
ਭਗਵੰਤ ਮਾਨ ਆਪਣੀ ਪਤਨੀ ਨਾਲ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ’ਚ ਹੋਏ ਨਤਮਸਤਕ
ਮੁੱਖ ਮੰਤਰੀ ਨੇ ਪਰਿਵਾਰ ਸਮੇਤ ਸਰਬੱਤ ਦੇ ਭਲੇ ਦੀ ਕਰਵਾਈ ਅਰਦਾਸ, ਸ਼ਬਦ ਕੀਰਤਨ ਸੁਣਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਸਾਲ ਦੀ ਆਮਦ ’ਤੇ ਐਤਵਾਰ ਨੂੰ ਸਵੇਰੇ ਕਰੀਬ ਪੌਣੇ 10 ਵਜੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ। ਦੋਵਾਂ ਜੀਆਂ ਨੇ ਦੇਗ ਕਰਵਾਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨੇ ਅੱਧੇ ਘੰਟੇ ਤੋਂ ਵੱਧ ਸਮਾਂ ਗੁਰੂ ਘਰ ਵਿੱਚ ਬੈਠ ਕੇ ਸ਼ਬਦ ਕੀਰਤਨ ਵੀ ਸੁਣਿਆ ਅਤੇ ਗੁਰਦੁਆਰਾ ਪਹੁੰਚੇ ਸ਼ਰਧਾਲੂਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਪਾਉਣ ਦੀ ਗੱਲ ਕਹੀ।

ਇਸ ਮੌਕੇ ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ, ਮੁਹਾਲੀ ਦੇ ਐਸਐਸਪੀ ਡਾ. ਸੰਦੀਪ ਗਰਗ, ਐਸਪੀ ਜਗਜੀਤ ਸਿੰਘ ਜੱਲਾ ਅਤੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਹੋਰ ਨੁਮਾਇੰਦੇ ਵੀ ਮੌਜੂਦ ਸਨ। ਇਸ ਮੌਕੇ ਗੁਰਦੁਆਰਾ ਕਮੇਟੀ ਨੇ ਮੁੱਖ ਮੰਤਰੀ ਅਤੇ ਪਤਨੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਜਦੋਂਕਿ ਗੁਰੂਘਰ ਪਹੁੰਚੀ ਸੰਗਤ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਦਾ ਸਵਾਗਤ ਕੀਤਾ। ਨਾਲ ਹੀ ਮੁੱਖ ਮੰਤਰੀ ਨੇ ਸਮੁੱਚੀ ਦਾ ਧੰਨਵਾਦ ਕੀਤਾ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਮੇਂ ਸਮੇਂ ’ਤੇ ਵੱਡੀਆਂ ਸ਼ਖ਼ਸੀਅਤਾਂ ਸਿੰਘ ਸ਼ਹੀਦਾਂ ਦੇ ਇਸ ਪਵਿੱਤਰ ਅਸਥਾਨ ’ਤੇ ਨਤਮਸਤਕ ਹੋਣ ਆਉਂਦੇ ਹਨ ਅਤੇ ਆਪਣੇ ਪਰਿਵਾਰਾਂ ਦੀ ਸੁੱਖ ਮੰਨਦਿਆਂ ਸਰਬੱਤ ਦੇ ਭਲੇ ਲਈ ਵੀ ਅਰਦਾਸਾਂ ਕਰਵਾਉਂਦੇ ਹਨ। ਇਲਾਕੇ ਵਿੱਚ ਇਸ ਇਤਿਹਾਸਕ ਅਸਥਾਨ ਬਹੁਤ ਮਹਾਨਤਾ ਹੈ।