜੇਲ੍ਹ ਦੇ ਬਾਹਰੋਂ ਮੁਹਾਲੀ ਲੈ ਕੇ ਆਏ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਵੱਖੋ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਬਾਕੀ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਭਾਈ ਗੁਰਮੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕੌਮੀ ਇਨਸਾਫ਼ ਮੋਰਚੇ ਵਿੱਚ ਪੁੱਜੀਆਂ ਸੰਗਤਾਂ ਦੀਆਂ ਭਾਵਨਾਵਾਂ ਅੱਗੇ ਆਪਣਾ ਸਿਰ ਝੁਕਾਉਂਦਿਆਂ ਕਿਹਾ ਕਿ ਜਦੋਂ ਪੱਕੇ ਮੋਰਚੇ ’ਤੇ ਬੈਠੇ ਸਿੱਖ ਬੁਲਾਰਿਆਂ ਦੀਆਂ ਤਕਰੀਰਾਂ ਦੀਆਂ ਆਵਾਜ਼ਾਂ ਅਤੇ ਜੈਕਾਰੇ ਸਪੀਕਰ ਰਾਹੀਂ ਜੇਲ੍ਹ ਵਿੱਚ ਸੁਣਾਈ ਦਿੰਦੇ ਸੀ ਤਾਂ ਉਨ੍ਹਾਂ ਦਾ ਮਨ ਕਾਫ਼ੀ ਭਾਵੁਕ ਹੋ ਜਾਂਦਾ ਸੀ। ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾਂ ਕਰਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ।