ਵਿਸ਼ਵਾਸਘਾਤ ਦਿਵਸ: ਕਿਸਾਨ ਜਥੇਬੰਦੀਆਂ ਨੇ ਡੀਸੀ ਦਫ਼ਤਰ ਦੇ ਬਾਹਰ ਧਰਨਾ, ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਸੋਮਵਾਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਜਸਪਾਲ ਸਿੰਘ ਨਿਆਮੀਆਂ, ਦਵਿੰਦਰ ਸਿੰਘ ਦੇਹਕਲਾਂ, ਕਿਰਪਾਲ ਸਿੰਘ ਸਿਆਊ, ਗੁਰਿੰਦਰ ਸਿੰਘ ਭੰਗੂ, ਲਖਵਿੰਦਰ ਸਿੰਘ ਕਰਾਲਾ ਅਤੇ ਜਗਜੀਤ ਸਿੰਘ ਨੇ ਕਿਹਾ ਕਿ 31 ਦਸੰਬਰ ਨੂੰ ਕੇਂਦਰ ਸਰਕਾਰ ਨੇ ਦਿੱਲੀ ਦੀਆਂ ਬਰੂਹਾਂ ਤੋਂ ਕਿਸਾਨਾਂ ਦੇ ਧਰਨੇ ਖ਼ਤਮ ਕਰਵਾ ਕੇ ਉਨ੍ਹਾਂ ਦੀਆਂ ਬਾਕੀ ਜਾਇਜ਼ ਮੰਗਾਂ ਤੁਰੰਤ ਮੰਨਣ ਦਾ ਭਰੋਸਾ ਦਿੱਤਾ ਸੀ ਲੇਕਿਨ ਮਹੀਨਾ ਬੀਤ ਜਾਣ ਦੇ ਬਾਵਜੂਦ ਭਾਜਪਾ ਸਰਕਾਰ ਨੇ ਪੈਂਡਿੰਗ ਮੰਗਾਂ ’ਚੋਂ ਇਕ ਵੀ ਮੰਗ ਪੂਰੀ ਨਹੀਂ ਕੀਤੀ ਗਈ। ਜਿਸ ਕਾਰਨ ਅੱਜ ਵਿਸ਼ਵਾਸ਼ਘਾਟ ਦਿਵਸ ਮਨਾ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਐਮਐਸਪੀ ’ਤੇ ਗਰੰਟੀ ਕਾਨੂੰਨ ਬਣਾਉਣ ਲਈ ਕਮੇਟੀ ਦੀ ਸਥਾਪਨਾ, ਕਿਸਾਨਾਂ ’ਤੇ ਦਰਜ ਪਰਚੇ ਰੱਦ ਕਰਨ, ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਆਦਿ ਮੰਗਾਂ ਪੂਰੀਆਂ ਨਾ ਹੋਣ ’ਤੇ ਕਿਸਾਨਾਂ ਨੇ ਸਰਕਾਰ ਨੂੰ ਮੁੜ ਜਨ ਅੰਦੋਲਨ ਵਿੱਢਣ ਦੀ ਚਿਤਾਵਨੀ ਦਿੱਤੀ ਹੈ।
ਇਸ ਮੌਕੇ ਨਛੱਤਰ ਸਿੰਘ ਬੈਦਵਾਨ, ਜਸਵਿੰਦਰ ਸਿੰਘ ਵਿਰਕ, ਗੁਰਨਾਮ ਸਿੰਘ ਦਾਊਂ, ਗੀਤਇੰਦਰ ਸਿੰਘ ਗਿੱਲ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ, ਸਤਵਿੰਦਰ ਸਿੰਘ ਮੌਲੀ, ਜਸਪਾਲ ਸਿੰਘ ਲਾਂਡਰਾਂ, ਜਸਵੰਤ ਸਿੰਘ ਪੂਨੀਆ, ਗੁਰਮੀਤ ਸਿੰਘ ਖੂੰਨੀਮਾਜਰਾ, ਕੁਲਦੀਪ ਸਿੰਘ ਕੁਰੜੀ, ਇੰਦਰਪਾਲ ਸਿੰਘ ਮੁਹਾਲੀ, ਨਿਰਮਲ ਸਿੰਘ, ਗੱਜਣ ਸਿੰਘ ਸਮੇਤ ਕਿਸਾਨ ਬੀਬੀਆਂ ਵੀ ਹਾਜ਼ਰ ਸਨ। ਇਸੇ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਾਂਝੇ ਤੌਰ ’ਤੇ ਡਿਪਟੀ ਕਮਿਸ਼ਨਰ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਲਿਖਿਆ ਮੰਗ ਪੱਤਰ ਦਿੱਤਾ ਗਿਆ। ਡੀਸੀ ਨੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਉਨ੍ਹਾਂ ਦਾ ਮੰਗ ਪੱਤਰ ਰਾਸ਼ਟਰਪਤੀ ਨੂੰ ਭੇਜ ਦੇਣਗੇ।

Load More Related Articles

Check Also

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਆਪਣੇ ਵਕ…