
ਬੰਦੀ ਸਿੰਘ ਰਿਹਾਈ ਮਾਮਲਾ: ਕੌਮੀ ਇਨਸਾਫ਼ ਮੋਰਚੇ ਵੱਲੋਂ ਆਜ਼ਾਦੀ ਦਿਹਾੜਾ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ
ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਜੇਲ੍ਹ ’ਚੋਂ ਭੇਜੀ ਚਿੱਠੀ ਬਾਪੂ ਗੁਰਚਰਨ ਸਿੰਘ ਨੇ ਪੜ੍ਹ ਕੇ ਸੁਣਾਈ
ਸਮੂਹ ਪੰਜਾਬ ਵਾਸੀਆਂ ਤੇ ਪੰਥਕ ਦਰਦੀਆਂ ਨੂੰ ਰੋਸ ਮਾਰਚ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ
ਨਬਜ਼-ਏ-ਪੰਜਾਬ, ਮੁਹਾਲੀ, 7 ਅਗਸਤ:
ਬੰਦੀ ਸਿੰਘਾਂ ਦੀ ਰਿਹਾਈ, ਲਾਪਤਾ 328 ਸਰੂਪ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਲਈ ਜ਼ਿੰਮੇਵਾਰ ਪੁਲੀਸ ਅਤੇ ਸਿਆਸੀ ਆਗੂਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਵੱਲੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਪੱਕਾ ਮੋਰਚਾ ਜਾਰੀ ਹੈ। ਸਿੱਖ ਆਗੂ ਅਤੇ ਇਨਸਾਫ਼ ਪਸੰਦ ਲੋਕ ਬੀਤੀ 7 ਜਨਵਰੀ ਤੋਂ ਲੜੀਵਾਰ ਧਰਨੇ ’ਤੇ ਬੈਠੇ ਹਨ।
ਅੱਜ ਮੁਹਾਲੀ ਪ੍ਰੈਸ ਕਲੱਬ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਬਾਪੂ ਗੁਰਚਰਨ ਸਿੰਘ ਹਵਾਰਾ, ਪਾਲ ਸਿੰਘ ਫਰਾਂਸ, ਐਡਵੋਕੇਟ ਅਮਰ ਸਿੰਘ ਚਾਹਲ, ਦਿਲਸ਼ੇਰ ਸਿੰਘ ਅਤੇ ਗੁਰਸ਼ਰਨ ਸਿੰਘ ਧਾਲੀਵਾਲ ਨੇ ਸਰਕਾਰਾਂ ਦੀ ਅਣਦੇਖੀ ਦਾ ਬੁਰਾ ਮਨਾਉਂਦੇ ਹੋਏ ਐਲਾਨ ਕੀਤਾ ਕਿ 15 ਅਗਸਤ ਨੂੰ ਆਜ਼ਾਦੀ ਦਿਹਾੜਾ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ। ਇਸ ਸਬੰਧੀ ਕੌਮੀ ਇਨਸਾਫ਼ ਮੋਰਚੇ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਪੰਜਾਬ ਵਾਸੀਆਂ, ਕਿਸਾਨ-ਮਜ਼ਦੂਰ ਜਥੇਬੰਦੀਆਂ, ਸਮਾਜ ਸੇਵੀ ਅਤੇ ਇਨਸਾਫ਼ ਪਸੰਦ ਲੋਕਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ। ਆਜ਼ਾਦੀ ਦਿਹਾੜੇ ’ਤੇ ਪੱਕੇ ਮੋਰਚੇ ਵਾਲੀ ਥਾਂ ਤੋਂ ਕਾਲੇ ਅਤੇ ਕੇਸਰੀ ਝੰਡੇ ਲੈ ਕੇ ਰੋਸ ਮਾਰਚ ਕੀਤਾ ਜਾਵੇਗਾ। ਸਿੱਖਾਂ ਦੇ ਇਸ ਐਲਾਨ ਤੋਂ ਸਰਕਾਰ ਦੀਆਂ ਖ਼ੁਫ਼ੀਆ ਏਜੰਸੀਆਂ ਵੀ ਸੁਚੇਤ ਹੋ ਗਈਆਂ ਹਨ ਅਤੇ ਪੱਕੇ ਮੋਰਚੇ ਦੀਆਂ ਗਤੀਵਿਧੀਆਂ ’ਤੇ ਸੂਬਾ ਤੇ ਕੇਂਦਰ ਸਰਕਾਰ ਦੀਆਂ ਖ਼ੁਫ਼ੀਆ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਇਸ ਮੌਕੇ ਬਾਪੂ ਗੁਰਚਰਨ ਸਿੰਘ ਨੇ ਜਗਤਾਰ ਸਿੰਘ ਹਵਾਰਾ ਵੱਲੋਂ ਜੇਲ੍ਹ ’ਚੋਂ ਭੇਜੀ ਚਿੱਠੀ ਪੜ੍ਹ ਕੇ ਸੁਣਾਈ। ਉਨ੍ਹਾਂ ਇਸ ਚਿੱਠੀ ਰਾਹੀਂ ਕੌਮ ਨੂੰ ਸੁਨੇਹਾ ਦਿੱਤਾ ਕਿ ਰੋਸ ਮਾਰਚ ਵਿੱਚ ਸਮੂਹ ਪੰਜਾਬ ਵਾਸੀਆਂ, ਕਿਸਾਨ ਆਗੂਆਂ, ਪੰਥਕ ਜਥੇਬੰਦੀਆਂ, ਸਿਆਸੀ ਪਾਰਟੀਆਂ, ਸਮਾਜ ਸੇਵੀ, ਪੰਥਕ ਹਮਦਰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਵੰਡ ਅਤੇ ਚੰਡੀਗੜ੍ਹ ਵਸਾਉਣ ਲਈ ਪਹਿਲਾਂ ਸਾਡੀਆਂ ਉਪਜਾਊ ਜ਼ਮੀਨਾਂ ਖੋਹ ਕੇ ਬੰਜਰ ਜ਼ਮੀਨਾਂ ਦਿੱਤੀਆਂ ਗਈਆਂ। ਸਾਡੇ ਤੋਂ ਨਨਕਾਣਾ ਸਾਹਿਬ ਅਤੇ ਲਾਹੌਰ ਵੀ ਖੁੱਸ ਗਿਆ। ਜਿਸ ਕਾਰਨ ਆਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਾਵਜੂਦ ਵੰਡ ਦੇ ਜ਼ਖ਼ਮ ਅੱਜ ਹਰੇ ਨੇ। ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਸਿੱਖਾਂ ਲਈ ਕਾਨੂੰਨ ਵੀ ਵੱਖਰੇ ਹਨ। ਆਪਣੇ ਹਿੱਸੇ ਆਏ ਜੁਰਮ ਦੀ ਸਜ਼ਾਵਾਂ ਭੁਗਤ ਚੁੱਕੇ ਸਿੱਖ ਕੈਦੀਆਂ ਨੂੰ ਹਾਲੇ ਵੀ ਜੇਲ੍ਹਾਂ ਵਿੱਚ ਨਜ਼ਰਬੰਦ ਕਰਕੇ ਰੱਖਿਆ ਹੋਇਆ ਹੈ। ਬੇਅਦਬੀ ਅਤੇ ਬਹਿਬਲ ਕਲਾਂ ਤੇ ਫਰੀਦਕੋਟ ਗੋਲੀਕਾਂਡ ਦੇ ਦੋਸ਼ੀਆਂ ਨੂੰ ਅਜੇ ਤਾਈਂ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ। ਜਿਸ ਕਾਰਨ ਸੰਗਤ ਵਿੱਚ ਭਾਰੀ ਰੋਸ ਹੈ।
ਇਸ ਮੌਕੇ ਭਾਈ ਜਸਵਿੰਦਰ ਸਿੰਘ, ਗੁਰਜੰਟ ਸਿੰਘ, ਦੇਵ ਸਰਾਭਾ, ਐਡਵੋਕੇਟ ਯਾਦਵਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਸਿੰਘ ਬਠਿੰਡਾ, ਰਛਪਾਲ ਸਿੰਘ ਚੰਡੀਗੜ੍ਹ, ਬਲਕਾਰ ਸਿੰਘ ਭੁੱਲਰ, ਗੁਰਨਾਮ ਸਿੰਘ ਸਿੱਧੂ, ਆਗੂ ਰੇਸ਼ਮ ਸਿੰਘ ਬਡਾਲੀ, ਰਵਿੰਦਰ ਸਿੰਘ ਵਜੀਦਪੁਰ, ਬਲਜੀਤ ਸਿੰਘ ਭਾਊ ਵੀ ਮੌਜੂਦ ਹਨ।