Nabaz-e-punjab.com

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਨੂੰ ਮੰਗ ਪੱਤਰ ਸੌਂਪਿਆ

ਕਿਸਾਨਾਂ ਵੱਲੋਂ ਬੀਤੇ ਦਿਨੀਂ ਹਨੇਰੀ ਝੱਖੜ, ਮੀਂਹ ਤੇ ਗੜੇ ਪੈਣ ਕਾਰਨ ਨੁਕਸਾਨੀਆਂ ਫਸਲਾਂ ਦਾ ਯੋਗ ਮੁਆਵਜ਼ਾ ਦੇਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ:
ਪੰਜਾਬ ਦੇ ਕਿਸਾਨਾਂ ਨੇ 5 ਜੂਨ ਤੋਂ ਝੋਨਾ ਲਗਾਉਣ ਦੀ ਪ੍ਰਵਾਨਗੀ ਦੇਣ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਗੁਹਾਰ ਲਗਾਈ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਇੱਕ ਵਫ਼ਦ ਨੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਪੰਜਾਬ ਦੇ ਡਾਇਰੈਕਟਰ ਨਾਲ ਮੁਲਾਕਾਤ ਕੀਤੀ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਮੰਗ ਪੱਤਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਕਿਸਾਨਾਂ ਨੂੰ 5 ਜੂਨ ਤੋਂ ਝੋਨਾ ਲਗਾਉਣ ਦੀ ਆਗਿਆ ਦਿੱਤੀ ਜਾਵੇ ਕਿਉਂਕਿ ਪਿਛਲੇ ਸੀਜਨ ਵਿੱਚ ਪਛੇਤਾ ਝੋਨਾ ਲਗਾਉਣ ਕਾਰਨ ਕਾਫੀ ਨਮੀ ਆ ਗਈ ਸੀ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਸਸਤੇ ਭਾਅ ’ਤੇ ਆਪਣਾ ਝੋਨਾ ਵੇਚਣਾ ਪਿਆ ਸੀ। ਜਿਸ ਕਾਰਨ ਉਨ੍ਹਾਂ ਨੂੰ ਕਾਫੀ ਵਿੱਤੀ ਘਾਟਾ ਸਹਿਣ ਕਰਨਾ ਪਿਆ ਸੀ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਮੇਹਰ ਸਿੰਘ ਥੇੜੀ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਐਸਐਮਐਸ ਕੰਬਾਈਨਾਂ ਲਗਾਉਣ ਤੋਂ ਬਿਨਾਂ ਕਣਕ ਦੀ ਫਸਲ ਕੱਟਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਐਸਐਮਐਸ ਕੰਬਾਈਨਾਂ ਨਾਲ ਕਣਕ ਦੀ ਕਟਾਈ ਕੀਤੀ ਜਾਵੇ ਤਾਂ ਉਸ ਨਾਲ ਤੂੜੀ ਨਹੀਂ ਬਣਾਈ ਜਾ ਸਕਦੀ ਅਤੇ ਇਸ ਕਾਰਨ ਕਿਸਾਨਾਂ ਨੂੰ ਜਿੱਥੇ ਵਿੱਤੀ ਨੁਕਸਾਨ ਸਹਿਣਾ ਪੈਂਦਾ ਹੈ, ਉੱਥੇ ਇਸ ਨਾਲ ਪਸ਼ੂਆਂ ਲਈ ਚਾਰੇ ਦੀ ਸਮੱਸਿਆ ਵੀ ਖੜੀ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ ਅਤੇ ਪਸ਼ੂਆਂ ਲਈ ਵੀ ਸੁੱਕਾ ਚਾਰਾ (ਤੂੜੀ) ਦਾ ਪ੍ਰਬੰਧ ਹੋ ਸਕੇ।
ਕਿਸਾਨ ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਵਿੱਚ ਕਈ ਥਾਵਾਂ ’ਤੇ ਗੜੇ, ਹਨੇਰੀ ਝੱਖੜ ਅਤੇ ਮੀਂਹ ਪੈਣ ਕਾਰਨ ਕਿਸਾਨਾਂ ਦੀ ਕਣਕ ਦੀ ਫਸਲ ਦਾ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਬੰਧੀ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸਡੀਐਮਜ਼ ਦੀ ਨਿਗਰਾਨੀ ਹੇਠ ਨੁਕਸਾਨੀਆਂ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਪੀੜਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ, ਬਲਜਿੰਦਰ ਸਿੰਘ ਕਜੌਲੀ, ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ, ਜਨਰਲ ਸਕੱਤਰ ਜਸਵੰਤ ਸਿੰਘ ਨੰਡਿਆਲੀ, ਤਰਲੋਚਨ ਸਿੰਘ ਨੰਡਿਆਲੀ, ਬਲਜੀਤ ਸਿੰਘ ਰਡਿਆਲਾ ਅਤੇ ਗੁਰਦੇਵ ਸਿੰਘ ਬਲਾਕ ਪ੍ਰਧਾਨ ਰਾਜਪੁਰਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…