nabaz-e-punjab.com

ਭਾਗੋਮਾਜਰਾ ਸੜਕ ਹਾਦਸੇ ਵਿੱਚ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

ਪੀਜੀਆਈ ’ਚ ਜ਼ੇਰੇ ਇਲਾਜ ਗਰਭਵਤੀ ਅੌਰਤ ਤੇ ਪੇਟ ਵਿੱਚ ਪਹਲ ਰਹੇ ਬੱਚੇ ਦੀ ਵੀ ਮੌਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ:
ਇੱਥੋਂ ਦੇ ਨੇੜਲੇ ਪਿੰਡ ਭਾਗੋਮਾਜਰਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰ ਸਾਈਕਲ ਸਵਾਰ ਦੀ ਮੌਕੇ ’ਤੇ ਮੌਤ ਹੋ ਗਈ ਜਦੋਂਕਿ ਉਸ ਦਾ ਇੱਕ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਮਹਿੰਦਰਾ ਸਕਾਰਪਿਓ ਗੱਡੀ ਨੇ ਸੜਕ ’ਤੇ ਜਾ ਰਹੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਸਕਾਰਪਿਓ ਕਾਫੀ ਦੂਰ ਤੱਕ ਮੋਟਰ ਸਾਈਕਲ ਸਵਾਰਾਂ ਨੂੰ ਘਟੀਸਦੇ ਹੋਏ ਲੈ ਗਈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਇਕਬਾਲ ਸਿੰਘ ਦੇ ਰੂਪ ਵਿੱਚ ਹੋਈ ਹੈ। ਉਹ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਘਰ ਵਿੱਚ ਸਾਰਿਆਂ ਦਾ ਲਾਡਲਾ ਸੀ।
ਇਸ ਸਬੰਧੀ ਸੋਹਾਣਾ ਪੁਲੀਸ ਨੇ ਸਕਾਰਪਿਓ ਗੱਡੀ ਦੇ ਅਣਪਛਾਤੇ ਚਾਲਕ ਦੇ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਦੋਵੇਂ ਹਾਦਸਾ ਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਹ ਕਾਰਵਾਈ ਕਰਮਜੀਤ ਸਿੰਘ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਕਰਮਜੀਤ ਸਿੰਘ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ ਇਕਬਾਲ ਸਿੰਘ ਉਸ ਦਾ ਚਚੇਰਾ ਭਰਾ ਸੀ ਅਤੇ ਉਸ ਨੇ ਹਾਲ ਹੀ ਵਿੱਚ ਦਸਵੀਂ ਸ਼੍ਰੇਣੀ ਦੇ ਪੇਪਰ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਇਕਬਾਲ ਅਤੇ ਉਸ ਦਾ ਦੋਸਤ ਮੋਟਰ ਸਾਈਕਲ ’ਤੇ ਜਾ ਰਹੇ ਸੀ ਕਿ ਪਿੰਡ ਭਾਗੋਮਾਜਰਾ ਨੇੜੇ ਇੱਕ ਤੇਜ਼ ਰਫ਼ਤਾਰ ਸਕਾਰਪਿਓ ਨੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇਕਬਾਲ ਅਤੇ ਉਸ ਦਾ ਦੋਸਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਇਕਬਾਲ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂਕਿ ਹਾਦਸੇ ਤੋਂ ਬਾਅਦ ਸਕਾਰਪਿਓ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਉਧਰ, ਕੁਝ ਦਿਨ ਪਹਿਲਾਂ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਈ ਗਰਭਵਤੀ ਅੌਰਤ ਨੇ ਇਲਾਜ ਦੌਰਾਨ ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਦਮ ਤੋੜ ਦਿੱਤਾ। ਮ੍ਰਿਤਕ ਅੌਰਤ ਦੀ ਪਛਾਣ ਅਲਕਾ ਵਾਸੀ ਐਰੋਸਿਟੀ, ਮੁਹਾਲੀ ਦੇ ਰੂਪ ਵਿੱਚ ਹੋਈ ਹੈ। ਦੱਸਿਆ ਗਿਆ ਹੈ ਕਿ ਬੀਤੀ ਚਾਰ ਅਪਰੈਲ ਨੂੰ ਅਲਕਾ ਅਤੇ ਉਸ ਦਾ ਪਤੀ ਰੋਜਨ ਦਾਸ ਮੋਟਰ ਸਾਈਕਲ ’ਤੇ ਜਾ ਰਹੇ ਸੀ। ਜਦੋਂ ਉਹ ਪਿੰਡ ਪਾਪੜੀ ਨੇੜੇ ਪਹੁੰਚੇ ਤਾਂ ਉਨ੍ਹਾਂ ਨੂੰ ਇੱਕ ਹੋਰ ਮੋਟਰ ਸਾਈਕਲ ਚਾਲਕ ਨੇ ਟੱਕਰ ਮਾਰ ਦਿੱਤੀ। ਜ਼ਖ਼ਮੀ ਅੌਰਤ ਅੱਠ ਮਹੀਨੇ ਦੀ ਗਰਭਵਤੀ ਸੀ। ਹਾਦਸੇ ਤੋਂ ਬਾਅਦ ਉਸ ਦੇ ਪੇਟ ਵਿੱਚ ਪਲ ਰਹੇ ਬੱਚੇ ਦੀ ਮੌਤ ਹੋ ਗਈ ਸੀ। ਇਸ ਸਬੰਧੀ ਸੋਹਾਣਾ ਪੁਲੀਸ ਨੇ ਦੂਜੇ ਮੋਟਰ ਸਾਈਕਲ ਦੇ ਚਾਲਕ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…