ਭਾਰਤਮਾਲਾ ਪ੍ਰਾਜੈਕਟ: ਅਫ਼ਸਰਸ਼ਾਹੀ ਕਮਿਸ਼ਨ ਖਾਣ ਦੇ ਚੱਕਰ ਵਿੱਚ ਕਿਸਾਨਾਂ ਦਾ ਗਲਾ ਘੁੱਟਣ ’ਤੇ ਉਤਾਰੂ: ਲੱਖੋਵਾਲ

ਮੁੱਖ ਮੰਤਰੀ ਨਾਲ ਮੀਟਿੰਗ ਦੇ ਭਰੋਸੇ ਕਾਰਨ ਡੀਸੀ ਦਫ਼ਤਰ ਦੀ ਤਾਲਾਬੰਦੀ ਦਾ ਫ਼ੈਸਲਾ ਐਨ ਮੌਕੇ ਮੁਲਤਵੀ

ਧਰਨਾ ਪ੍ਰਦਰਸ਼ਨ ਦੌਰਾਨ ਕਿਸਾਨਾਂ ਤੇ ਪੁਲੀਸ ਅਫ਼ਸਰਾਂ ਵਿੱਚ ਤਲਖ਼ੀ, ਤਣਾਅ ਪੈਦਾ ਹੁੰਦੇ ਹੁੰਦੇ ਮਸਾਂ ਹੋਇਆ ਬਚਾਅ

ਕਿਸਾਨਾਂ ਦੇ ਡੀਸੀ ਦਫ਼ਤਰ ਦੇ ਬਾਹਰ ਲੜੀਵਾਰ ਧਰਨਾ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਨੈਸ਼ਨਲ ਹਾਈਵੇਅ ਅਥਾਰਟੀ ਨਵੀਂ ਦਿੱਲੀ ਵੱਲੋਂ ਮੁਹਾਲੀ ਤੋਂ ਕੁਰਾਲੀ ਤੱਕ ਬਣਾਏ ਜਾਣ ਵਾਲੇ ਕੌਮੀ ਮਾਰਗ ਲਈ ਕੁਲੈਕਟਰ ਰੇਟ ਨੂੰ ਆਧਾਰ ਬਣਾ ਕੇ ਘੱਟ ਕੀਮਤ ’ਤੇ ਜ਼ਮੀਨਾਂ ਐਕਵਾਇਰ ਕਰਨ ਵਿਰੁੱਧ ਕਿਸਾਨਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਸੰਯੁਕਤ ਰੋਡ ਕਿਸਾਨ ਕਮੇਟੀ ਵੱਲੋਂ ਅੱਜ ਡੀਸੀ ਦਫ਼ਤਰ ਦੇ ਸਾਰੇ ਗੇਟਾਂ ਦੀ ਤਾਲਾਬੰਦੀ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ ਸਵੇਰੇ ਤੋਂ ਪਿੰਡਾਂ ’ਚੋਂ ਕਿਸਾਨ ਮੁਹਾਲੀ ਪਹੁੰਚਣੇ ਸ਼ੁਰੂ ਹੋ ਗਏ ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਕਾਰਵਾਈ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਸ਼ਾਂਤ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂਆਂ ਦੀ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦੇਣ ਕਾਰਨ ਕਿਸਾਨਾਂ ਨੇ ਡੀਸੀ ਦਫ਼ਤਰ ਦੀ ਤਾਲਾਬੰਦੀ ਦਾ ਫ਼ੈਸਲਾ ਐਨ ਮੌਕੇ ਮੁਲਤਵੀ ਕਰ ਦਿੱਤਾ। ਉਂਜ ਡੀਸੀ ਦਫ਼ਤਰ ਦੇ ਬਾਹਰ ਲੜੀਵਾਰ ਧਰਨਾ ਜਾਰੀ ਹੈ। ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਧਰਨੇ ਵਿੱਚ ਪਹੁੰਚ ਕੇ ਸੰਘਰਸ਼ਸ਼ੀਲ ਕਿਸਾਨਾਂ ਦਾ ਹੌਸਲਾ ਵਧਾਇਆ।
ਉਧਰ, ਅੱਜ ਜਿਵੇਂ ਹੀ ਕਿਸਾਨ ਪੜਤਾਲ ਕੈਂਪਸ ਤੋਂ ਅੱਗੇ ਵਧ ਕੇ ਡੀਸੀ ਦਫ਼ਤਰ ਦੇ ਬਿਲਕੁਲ ਐਂਟਰੀ ਪੁਆਇੰਟ ’ਤੇ ਦਰੀਆ ਵਿਛਾ ਕੇ ਧਰਨੇ ’ਤੇ ਬੈਠੇ ਤਾਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਚ ਤੋਂ ਪੰਜਾਬ ਪੁਲੀਸ ’ਤੇ ਨਿਸ਼ਾਨੇ ਸਾਧਦਿਆਂ ਗੈਂਗਸਟਰਾਂ ਨੂੰ ਫੜਨ ਦੀ ਬਿਜਾਏ ਇਨਸਾਫ਼ ਮੰਗ ਰਹੇ ਕਿਸਾਨਾਂ ਨੂੰ ਕੁੱਟਣ ਦੀਆਂ ਵਿਊਂਤ ਘੜਨ ਦੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ। ਇਹੀ ਨਹੀਂ ਇਕ ਕਿਸਾਨ ਨੇ ਪੁਲੀਸ ਮੁਲਾਜ਼ਮ ’ਤੇ ਠੁੱਡੇ ਮਾਰਨ ਦਾ ਵੀ ਕਥਿਤ ਦੋਸ਼ ਲਾਇਆ। ਜਿਸ ਕਾਰਨ ਮਾਹੌਲ ਕਾਫ਼ੀ ਭਖ ਗਿਆ। ਲੇਕਿਨ ਮੌਕੇ ’ਤੇ ਮੌਜੂਦ ਕੁੱਝ ਸੂਝਵਾਨ ਆਗੂਆਂ ਦੇ ਦਖ਼ਲ ਨਾਲ ਮਾਮਲਾ ਠੰਢਾ ਹੋ ਗਿਆ। ਇਸ ਮਗਰੋਂ ਸਾਰੇ ਕਿਸਾਨ ਵਾਪਸ ਧਰਨੇ ਵਾਲੀ ਥਾਂ ’ਤੇ ਆ ਕੇ ਬੈਠ ਗਏ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਮੁਹਾਲੀ ਸਮੇਤ ਪੁਰੇ ਪੰਜਾਬ ਵਿੱਚ ਹੁਕਮਰਾਨ ਕੌਡੀਆਂ ਦੇ ਭਾਅ ਕਿਸਾਨ ਦੀਆਂ ਜ਼ਮੀਨਾਂ ਐਕਵਾਇਰ ਕਰਨ ਦੀ ਤਾਕ ਵਿੱਚ ਹਨ। ਉਨ੍ਹਾਂ ਕਿਹਾ ਕਿ ਅਫ਼ਸਰਸ਼ਾਹੀ ਵੱਲੋਂ ਕਮਿਸ਼ਨ ਖਾਣ ਦੇ ਚੱਕਰ ਵਿੱਚ ਕਿਸਾਨਾਂ ਦਾ ਸ਼ਰ੍ਹੇਆਮ ਗਲਾ ਘੁੱਟਿਆਂ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਕਿਸੇ ਵੀ ਪ੍ਰਾਜੈਕਟ ਲਈ ਮੌਜੂਦਾ ਮਾਰਕੀਟ ਰੇਟ ’ਤੇ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਅਤੇ ਜ਼ਮੀਨ ਮਾਲਕਾਂ ਨੂੰ ਵੱਖਰੇ ਤੌਰ ’ਤੇ ਉਜਾੜਾ ਭੱਤਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਨੇ ਵੀ ਖਾਨਾਪੂਰਤੀ ਹੀ ਕੀਤੀ ਹੈ। ਲੱਖੋਵਾਲ ਨੇ ਕਿਹਾ ਕਿ ਕਿਸਾਨ ਯੂਨੀਅਨ ਨੇ ਚੰਡੀਗੜ੍ਹ ਦੀ ਜੂਹ ਵਿੱਚ ਵੱਡੇ ਸਿਆਸਤਦਾਨਾਂ ਅਤੇ ਉੱਚ ਅਫ਼ਸਰਾਂ ਵੱਲੋਂ ਗਲਤ ਤਰੀਕੇ ਨਾਲ ਦੱਬੀ 25 ਏਕੜ ਜ਼ਮੀਨ ਛੁਡਾਉਣ ਦੀ ਮੰਗ ਕੀਤੀ ਗਈ ਹੈ ਪ੍ਰੰਤੂ ਰਸੂਖਵਾਨਾਂ ਦੇ ਕਬਜ਼ੇ ਵਾਲੀ ਜ਼ਮੀਨ ਛੁਡਾਉਣ ਦੀ ਥਾਂ ਕਿਸਾਨ ਕਿਸਾਨਾਂ ਤੋਂ ਉਹ ਜ਼ਮੀਨਾਂ ਖੋਹਣ ਦੇ ਰਾਹ ਪੈ ਗਈ। ਜਿਸ ਬੰਜਰ ਜ਼ਮੀਨ ਨੂੰ ਉਨ੍ਹਾਂ ਨੇ ਹੱਡਭੰਨਣੀ ਮਿਹਨਤ ਕਰਕੇ ਵਾਹੀਯੋਗ ਬਣਾਇਆ ਸੀ।

ਜਥੇਦਾਰ ਸਿਰਸਾ ਨੇ ਕਿਹਾ ਕਿ ਸਰਕਾਰਾਂ ਸ਼ੁਰੂ ਤੋਂ ਹੀ ਕਿਸਾਨਾਂ ਨਾਲ ਧੱਕੇਸ਼ਾਹੀ ਕਰਦੀਆਂ ਆ ਰਹੀਆਂ ਹਨ। ਇਸ ਲਈ ਅੰਨਦਾਤਾ ਨੂੰ ਆਪਣੇ ਹੱਕ ਲੈਣ ਲਈ ਜਾਗਰੂਕ ਹੋਣ ਦੇ ਨਾਲ-ਨਾਲ ਲੰਮੇ ਸੰਘਰਸ਼ ਵਿੱਢਣ ਲਈ ਤਿਆਰ ਹੋਣਾ ਪਵੇਗਾ। ਧਰਨੇ ਨੂੰ ਕਿਸਾਨ ਆਗੂ ਰਣਬੀਰ ਸਿੰਘ ਗਰੇਵਾਲ, ਜਸਪਾਲ ਸਿੰਘ ਨਿਆਮੀਆਂ, ਗੁਰਨਾਮ ਸਿੰਘ ਦਾਊਂ, ਰਾਣਾ ਕਰਮਜੀਤ ਸਿੰਘ ਝੰਜੇੜੀ, ਲਖਵਿੰਦਰ ਸਿੰਘ ਕਰਾਲਾ, ਦਵਿੰਦਰ ਸਿੰਘ ਦੇਹਕਲਾਂ ਅਤੇ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਕਮਲਜੀਤ ਸਿੰਘ ਲਾਂਡਰਾਂ, ਗੁਰਮੁੱਖ ਸਿੰਘ ਨਿਊ ਲਾਂਡਰਾਂ, ਨੰਬਰਦਾਰ ਯੂਨੀਅਨ ਦੇ ਪ੍ਰਧਾਨ ਸਤਨਾਮ ਸਿੰਘ ਲਾਂਡਰਾਂ, ਬਲਜਿੰਦਰ ਸਿੰਘ ਸੇਖਪੁਰਾ ਕਲਾਂ, ਜੱਗੀ ਡਕੌਂਦਾ, ਜਸਵੰਤ ਸਿੰਘ, ਅੰਗਰੇਜ਼ ਸਿੰਘ, ਹਰਿੰਦਰ ਸਿੰਘ, ਜੱਸੀ ਸੋਹਾਣਾ, ਹਰਦੀਪ ਸਿੰਘ, ਕੁਲਦੀਪ ਸਿੰਘ, ਹਰਵਿੰਦਰ ਸਿੰਘ, ਜਸਵੀਰ ਸਿੰਘ, ਮੇਜਰ ਸਿੰਘ, ਪਰਮਵੀਰ ਸਿੰਘ, ਸ਼ਮਸ਼ੇਰ ਸਿੰਘ ਵੀ ਮੌਜੂਦ ਸਨ।

Load More Related Articles

Check Also

ਭਾਰਤੀ ਕਮਿਊਨਿਸ਼ਟ ਪਾਰਟੀ, ਬੁੱਧੀਜੀਵੀਆਂ ਅਤੇ ਹੋਰਨਾਂ ਜਥੇਬੰਦੀਆਂ ਵੱਲੋਂ ਗਰੀਬ ਲੋਕਾਂ ਦੇ ਮੁੱਦਿਆਂ ‘ਤੇ ਸੰਘਰਸ਼ ਦਾ ਐਲਾਨ

ਭਾਰਤੀ ਕਮਿਊਨਿਸ਼ਟ ਪਾਰਟੀ, ਬੁੱਧੀਜੀਵੀਆਂ ਅਤੇ ਹੋਰਨਾਂ ਜਥੇਬੰਦੀਆਂ ਵੱਲੋਂ ਗਰੀਬ ਲੋਕਾਂ ਦੇ ਮੁੱਦਿਆਂ ‘…