
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਪ੍ਰਬੰਧ ਪੰਜਾਬ ਨੂੰ ਦੇਵੇ ਕੇਂਦਰ ਸਰਕਾਰ: ਕਾਹਲੋਂ
ਨਬਜ਼-ਏ-ਪੰਜਾਬ, ਮੁਹਾਲੀ, 17 ਅਗਸਤ:
ਮੁਹਾਲੀ ਦੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਪ੍ਰਬੰਧ ਪੰਜਾਬ ਨੂੰ ਦਿੱਤਾ ਜਾਵੇ ਤਾਂ ਜੋ ਬੋਰਡ ’ਤੇ ਕਾਬਜ਼ ਅਧਿਕਾਰੀ ਪੰਜਾਬ ਦੇ ਲੋਕਾਂ ਦੇ ਹਿੱਤਾ ਦਾ ਧਿਆਨ ਰੱਖਦਿਆਂ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਓ ਲਈ ਅਗਾਊਂ ਠੋਸ ਕਦਮ ਚੁੱਕੇ ਜਾ ਸਕਣ ਕਿਉਂਕਿ ਬਾਹਰੀ ਰਾਜਾਂ ਦੇ ਅਧਿਕਾਰੀਆਂ ਨੂੰ ਪੰਜਾਬ ਨਾਲ ਕੋਈ ਮੋਹ ਨਹੀਂ ਹੈ।
ਭਾਖੜਾ ਅਤੇ ਪੌਂਗ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਆਏ ਹੜ੍ਹਾਂ ਦੀ ਸਥਿਤੀ ਬਾਰੇ ਗੱਲ ਕਰਦਿਆਂ ਪਰਮਜੀਤ ਕਾਹਲੋਂ ਨੇ ਕਿਹਾ ਕਿ ਬੋਰਡ ਵਿੱਚ ਪੰਜਾਬ ਕੋਲ ਪ੍ਰਬੰਧਕੀ ਤਾਕਤਾਂ ਨਾ ਹੋਣ ਕਾਰਨ ਇਹ ਨੁਕਸਾਨ ਹੋਇਆ ਹੈ। ਹਾਲਾਂਕਿ ਮੌਸਮ ਵਿਭਾਗ ਵੱਲੋਂ ਲਗਾਤਾਰ ਚਿਤਾਵਨੀਆਂ ਦਿੱਤੀਆਂ ਜਾਂਦੀਆਂ ਰਹੀਆਂ ਹਨ ਪ੍ਰੰਤੂ ਇਸ ਦੇ ਬਾਵਜੂਦ ਅਧਿਕਾਰੀਆਂ ਵੱਲੋਂ ਡੈਮਾਂ ਵਿੱਚ ਪੂਰਾ ਪਾਣੀ ਭਰਨ ਦਿੱਤਾ ਜਾਂਦਾ ਰਿਹਾ ਅਤੇ ਅਤੇ ਬਾਅਦ ਵਿੱਚ ਪਹਾੜਾਂ ’ਤੇ ਪਏ ਭਾਰੀ ਮੀਂਹ ਕਾਰਨ ਹਾਲਾਤ ਕਾਬੂ ਤੋਂ ਬਾਹਰ ਹੋ ਗਏ ਹਨ।
ਸਾਬਕਾ ਕੌਂਸਲਰ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਪੰਜਾਬੀਆਂ ਨੂੰ ਹੀ ਸਹਿਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਦੇ ਅਧਿਕਾਰੀਆਂ ਨੂੰ ਪੰਜਾਬ ਦਾ ਕੋਈ ਦਰਦ ਨਹੀਂ ਹੈ, ਬਲਕਿ ਉਨ੍ਹਾਂ ਵੱਲੋਂ ਵੱਧ ਤੋਂ ਵੱਧ ਪਾਣੀ ਇਕੱਠਾ ਕਰਕੇ ਰੱਖਣ ਨੂੰ ਤਰਜੀਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਅਧਿਕਾਰੀ ਕਦੇ ਵੀ ਪੰਜਾਬ ਦੇ ਹਿੱਤਾਂ ਅਨੁਸਾਰ ਫੈਸਲੇ ਨਹੀਂ ਲੈਂਦੇ ਹਨ ਅਤੇ ਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਭਾਖੜਾ ਵਿਆਸ ਮੈਨੇਜਮੈਂਟ ਬੋਰਡ ਦਾ ਪ੍ਰਬੰਧ ਪੰਜਾਬ ਦੇ ਹੱਥਾਂ ਵਿੱਚ ਹੋਣਾ ਬਹੁਤ ਜ਼ਰੂਰੀ ਹੈ।