
ਭਾਖੜਾ ਬਿਆਸ ਮੈਨੇਜਮੈਂਟ ਬੋਰਡ: ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਵਿਰੁੱਧ ਸੰਘਰਸ਼ ਵਿੱਢੇਗੀ ‘ਆਪ’
ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਨੇ ਡੀਸੀ ਮੁਹਾਲੀ ਰਾਹੀਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਭੇਜਿਆ
ਬਦਲਾ-ਖੋਰੀ ਦੀ ਰਾਜਨੀਤੀ ’ਤੇ ਉਤਰੀ ਭਾਜਪਾ ਸਰਕਾਰ: ਪ੍ਰਭਜੋਤ ਕੌਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਾਰਚ:
ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਅਤੇ ਜ਼ਿਲ੍ਹਾ ਪ੍ਰਧਾਨ ਮਾਲਵਿੰਦਰ ਸਿੰਘ ਕੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਤੋਂ ਪੰਜਾਬ ਨਾਲ ਮਤਰੇਈ ਮਾਂ ਵਰਗਾ ਵਤੀਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਫੈਡਰਲ ਢਾਂਚੇ ਦੀ ਪ੍ਰਵਾਹ ਕੀਤੇ ਬਿਨਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚੋਂ ਪੰਜਾਬ ਦੀ ਦਾਅਵੇਦਾਰੀ ਖ਼ਤਮ ਕੀਤੀ ਗਈ ਅਤੇ ਬਾਹਰਲੇ ਸੂਬਿਆਂ ਤੋਂ ਅਫ਼ਸਰ ਲਿਆ ਕਿ ਪੰਜਾਬ ਦੇ ਜਮਹੂਰੀ ਹੱਕ ਖੋਹੇ ਜਾ ਰਹੇ ਹਨ। ਕੇਂਦਰ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਆਮ ਆਦਮੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਕੇਂਦਰ ਦੀ ਤਾਨਾਸ਼ਾਹੀ ਵਿਰੁੱਧ ਆਪ ਪਾਰਟੀ ਸੂਬੇ ਵਿੱਚ ਜਨ ਅੰਦੋਲਨ ਸ਼ੁਰੂ ਕਰੇਗੀ। ਇਸ ਤੋਂ ਪਹਿਲਾਂ ‘ਆਪ’ ਆਗੂਆਂ ਅਤੇ ਵਲੰਟੀਅਰਾਂ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੂੰ ਮੰਗ ਪੱਤਰ ਸੌਂਪਿਆ।
ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਭਜੋਤ ਕੌਰ ਨੇ ਕਿਹਾ ਕਿ ਜਦ ਤੋਂ ਕਿਸਾਨੀ ਸੰਘਰਸ਼ ਅੱਗੇ ਕੇਂਦਰ ਸਰਕਾਰ ਨੂੰ ਝੁਕ ਕੇ ਕਾਲੇ ਖੇਤੀ ਕਾਨੂੰਨ ਵਾਪਸ ਕਰਵਾਏ ਗਏ ਹਨ ਅਤੇ ਪੰਜਾਬ ਦੇ ਲੋਕਾਂ ਨੇ ਭਾਜਪਾ ਖ਼ਿਲਾਫ਼ ਇਕ ਤਰਫਾ ਫੈਸਲਾ ਕੀਤਾ ਹੈ, ਉਦੋਂ ਤੋਂ ਕੇਂਦਰ ਵੱਲੋਂ ਪੰਜਾਬ ’ਤੇ ਮੈਲੀ ਅੱਖ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਹੱਕ ਖੋਹ ਕੇ ਸੂਬੇ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣਾ ਚਾਹੁੰਦੀ ਹੈ, ਇਸੇ ਲੜੀ ਤਹਿਤ ਭਾਖੜਾ ਡੈਮ ਕਮੇਟੀ ’ਚੋਂ ਪੰਜਾਬ ਨੂੰ ਬਾਹਰ ਕੀਤਾ ਗਿਆ ਹੈ।
ਆਪ ਆਗੂ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਵੀ ਪੰਜਾਬ ਦਾ ਗੁੱਸਾ ਹੰਢਾ ਚੁੱਕੀ ਹੈ। ਲਿਹਾਜ਼ਾ ਕੇਂਦਰ ਹੁਣ ਇਸ ਮੁੱਦੇ ’ਤੇ ਪੰਜਾਬ ਨਾਲ ਧੱਕਾ ਕਰਨ ਦਾ ਪੰਗਾ ਨਾ ਲਵੇ। ਵਪਾਰ ਮੰਡਲ ਪੰਜਾਬ ਦੇ ਸੂਬਾ ਪ੍ਰਧਾਨ ਵਿਨੀਤ ਵਰਮਾ ਨੇ ਕਿਹਾ ਅੱਜ ਡੀਸੀ ਰਾਹੀਂ ਮੰਗ ਪੱਤਰ ਦੇ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਦਰਜ ਕਰਵਾਇਆ ਗਿਆ ਹੈ। ਜੇਕਰ ਕੇਂਦਰ ਸਰਕਾਰ ਨੇ ਇਸ ਸਬੰਧੀ ਤੁਰੰਤ ਆਪਣਾ ਤਾਨਾਸ਼ਾਹੀ ਫੈਸਲਾ ਵਾਪਸ ਨਹੀਂ ਲਿਆ ਤਾਂ ਆਪ ਵੱਲੋਂ ਵੱਡੇ ਪੱਧਰ ’ਤੇ ਇਸ ਬੇਇਨਸਾਫ਼ੀ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ ਅਤੇ ਪੰਜਾਬ ਦੇ ਹੱਕਾਂ ਨਾਲ ਖਿਲਵਾੜ ਕਰਨ ਨਹੀਂ ਦਿੱਤਾ ਜਾਵੇਗਾ।

ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਡਾ. ਸੰਨੀ ਆਹਲੂਵਾਲੀਆ, ਬਹਾਦਰ ਸਿੰਘ ਚਾਹਲ, ਜਗਦੇਵ ਸਿੰਘ ਮਲੋਆ, ਜਸਪਾਲ ਸਿੰਘ, ਯੂਥ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਅਨੂ ਬੱਬਰ, ਸਵਰਨ ਲਤਾ, ਗੁਰਮੁੱਖ ਸਿੰਘ ਮਾਨ, ਬਲਜੀਤ ਚੰਦ, ਸੁਰਿੰਦਰ ਸਿੰਘ ਮਟੌਰ ਸਮੇਤ ਹੋਰ ਆਗੂ ਅਤੇ ਵਲੰਟੀਅਰ ਹਾਜ਼ਰ ਸਨ।