ਪੰਜਾਬ ਸ਼ਹਿਰੀ ਵਾਤਾਵਰਨ ਸੁਧਾਰ ਸਕੀਮ ਤਹਿਤ ਮੁਹਾਲੀ ਦੇ ਸੁੰਦਰੀਕਰਨ ’ਤੇ 20 ਕਰੋੜ ਰੁਪਏ ਖਰਚੇ ਜਾਣਗੇ: ਸਿੱਧੂ

ਸਿਹਤ ਮੰਤਰੀ ਬਲਬੀਰ ਸਿੱਧੂ ਨੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸ਼ਾਮ ਨੂੰ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੁਹਾਲੀ ਨਗਰ ਨਿਗਮ ਦੇ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨੇ ਫੇਜ਼-3ਬੀ2, 5, 7, 9, 10, 11 ਦੀਆਂ ਵੱਖ-ਵੱਖ ਮਾਰਕੀਟਾਂ ਨੂੰ ਸੁੰਦਰ ਦਿੱਖ ਦੇਣ ਲਈ ਵੱਖ-ਵੱਖ ਕੰਮਾਂ ਲਈ ਚਾਰ ਕਰੋੜ 72 ਲੱਖ ਰੁਪਏ ਦੇ ਟੈਂਡਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਫੇਜ਼-1, 2, 6, ਸੈਕਟਰ-70 ਤੇ 71 ਦੀਆਂ ਮਾਰਕੀਟਾਂ ਦੇ ਸੁੰਦਰੀਕਰਨ ਦਾ ਕੰਮ ਵੀ ਛੇਤੀ ਸ਼ੁਰੂ ਕੀਤਾ ਜਾਵੇਗਾ।
ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸ਼ਹਿਰੀ ਵਾਤਾਵਰਨ ਸੁਧਾਰ ਸਕੀਮ ਤਹਿਤ 20 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ। ਜਿਸ ਨਾਲ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਈਸਾਈਆਂ ਦੀ ਕਬਰਗਾਹ ਅਤੇ ਮੁਸਲਮਾਨਾਂ ਦੇ ਕਬਰਿਸਤਾਨ ਦੀ ਇੱਥੋਂ ਦੇ ਸਨਅਤੀ ਏਰੀਆ ਫੇਜ਼-7 ਨਾਲ ਲਗਦੀ ਜ਼ਮੀਨ ਦੀ ਸਾਂਭ-ਸੰਭਾਲ ਲਈ 10.36 ਲੱਖ ਰੁਪਏ ਖ਼ਰਚੇ ਜਾਣਗੇ। ਸ਼ਮਸ਼ਾਨਘਾਟ ਵਿੱਚ ਵੀ 49 ਲੱਖ ਰੁਪਏ ਨਾਲ ਹੋਰ ਕੰਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸੈਕਟਰ-57 ਵਿੱਚ ਮੁਸਲਮਾਨਾਂ ਦੇ ਕਬਰਿਸਤਾਨ ਦੀ ਚਾਰਦੀਵਾਰੀ ਦਾ ਕੰਮ ਵੀ ਛੇਤੀ ਸ਼ੁਰੂ ਕਰਵਾਇਆ ਜਾਵੇਗਾ ਅਤੇ ਇਸ ਕੰਮ ਉੱਤੇ 9.79 ਲੱਖ ਰੁਪਏ ਦਾ ਖਰਚਾ ਆਉਣ ਦੀ ਸੰਭਾਵਨਾ ਹੈ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਕਮਿਸ਼ਨਰ ਕਮਲ ਗਰਗ, ਸੰਯੁਕਤ ਕਮਿਸ਼ਨਰ ਡਾ. ਕਨੂੰ ਥਿੰਦ, ਆਈਟੀਆਈ ਕਾਰਕੁਨ ਕੁਲਜੀਤ ਸਿੰਘ ਬੇਦੀ ਸਮੇਤ ਐਨਐਸ ਸਿੱਧੂ, ਅਮਰੀਕ ਸਿੰਘ ਸੋਮਲ, ਜਸਵੀਰ ਸਿੰਘ ਮਣਕੂ, ਜਸਪ੍ਰੀਤ ਕੌਰ, ਸੁਰਿੰਦਰ ਸਿੰਘ ਰਾਜਪੂਤ, ਨਛੱਤਰ ਸਿੰਘ, ਰਾਜ ਰਾਣੀ (ਸਾਰੇ ਸਾਬਕਾ ਕੌਂਸਲਰ) ਯੂਥ ਆਗੂ ਨਰਪਿੰਦਰ ਸਿੰਘ ਰੰਗੀ ਅਤੇ ਰਾਜਾ ਕੰਵਰਜੋਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …