Share on Facebook Share on Twitter Share on Google+ Share on Pinterest Share on Linkedin ਭਾਗੋਮਾਜਰਾ ਸੜਕ ਹਾਦਸਾ: ਛੋਟੇ ਹਾਥੀ ਤੇ ਟਰਾਲੇ ਦੀ ਟੱਕਰ ਵਿੱਚ ਦੋ ਕਿਸਾਨਾਂ ਦੀ ਮੌਤ, ਸੱਤ ਜ਼ਖ਼ਮੀ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਸਰਕਾਰੀ ਹਸਪਤਾਲ ’ਚ ਜੇਰੇ ਇਲਾਜ ਜ਼ਖ਼ਮੀਆਂ ਦੀ ਖ਼ਬਰ-ਸਾਰ ਪੁੱਛੀ ਮੰਤਰੀ ਚਰਨਜੀਤ ਚੰਨੀ ਨੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਲਈ ਡੀਸੀ ਨੂੰ ਰਿਪੋਰਟ ਭੇਜਣ ਲਈ ਕਿਹਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱਥੋਂ ਦੇ ਲਾਂਡਰਾਂ-ਬਨੂੜ ਸੜਕ ’ਤੇ ਪਿੰਡ ਭਾਗੋਮਾਜਰਾ ਨੇੜੇ ਲੰਘੀ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਦੋ ਕਿਸਾਨਾਂ ਦੀ ਮੌਤ ਹੋ ਗਈ ਜਦੋਂਕਿ ਛੋਟੇ ਟੈਂਪੂ ਦੇ ਚਾਲਕ ਸਣੇ ਸੱਤ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪਿੰਡ ਵਾਸੀਆਂ ਨੇ ਜ਼ਖ਼ਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ। ਜਿਨ੍ਹਾਂ ’ਚੋਂ ਚਾਰ ਕਿਸਾਨਾਂ ਨੂੰ ਪੀਜੀਆਈ ਅਤੇ ਸੈਕਟਰ-32 ਹਸਪਤਾਲ ਵਿੱਚ ਰੈਫਰ ਕੀਤਾ ਗਿਆ। ਉਨ੍ਹਾਂ ਨੂੰ ਮ੍ਰਿਤਕਾਂ ਦੀ ਪਛਾਣ ਸੁਖਦੇਵ ਸਿੰਘ (70) ਵਾਸੀ ਪਿੰਡ ਡਡਿਆਣਾ (ਫਤਹਿਗੜ੍ਹ ਸਾਹਿਬ) ਅਤੇ ਦੀਪ ਸਿੰਘ (65) ਵਾਸੀ ਪਿੰਡ ਪੋਪਨਾ (ਖਰੜ) ਵਜੋਂ ਹੋਈ ਹੈ। ਅੱਜ ਸਰਕਾਰੀ ਹਸਪਤਾਲ ਵਿੱਚ ਪੋਸਟ ਮਾਰਟਮ ਤੋਂ ਬਾਅਦ ਮ੍ਰਿਤਕ ਕਿਸਾਨਾਂ ਦੀਆਂ ਲਾਸ਼ਾਂ ਵਾਰਸਾਂ ਨੂੰ ਸੌਂਪੀਆਂ ਗਈਆਂ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਵੇਰੇ ਸਰਕਾਰੀ ਹਸਪਤਾਲ ਵਿੱਚ ਪਹੁੰਚ ਜ਼ਖ਼ਮੀ ਕਿਸਾਨਾਂ ਦਾ ਹਾਲ ਚਾਲ ਪੁੱਛਿਆ ਅਤੇ ਐਸਐਮਓ ਡਾ. ਅਰੀਤ ਕੌਰ ਨੂੰ ਜ਼ਖ਼ਮੀਆਂ ਦਾ ਮੁਫ਼ਤ ਤੇ ਮਿਆਰੀ ਇਲਾਜ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਤਾਲਮੇਲ ਕਰਕੇ ਮ੍ਰਿਤਕ ਅਤੇ ਜ਼ਖ਼ਮੀ ਕਿਸਾਨਾਂ ਲਈ ਬਣਦਾ ਮੁਆਵਜ਼ਾ ਦੇਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਦੱਸਿਆ ਕਿ 2 ਕਿਸਾਨਾਂ ਨੂੰ ਅੱਜ ਛੁੱਟੀ ਦੇ ਦਿੱਤੀ ਗਈ ਹੈ। ਇਸ ਦੌਰਾਨ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮ੍ਰਿਤਕ ਕਿਸਾਨਾਂ ਦੀ ਮੌਤ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਮੁਹਾਲੀ ਦੇ ਡੀਸੀ ਨਾਲ ਫੋਨ ’ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਸ ਹਾਦਸੇ ਬਾਰੇ ਤੁਰੰਤ ਰਿਪੋਰਟ ਸਰਕਾਰ ਨੂੰ ਭੇਜਣ ਲਈ ਕਿਹਾ ਤਾਂ ਜੋ ਮ੍ਰਿਤਕ ਕਿਸਾਨਾਂ ਅਤੇ ਜ਼ਖ਼ਮੀਆਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੁੱਢਲੀ ਪ੍ਰਕਿਰਿਆ ਨੂੰ ਨੇਪਰੇ ਚਾੜਿਆ ਜਾ ਸਕੇ। ਟੈਂਪੂ ਚਾਲਕ ਮਨਪ੍ਰੀਤ ਸਿੰਘ ਵਾਸੀ ਮਜਾਤੜੀ ਨੇ ਦੱਸਿਆ ਕਿ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਸਿੰਘੂ ਬਾਰਡਰ ’ਤੇ ਚੱਲ ਰਹੇ ਕਿਸਾਨ ਮੋਰਚੇ ਤੋਂ ਕੁਝ ਕਿਸਾਨ ਉਸ ਦੇ ਛੋਟੇ ਹਾਥੀ ਵਿੱਚ ਵਾਪਸ ਆਪਣੇ ਘਰ ਪਰਤ ਰਹੇ ਸੀ ਕਿ ਜਦੋਂ ਉਹ ਪਿੰਡ ਭਾਗੋਮਾਜਰਾ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਵਿੱਚ ਬਜਰੀ ਨਾਲ ਭਰੇ ਟਰਾਲੇ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋ ਕਿਸਾਨਾਂ ਸੁਖਦੇਵ ਸਿੰਘ ਅਤੇ ਦੀਪ ਸਿੰਘ ਮੌਤ ਹੋ ਗਈ। ਇਸ ਹਾਦਸੇ ਵਿੱਚ ਉਨ੍ਹਾਂ ਸਮੇਤ ਪਵਨ ਕੁਮਾਰ, ਭਾਗ ਸਿੰਘ ਸਾਬਕਾ ਸਰਪੰਚ, ਮੂਲਾ ਰਾਮ, ਮਹੀਪਾਲ ਸਿੰਘ, ਦਿਲਬਾਗ ਸਿੰਘ ਵਾਸੀ ਪਿੰਡ ਰੰਗੀਆਂ ਅਤੇ ਸੁਖਦਰਸ਼ਨ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਟੈਂਪੂ ਚਾਲਕ ਦੇ ਦੱਸਣ ਅਨੁਸਾਰ ਟਰਾਲਾ ਗਲਤ ਸਾਈਡ ਤੋਂ ਆ ਰਿਹਾ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਮਨਪ੍ਰੀਤ ਸਿੰਘ, ਮਹੀਪਾਲ ਅਤੇ ਸੁਖਦਰਸ਼ਨ ਸਿੰਘ ਨੂੰ ਪੀਜੀਆਈ ਅਤੇ ਮੂਲਾਰਾਮ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਰੈਫ਼ਰ ਕੀਤਾ ਗਿਆ ਹੈ। ਉਧਰ, ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਅਤੇ ਸਰਕਾਰੀ ਹਸਪਤਾਲ ਵਿੱਚ ਪਹੁੰਚੇ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸੜਕ ਹਾਦਸੇ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਰਾਹਤ ਫੰਡ ’ਚੋਂ ਤੁਰੰਤ 15 ਲੱਖ ਰੁਪਏ ਦਿੱਤੇ ਜਾਣ। ਪੀੜਤ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਜ਼ਖ਼ਮੀ ਕਿਸਾਨਾਂ ਦਾ ਮੁਫ਼ਤ ਇਲਾਜ ਅਤੇ 5-5 ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਜਾਵੇ। ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂ ਸੁਰਿੰਦਰ ਸਿੰਘ ਲੁਹਾਰੀ, ਦਵਿੰਦਰ ਸਿੰਘ ਦੇਹਕਲਾਂ, ਜਸਵੀਰ ਸਿੰਘ ਘੋਗਾ, ਬਲਜਿੰਦਰ ਸਿੰਘ ਭਜੋਲੀ, ਬਹਾਦਰ ਸਿੰਘ ਨਿਆਮੀਆਂ, ਹਰਵਿੰਦਰ ਸਿੰਘ, ਗੁਰਜੰਟ ਸਿੰਘ ਪੋਪਨਾ, ਰਾਜਵੀਰ ਸਿੰਘ ਨੰਗਲ ਅਤੇ ਸਰਬਜੀਤ ਸਿੰਘ ਸਰਪੰਚ ਪੋਪਨਾ ਹਾਜ਼ਰ ਸਨ। ਸੋਹਾਣਾ ਥਾਣਾ ਦੇ ਐਸਐਚਓ ਦਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਬੰਧੀ ਟੈਂਪੂ ਚਾਲਕ ਦੇ ਬਿਆਨਾਂ ’ਤੇ ਟਰਾਲੇ ਦੇ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਤੁਰੰਤ ਬਾਅਦ ਟਰਾਲਾ ਚਾਲਕ ਫਰਾਰ ਦੱਸਿਆ ਜਾ ਰਿਹਾ ਹੈ। ਪੁਲੀਸ ਨੇ ਦੋਵੇਂ ਹਾਦਸਾ ਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ