
ਭਾਰਤ ਬੰਦ: ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਕਿਸਾਨਾਂ ਨੇ ਲਗਾਇਆ ਜਾਮ
ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਜਾਣ ਵਾਲੇ ਸਾਰੇ ਪ੍ਰੋਗਰਾਮਾਂ ਨੂੰ ਲਾਗੂ ਕਰਾਂਗੇ: ਪਰਵਿੰਦਰ ਸੋਹਾਣਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ’ਤੇ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਲੇਬਰਫੈੱਡ ਪੰਜਾਬ ਦੇ ਸਾਬਕਾ ਐਮਡੀ ਅਤੇ ਆਜ਼ਾਦ ਗਰੁੱਪ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਏਅਰਪੋਰਟ ਸੜਕ ’ਤੇ ਚੱਕਾ ਜਾਮ ਕੀਤਾ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਚਾਰ ਮਹੀਨੇ ਬੀਤ ਚੁੱਕੇ ਹਨ ਪ੍ਰੰਤੂ ਦੇਸ਼ ਦੇ ਹੁਕਮਰਾਨ ਕਿਸਾਨਾਂ ਤੇ ਮਜ਼ਦੂਰਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਇਨਸਾਫ਼ ਪ੍ਰਾਪਤੀ ਤੱਕ ਕਿਸਾਨ ਅੰਦੋਲਨ ਲਗਾਤਾਰ ਜਾਰੀ ਰਹੇਗਾ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਜਾਣ ਵਾਲੇ ਸਾਰੇ ਪ੍ਰੋਗਰਾਮਾਂ ਨੂੰ ਲਾਗੂ ਕੀਤਾ ਜਾਵੇਗਾ। ਇਸ ਮੌਕੇ ਨੰਬਰਦਾਰ ਹਰਵਿੰਦਰ ਸਿੰਘ, ਮਹਿੰਦਰ ਸਿੰਘ ਸੋਹਾਣਾ, ਹਰਜੀਤ ਸਿੰਘ ਮਾਨ, ਕੁਲਦੀਪ ਕੌਰ, ਬਲਾਕ ਸਮਿਤੀ ਦੀ ਸਾਬਕਾ ਮੈਂਬਰ ਬਲਵੀਰ ਕੌਰ ਬੈਦਵਾਨ, ਕੌਂਸਲਰ ਹਰਜਿੰਦਰ ਕੌਰ ਸੋਹਾਣਾ, ਅਮਨਦੀਪ ਸਿੰਘ ਅਬਿਆਣਾ, ਸਾਬਕਾ ਪ੍ਰਧਾਨ ਸੰਤ ਸਿੰਘ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਵੀ ਹਾਜ਼ਰ ਸਨ।