
ਬੜਮਾਜਰਾ ਕਤਲਕਾਂਡ: ਬਲੌਂਗੀ ਪੁਲੀਸ ਵੱਲੋਂ ਚਾਰ ਮੁਲਜ਼ਮ ਗ੍ਰਿਫ਼ਤਾਰ, 7 ਹਾਲੇ ਫਰਾਰ
ਕਿਰਪਾਨਾਂ, ਰਾਡਾਂ ਤੇ ਇੱਟਾਂ ਮਾਰ-ਮਾਰ ਕੇ ਨੌਜਵਾਨ ਨੂੰ ਉਤਾਰਿਆ ਸੀ ਮੌਤ ਦੇ ਘਾਟ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਨਵੰਬਰ:
ਮੁਹਾਲੀ ਦੀ ਜੂਹ ਵਿੱਚ ਪਿੰਡ ਬੜਮਾਜਰਾ ਵਿੱਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕਰੀਬ ਤਿੰਨ ਮਹੀਨੇ ਪਹਿਲਾਂ ਬੰਟੀ ਸ਼ਰਮਾ (26) ਪੁੱਤਰ ਦੇਵਰਾਜ ਸ਼ਰਮਾ ਦੇ ਹੋਏ ਕਤਲ ਮਾਮਲੇ ਵਿੱਚ ਬਲੌਂਗੀ ਪੁਲੀਸ ਨੇ ਚਾਰ ਮੁਲਜ਼ਮਾਂ ਗੁਲਸ਼ਨ ਤੇ ਉਸ ਦੇ ਭਰਾ ਪ੍ਰਸ਼ੋਤਮ ਵਾਸੀ ਬੜਮਾਜਰਾ, ਸੁਰੇਸ਼ ਵਾਸੀ ਮਦਨਪੁਰ ਅਤੇ ਵਿਕਾਸ ਵਾਸੀ ਦਿੱਲੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੀਡੀਆ ਨੂੰ ਇਹ ਜਾਣਕਾਰੀ ਬਲੌਂਗੀ ਥਾਣਾ ਦੇ ਐਸਐਚਓ ਪੀਐਸ ਗਰੇਵਾਲ ਨੇ ਦਿੱਤੀ। ਇਸ ਮਾਮਲੇ ਵਿੱਚ ਨਾਮਜ਼ਦ ਸੱਤ ਹੋਰ ਮੁਲਜ਼ਮ ਹਾਲੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ।
ਇਸ ਘਟਨਾ ਦੇ ਤਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਜੁੜੇ ਹੋਏ ਹਨ। ਮ੍ਰਿਤਕ ਨੌਜਵਾਨ ਦਾ ਸਾਥੀ ਜੌਕਰ ਲਾਰੈਂਸ ਬਿਸ਼ਨੋਈ ਨਾਲ ਜੁੜਿਆ ਹੋਇਆ ਸੀ। ਜਦੋਂਕਿ ਮੁਲਜ਼ਮਾਂ ਦਾ ਸਬੰਧ ਕਾਲੀ ਸ਼ੂਟਰ ਨਾਂਅ ਦੇ ਗੈਂਗਸਟਰ ਨਾਲ ਦੱਸਿਆ ਜਾ ਰਿਹਾ ਹੈ। ਬੀਤੀ 16 ਅਗਸਤ ਨੂੰ ਰਾਤ ਸਾਢੇ 10 ਵਜੇ ਅਣਪਛਾਤੇ ਹਮਲਾਵਰਾਂ ਨੇ ਬੰਟੀ ਨੂੰ ਕਿਰਪਾਨਾਂ, ਲੋਹੇ ਦੀਆਂ ਰਾਡਾਂ ਅਤੇ ਇੱਟਾਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਹਾਲਾਂਕਿ ਬੰਟੀ ਨੇ ਆਪਣੀ ਜਾਨ ਬਚਾਉਣ ਲਈ ਕਾਰ ’ਚੋਂ ਬਾਹਰ ਆ ਕੇ ਗੁਰੂ ਨਾਨਕ ਕਲੋਨੀ ਵੱਲ ਭੱਜਣ ਦੀ ਕੋਸ਼ਿਸ਼ ਕੀਤੀ ਸੀ ਪ੍ਰੰਤੂ ਹਮਲਾਵਰਾਂ ਨੇ ਉਸ ਦਾ ਪਿੱਛਾ ਕਰਕੇ ਰਸਤੇ ਵਿੱਚ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਸਰਕਾਰੀ ਹਸਪਤਾਲ ਫੇਜ਼-6 ਦੇ ਡਾਕਟਰਾਂ ਨੇ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਪ੍ਰੰਤੂ ਪੀਜੀਆਈ ਦੇ ਡਾਕਟਰਾਂ ਨੇ ਬੰਟੀ ਨੂੰ ਮ੍ਰਿਤਕ ਐਲਾਨ ਦਿੱਤਾ ਸੀ।
ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਬੰਟੀ ਸ਼ਰਮਾ ਫਾਈਨਾਂਸ ਦਾ ਕੰਮ ਕਰਦਾ ਸੀ ਅਤੇ ਲੋਕਾਂ ਨੂੰ ਵਿਆਜ ’ਤੇ ਪੈਸੇ ਦਿੰਦਾ ਸੀ। ਇਸ ਦੌਰਾਨ ਮਿੱਤਲ ਨਾਂਅ ਦੇ ਵਿਅਕਤੀ ਨੇ ਉਸ ਤੋਂ ਵਿਆਜ ’ਤੇ ਪੈਸੇ ਲਏ ਸਨ। ਜਦੋਂ ਬੰਟੀ ਨੇ ਪੈਸੇ ਵਾਪਸ ਮੰਗੇ ਤਾਂ ਮਿੱਤਲ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਜਿਸ ਕਾਰਨ ਇਹ ਵਿਵਾਦ ਖੂੰਨੀ ਸੰਘਰਸ਼ ਵਿੱਚ ਤਬਦੀਲ ਹੋ ਗਿਆ।
ਬਲੌਂਗੀ ਥਾਣਾ ਦੇ ਐਸਐਚਓ ਪੀਐਸ ਗਰੇਵਾਲ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਇਸ ਮਾਮਲੇ ਵਿੱਚ ਸੱਤ ਹੋਰ ਮੁਲਜ਼ਮ ਫਰਾਰ ਹਨ। ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।