
ਭਾਰਤਮਾਲਾ ਪ੍ਰਾਜੈਕਟ: ਕਿਸਾਨਾਂ ਨੇ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ 24 ਘੰਟੇ ਦਾ ਅਲਟੀਮੇਟਮ
ਕਿਸਾਨਾਂ ਵੱਲੋਂ ਸੋਮਵਾਰ ਨੂੰ ਡੀਸੀ ਦਫ਼ਤਰ ਦੇ ਬਾਹਰ ਸਾੜਿਆ ਜਾਵੇਗਾ ਸਰਕਾਰ ਦਾ ਪੁਤਲਾ
ਡੀਸੀ ਦਫ਼ਤਰ ਮੁਹਾਲੀ ਦੇ ਬਾਹਰ ਕਿਸਾਨਾਂ ਦਾ ਲੜੀਵਾਰ ਧਰਨਾ 32ਵੇਂ ਦਿਨ ’ਚ ਦਾਖ਼ਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ:
ਭਾਰਤਮਾਲਾ ਪ੍ਰਾਜੈਕਟ ਦੇ ਤਹਿਤ ਨੈਸ਼ਨਲ ਹਾਈਵੇਅ ਅਥਾਰਟੀ ਨਵੀਂ ਦਿੱਲੀ (ਐਨਐਚਆਈ) ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਮੁਹਾਲੀ ਤੋਂ ਕੁਰਾਲੀ ਤੱਕ ਬਣਾਏ ਜਾਣ ਵਾਲੇ ਕੌਮੀ ਮਾਰਗ (ਐਨਐਚ-205ਏ) ਲਈ ਘੱਟ ਕੀਮਤ ’ਤੇ ਜ਼ਮੀਨਾਂ ਐਕਵਾਇਰ ਕਰਨ ਦਾ ਮਾਮਲਾ ਫਿਰ ਤੋਂ ਭਖਣਾ ਸ਼ੁਰੂ ਹੋ ਗਿਆ ਹੈ। ਰੋਡ ਸੰਯੁਕਤ ਕਿਸਾਨ ਕਮੇਟੀ ਦੇ ਬੈਨਰ ਥੱਲੇ ਇਲਾਕੇ ਦੇ ਕਿਸਾਨ ਪਿਛਲੇ 32 ਦਿਨਾਂ ਤੋਂ ਮੁਹਾਲੀ ਵਿੱਚ ਡੀਸੀ ਦਫ਼ਤਰ ਦੇ ਬਾਹਰ ਲੜੀਵਾਰ ਧਰਨੇ ’ਤੇ ਬੈਠੇ ਹਨ।
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨਿਆਮੀਆਂ, ਸੰਘਰਸ਼ ਕਮੇਟੀ ਦੇ ਆਗੂ ਰਣਬੀਰ ਸਿੰਘ ਗਰੇਵਾਲ, ਅਵਤਾਰ ਸਿੰਘ ਮਾਮੂਪੁਰ, ਹਰਵਿੰਦਰ ਸਿੰਘ ਗੁਡਾਣਾ ਅਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਬੀਤੀ 30 ਮਈ ਨੂੰ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਦੇ ਸਾਰੇ ਗੇਟਾਂ ਦੀ ਤਾਲਾਬੰਦੀ ਕਰਨ ਦੇ ਉਲੀਕੇ ਪ੍ਰੋਗਰਾਮ ਦੌਰਾਨ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਨੇ ਜਲਦੀ ਹੀ ਵੱਖ-ਵੱਖ ਜਥੇਬੰਦੀਆਂ ਦੇ ਮੋਹਰੀ ਆਗੂਆਂ ਦੀ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ। ਜਿਸ ਕਾਰਨ ਕਿਸਾਨਾਂ ਨੇ ਤਾਲਾਬੰਦੀ ਅਤੇ ਨਿੱਤ ਦਿਨ ਕੀਤੇ ਜਾਣ ਵਾਲੇ ਗੁਪਤ ਐਕਸ਼ਨ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਸੀ ਪ੍ਰੰਤੂ 18 ਦਿਨ ਬੀਤ ਜਾਣ ਦੇ ਬਾਵਜੂਦ ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਕਿਸਾਨਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਸੂਬਾ ਸਰਕਾਰ ਕੌਡੀਆਂ ਦੇ ਭਾਅ ਜ਼ਮੀਨਾਂ ਐਕਵਾਇਰ ਕਰਨਾ ਚਾਹੁੰਦੀ ਹੈ ਜਦੋਂਕਿ ਕਿਸਾਨ ਘੱਟ ਰੇਟ ’ਤੇ ਆਪਣੀ ਜ਼ਮੀਨ ਦਾ ਇੱਕ ਟੁਕੜਾ ਤੱਕ ਦੇਣ ਨੂੰ ਤਿਆਰ ਨਹੀਂ ਹਨ। ਉਨ੍ਹਾਂ ਨੇ ਸੂਬਾ ਸਰਕਾਰ ਅਤੇ ਮੁਹਾਲੀ ਪ੍ਰਸ਼ਾਸਨ ਨੂੰ 24 ਘੰਟੇ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਇਸ ਦੌਰਾਨ ਮੁੱਖ ਮੰਤਰੀ ਨੇ ਮੀਟਿੰਗ ਲਈ ਸਮਾਂ ਨਾ ਦਿੱਤਾ ਤਾਂ 20 ਜੂਨ ਨੂੰ ਰੋਸ ਵਜੋਂ ਡੀਸੀ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।
ਇਸ ਮੌਕੇ ਸੁਰਿੰਦਰ ਸਿੰਘ ਦੁਸਾਰਨਾ, ਜਸਵਿੰਦਰ ਸਿੰਘ ਢੇਲਪੁਰ, ਹਰਜਿੰਦਰ ਸਿੰਘ ਮੱਛਲੀ ਖ਼ੁਰਦ, ਜਸਵੀਰ ਸਿੰਘ ਗੋਬਿੰਦਗੜ੍ਹ, ਕੁਲਵੰਤ ਸਿੰਘ ਬਰੋਲੀ, ਰਾਜ ਸਿੰਘ ਚਡਿਆਲਾ, ਸ਼ਮਸ਼ੇਰ ਸਿੰਘ ਡੇਰਾਬੱਸੀ, ਰਾਣਾ ਕਰਮਜੀਤ ਸਿੰਘ ਝੰਜੇੜੀ, ਹਰਿੰਦਰ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।