ਭਾਰਤਮਾਲਾ ਪ੍ਰਾਜੈਕਟ: ਕੌਮੀ ਮਾਰਗ ਦੇ ਦੋਵੇਂ ਪਾਸੇ ਸਰਵਿਸ ਰੋਡ ਨਾ ਬਣਾਏ ਜਾਣ ਤੋਂ ਕਿਸਾਨ ਅੌਖੇ

ਕਿਸਾਨ ਯੂਨੀਅਨ ਨੇ ਏਡੀਸੀ ਮੁਹਾਲੀ ਨੂੰ ਦਿੱਤਾ ਮੰਗ ਪੱਤਰ, ਸਰਕਾਰ ਨੂੰ ਹਫ਼ਤੇ ਦਾ ਅਲਟੀਮੇਟਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਈ:
ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਭਾਰਤਮਾਲਾ ਪ੍ਰਾਜੈਕਟ ਤਹਿਤ ਮੁਹਾਲੀ ਤੋਂ ਕੁਰਾਲੀ ਤੱਕ ਉਸਾਰੀ ਅਧੀਨ ਕੌਮੀ ਮਾਰਗ ਦੇ ਦੋਵੇਂ ਪਾਸੇ ਸਰਵਿਸ ਰੋਡ ਨਾ ਬਣਾਏ ਜਾਣ ਕਾਰਨ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀੜਤ ਕਿਸਾਨਾਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਅਗਵਾਈ ਹੇਠ ਮੁਹਾਲੀ ਵਿਖੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ।
ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਜਰਨਲ ਸਕੱਤਰ ਜਸਪਾਲ ਸਿੰਘ ਨਿਆਮੀਆਂ, ਕੁਲਵੰਤ ਸਿੰਘ ਤ੍ਰਿਪੜੀ ਅਤੇ ਪ੍ਰੈਸ ਸਕੱਤਰ ਰਣਬੀਰ ਸਿੰਘ ਗਰੇਵਾਲ ਨੇ ਮੰਗ ਕੀਤੀ ਕਿ ਸੜਕ ਦੇ ਦੋਵੇਂ ਪਾਸੇ ਸਰਵਿਸ ਰੋਡ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਆਉਣ-ਜਾਣ ਲਈ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਨੇ ਐਕਵਾਇਰ ਜ਼ਮੀਨਾਂ ਦੇ ਹਾਲੇ ਤੱਕ ਪੈਸੇ ਨਹੀਂ ਚੁੱਕੇ ਹਨ ਅਤੇ ਜਿਨ੍ਹਾਂ ਕਿਸਾਨਾਂ ਦੇ ਹਾਈ ਕੋਰਟ ਵਿੱਚ ਕੇਸ ਵਿਚਾਰ ਅਧੀਨ ਹਨ। ਫ਼ੈਸਲਾ ਹੋਣ ਤੱਕ ਉਨ੍ਹਾਂ ਜ਼ਮੀਨਾਂ ਦਾ ਕਬਜ਼ਾ ਲੈਣ ਦੀ ਪ੍ਰਕਿਰਿਆ ਰੋਕੀ ਜਾਵੇ।
ਕਿਸਾਨਾਂ ਨੇ ਮੰਗ ਕੀਤੀ ਕਿ ਖਰੜ-ਬਡਾਲਾ ਸੜਕ ’ਤੇ ਨੈਸ਼ਨਲ ਹਾਈਵੇਅ ’ਤੇ ਚੜ੍ਹਨ ਲਈ ਲਿੰਕ ਕੀਤਾ ਜਾਵੇ ਅਤੇ ਖਰੜ, ਬਡਾਲਾ, ਖੇੜੀ ਚੌਂਕ ’ਤੇ ਦਰਖ਼ਤਾਂ ਦੀ ਤੁਰੰਤ ਛੰਗਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦਰਖ਼ਤ ਵੱਡੇ ਤੇ ਪੁਰਾਣੇ ਹੋਣ ਕਾਰਨ ਟਹਿਣੇ ਕਾਫ਼ੀ ਜ਼ਿਆਦਾ ਵਧ ਕੇ ਸੜਕ ’ਤੇ ਆ ਗਏ ਹਨ। ਜਿਸ ਕਾਰਨ ਹੁਣ ਤੱਕ ਕਈ ਹਾਦਸੇ ਵਾਪਰ ਚੁੱਕੇ ਹਨ। ਕਿਸਾਨਾਂ ਨੇ ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਉਪਰੋਕਤ ਮੰਗਾਂ ਦੇ ਹੱਲ ਲਈ ਠੋਸ ਕਦਮ ਨਹੀਂ ਚੁੱਕੇ ਗਏ ਤਾਂ ਖਰੜ-ਰੂਪਨਗਰ ਨੈਸ਼ਨਲ ਹਾਈਵੇਅ ’ਤੇ ਧਰਨਾ ਲਗਾ ਕੇ ਚੱਕਾ ਜਾਮ ਕੀਤਾ ਜਾਵੇਗਾ।
ਇਸ ਮੌਕੇ ਗੁਰਮੁੱਖ ਸਿੰਘ ਸਾਬਕਾ ਸਰਪੰਚ ਨਿਊ ਲਾਂਡਰਾਂ, ਚਰਨਜੀਤ ਸਿੰਘ ਸਿੰਬਲਮਾਜਰਾ, ਜਸਪਾਲ ਸਿੰਘ ਲਾਂਡਰਾਂ, ਨਰੇਸ਼ ਕੁਮਾਰ, ਗੁਰਤੇਜ ਸਿੰਘ ਮਦਨਹੇੜੀ, ਬਲਜੀਤ ਸਿੰਘ ਭਾਉ, ਜਗਤਾਰ ਸਿੰਘ ਝਰਮੜੀ, ਹਰਜਿੰਦਰ ਸਿੰਘ ਖੂੰਨੀਮਾਜਰਾ, ਹਰੀ ਸਿੰਘ ਬੋਹੜੂ, ਲਖਵੀਰ ਸਿੰਘ ਬਡਹੇੜੀ, ਅਰਸ਼ਦੀਪ ਸਿੰਘ ਪੀਰ ਸੋਹਾਣਾ ਅਤੇ ਹੋਰ ਕਿਸਾਨ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …