
ਭਾਰਤਮਾਲਾ ਪ੍ਰਾਜੈਕਟ: ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ
ਸੰਗਰੂਰ ਜ਼ਿਮਨੀ ਚੋਣ ਤੋਂ ਬਾਅਦ ਮਸਲੇ ਦਾ ਹੱਲ ਨਾ ਕਰਨ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ
ਡੀਸੀ ਦਫ਼ਤਰ ਮੁਹਾਲੀ ਦੇ ਬਾਹਰ ਕਿਸਾਨਾਂ ਦਾ ਲੜੀਵਾਰ ਧਰਨਾ 34ਵੇਂ ਦਿਨ ’ਚ ਦਾਖ਼ਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ:
ਨੈਸ਼ਨਲ ਹਾਈਵੇਅ ਅਥਾਰਟੀ ਨਵੀਂ ਦਿੱਲੀ (ਐਨਐਚਆਈ) ਵੱਲੋਂ ਭਾਰਤਮਾਲਾ ਪ੍ਰਾਜੈਕਟ ਤਹਿਤ ਮੁਹਾਲੀ ਤੋਂ ਕੁਰਾਲੀ ਤੱਕ ਬਣਾਏ ਜਾਣ ਵਾਲੇ ਕੌਮੀ ਮਾਰਗ ਲਈ ਘੱਟ ਕੀਮਤ ’ਤੇ ਜ਼ਮੀਨਾਂ ਐਕਵਾਇਰ ਕਰਨ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਅੱਜ ਇਲਾਕੇ ਕਿਸਾਨਾਂ ਨੇ ਡੀਸੀ ਦਫ਼ਤਰ ਮੁਹਾਲੀ ਦੇ ਬਾਹਰ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਹੁਕਮਰਾਨਾਂ ਸਮੇਤ ਐਨਐਚਆਈ ਅਤੇ ਜ਼ਿਲ੍ਹਾ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨਿਆਮੀਆਂ ਨੇ ਕੀਤੀ। ਉਧਰ, ਰੋਡ ਸੰਯੁਕਤ ਕਿਸਾਨ ਕਮੇਟੀ ਦੇ ਬੈਨਰ ਹੇਠ ਮੁਹਾਲੀ ਵਿਖੇ ਡੀਸੀ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਸੋਮਵਾਰ ਨੂੰ 34ਵੇਂ ਦਿਨ ਵਿੱਚ ਦਾਖ਼ਲ ਹੋ ਗਿਆ।
ਇਸ ਮੌਕੇ ਕਿਸਾਨ ਆਗੂ ਜਸਪਾਲ ਸਿੰਘ ਨਿਆਮੀਆਂ, ਹਰਮਿੰਦਰ ਸਿੰਘ ਅਤੇ ਕਿਸਾਨ ਯੂਨੀਅਨ (ਡਕੌਂਦਾ) ਦੇ ਸਲਾਹਕਾਰ ਅੰਗਰੇਜ਼ ਸਿੰਘ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਭਾਰਤਮਾਲਾ ਪ੍ਰਾਜੈਕਟ ਦੇ ਤਹਿਤ ਬਣਾਏ ਜਾਣ ਵਾਲੇ ਪ੍ਰਸਤਾਵਿਤ ਐਨਐਚ-205-ਏ ਲਈ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਇਲਾਕੇ ਦੇ ਕਿਸਾਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਐਕਵਾਇਰ ਕਰਨ ਦੀ ਕੋਸ਼ਿਸ਼ ਕੀਤੀ ਰਹੀ ਹੈ। ਜਿਸ ਦੇ ਵਿਰੋਧ ਵਿੱਚ ਕਿਸਾਨ ਕਾਫ਼ੀ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਘੱਟ ਕੀਮਤ ’ਤੇ ਕਿਸਾਨ ਆਪਣੀ ਜ਼ਮੀਨ ਦਾ ਇੱਕ ਟੁਕੜਾ ਵੀ ਨਹੀਂ ਦੇਵੇਗਾ। ਉਨ੍ਹਾਂ ਕਿਹਾ ਕਿ ਬੀਤੀ 30 ਮਈ ਨੂੰ ਕਿਸਾਨਾਂ ਨੂੰ ਡੀਸੀ ਦਫ਼ਤਰ ਦੀ ਤਾਲਾਬੰਦੀ ਕਰਨ ਤੋਂ ਰੋਕਦਿਆਂ ਐਸਡੀਐਮ ਨੇ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਹੁਣ ਤੱਕ ਮੁੱਖ ਮੰਤਰੀ ਨੇ ਮੀਟਿੰਗ ਲਈ ਸਮਾਂ ਨਹੀਂ ਦਿੱਤਾ।
ਕਿਸਾਨਾਂ ਨੇ ਮੁੱਖ ਮੰਤਰੀ ਨੂੰ ਸੰਗਰੂਰ ਜ਼ਿਮਨੀ ਚੋਣ ਤੱਕ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਚੋਣਾਂ ਤੋਂ ਬਾਅਦ ਇਸ ਮਸਲੇ ਦਾ ਹੱਲ ਨਹੀਂ ਕੀਤਾ ਗਿਆ ਤਾਂ ਪੰਜਾਬ ਦੀ ਆਪ ਸਰਕਾਰ ਵਿਰੁੱਧ ਸੰਘਰਸ਼ ਸ਼ੁਰੂ ਕਰਨ ਲਈ ਰਣਨੀਤੀ ਉਲੀਕੀ ਜਾਵੇਗੀ।
ਇਸ ਮੌਕੇ ਕਿਸਾਨ ਆਗੂ ਰਵਿੰਦਰ ਸਿੰਘ ਦੇਹਕਲਾਂ, ਗੁਰਮੁੱਖ ਸਿੰਘ ਸਾਬਕਾ ਸਰਪੰਚ ਨਿਊ ਲਾਂਡਰਾਂ, ਰਾਣਾ ਕਰਮਜੀਤ ਸਿੰਘ ਝੰਜੇੜੀ, ਅਵਤਾਰ ਸਿੰਘ ਮਾਮੂਪੁਰ, ਸੁਰਿੰਦਰ ਸਿੰਘ ਦੁਸਾਰਨਾ, ਜਸਵਿੰਦਰ ਸਿੰਘ ਢੇਲਪੁਰ, ਹਰਜਿੰਦਰ ਸਿੰਘ ਮੱਛਲੀ ਖ਼ੁਰਦ, ਜਸਵੀਰ ਸਿੰਘ ਗੋਬਿੰਦਗੜ੍ਹ, ਹਰਵਿੰਦਰ ਸਿੰਘ ਗੁਡਾਣਾ, ਕੁਲਵੰਤ ਸਿੰਘ ਬਰੋਲੀ, ਰਾਜ ਸਿੰਘ ਚਡਿਆਲਾ, ਸ਼ਮਸ਼ੇਰ ਸਿੰਘ ਡੇਰਾਬੱਸੀ ਵੀ ਹਾਜ਼ਰ ਸਨ।