ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ ਕਿਸਾਨਾਂ ਦੇ ਹੱਕ ਵਿੱਚ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ

ਕੇਂਦਰ ਸਰਕਾਰ ਖ਼ਿਲਾਫ਼ ਪ੍ਰੋਟੈਸਟ ਪਟੀਸ਼ਨ ਦਾਖ਼ਲ, ਕਿਸਾਨ ਵਿਰੋਧੀ ਖੇਤੀ ਕਾਨੂੰਨ ਮੁੱਢੋਂ ਰੱਦ ਕਰਨ ਦੀ ਗੁਹਾਰ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ:
ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਜਿੱਥੇ ਪਿਛਲੇ ਕਈ ਦਿਨਾਂ ਤੋਂ ਵਿਰੋਧੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਸੜਕਾਂ ’ਤੇ ਵੱਡੇ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਅਤੇ ਰੇਲਾਂ ਰੋਕੀਆਂ ਜਾ ਰਹੀਆਂ ਹਨ, ਉੱਥੇ ਕਿਸਾਨਾਂ ਦੇ ਹੱਕਾਂ ਅਤੇ ਇਨਸਾਫ਼ ਪ੍ਰਾਪਤੀ ਲਈ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਅਤੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਹੈ। ਲੱਖੋਵਾਲ ਨੇ ਪੰਜਾਬ ਤੇ ਹਰਿਆਣਾ ਕੋਰਟ ਦੇ ਵਕੀਲ ਜੀਪੀਐਸ ਘੁੰਮਣ ਅਤੇ ਜੀਐਸ ਘੁੰਮਣ ਰਾਹੀਂ ਸੁਪਰੀਮ ਕੋਰਟ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰੋਟੈਸਟ ਪਟੀਸ਼ਨ ਦਾਇਰ ਕਰਕੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਨ ਦੀ ਗੁਹਾਰ ਲਗਾਈ ਹੈ। ਇਸ ਗੱਲ ਦੀ ਪੁਸ਼ਟੀ ਅੱਜ ਇੱਥੇ ਕਿਸਾਨ ਯੂਨੀਅਨ ਦੇ ਵਕੀਲਾਂ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਪਟੀਸ਼ਨ ਦਾਇਰ ਕਰ ਦਿੱਤੀ ਹੈ ਅਤੇ ਜਲਦੀ ਹੀ ਸੁਣਵਾਈ ਹੋਣ ਦੀ ਸੰਭਾਵਨਾ ਹੈ।
ਕਿਸਾਨ ਯੂਨੀਅਨ ਦੇ ਵਕੀਲਾਂ ਜੀਪੀਐਸ ਘੁੰਮਣ ਅਤੇ ਜੀਐਸ ਘੁੰਮਣ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਬਾਰੇ ਕਾਨੂੰਨ ਬਣਾਉਣ ਅਤੇ ਲਾਗੂ ਕਰਨ ਤੋਂ ਪਹਿਲਾਂ ਅੰਨਦਾਤਾ ਜਾਂ ਕਿਸਾਨ ਜਥੇਬੰਦੀਆਂ ਦੀ ਰਾਇ ਲੈਣਾ ਵੀ ਜ਼ਰੂਰੀ ਨਹੀਂ ਸਮਝਿਆ ਜਦੋਂਕਿ ਕਾਨੂੰਨ ਅਨੁਸਾਰ ਜਦੋਂ ਕਿਸੇ ਵਿਸ਼ੇਸ਼ ਵਰਗ ਲਈ ਨਵਾਂ ਕਾਨੂੰਨ ਬਣਾਇਆ ਜਾਂ ਲਾਗੂ ਕੀਤਾ ਜਾਂਦਾ ਹੈ ਤਾਂ ਉਸ ਦਾ ਪਹਿਲਾਂ ਸਬੰਧਤ ਧਿਰਾਂ ਦੀ ਰਾਇ ਜਾਣੀ ਜਾਂਦੀ ਹੈ ਅਤੇ ਉਸ ਦੇ ਸੁਝਾਅ ਲਏ ਜਾਂਦੇ ਹਨ ਪ੍ਰੰਤੂ ਹੁਕਮਰਾਨਾਂ ਨੇ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਜਾਂ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਤੱਕ ਨਹੀਂ ਕੀਤੀ ਗਈ, ਸਗੋਂ ਧੱਕੇਸ਼ਾਹੀ ਅਤੇ ਇਕਪਾਸੜ ਕਾਰਵਾਈ ਕਰਦਿਆਂ ਕਾਲੇ ਕਾਨੂੰਨ ਕਿਸਾਨਾਂ ’ਤੇ ਜ਼ਬਰਦਸਤੀ ਥੋਪੇ ਜਾ ਰਹੇ ਹਨ।
ਵਕੀਲਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿੱਚ ਬਹੁਤ ਸਾਰੀਆਂ ਊਣਤਾਈਆਂ ਹਨ। ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਬਲਕਿ ਕਾਰਪੋਰੇਟ ਘਰਾਣਿਆਂ ਨੂੰ ਸਿੱਧਾ ਲਾਭ ਪਹੁੰਚਾਉਣ ਵਾਲੇ ਹਨ। ਉਨ੍ਹਾਂ ਪਟੀਸ਼ਨ ਦੇ ਹਵਾਲੇ ਨਾਲ ਦੱਸਿਆ ਕਿ ਕੇਂਦਰ ਸਰਕਾਰ ਕੋਲ ਬਹੁਮਤ ਹੋਣ ਕਾਰਨ ਕਿਸਾਨਾਂ ਦੇ ਹਿੱਤਾਂ ਨਾਲ ਖਿਲਵਾੜ ਕਰਦਿਆਂ ਧੱਕੇ ਨਾਲ ਖੇਤੀ ਬਿੱਲ ਪਾਸ ਕਰ ਦਿੱਤੇ ਗਏ ਪ੍ਰੰਤੂ ਰਾਜ ਸਭਾ ਵਿੱਚ ਹੁਕਮਰਾਨਾਂ ਨੇ ਗਲਤ ਤਰੀਕੇ ਨਾਲ ਇਹ ਕਾਨੂੰਨ ਪਾਸ ਕੀਤੇ ਗਏ ਹਨ।
ਕਿਸਾਨ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਦੇਸ਼ ਦੇ ਹੁਕਮਰਾਨ ਅੰਨਦਾਤੇ ਦੀ ਸੰਘੀ ਘੁੱਟਣ ’ਤੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਲਈ ਪੰਜਾਬ ਦੇ ਕਿਸਾਨਾਂ ਦਾ 70 ਤੋਂ 80 ਫੀਸਦੀ ਯੋਗਦਾਨ ਹੈ ਪ੍ਰੰਤੂ ਸਰਕਾਰ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨਾਂ ਨੂੰ ਤਬਾਹ ਕਰਨ ’ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਨਹੀਂ ਕੀਤਾ ਜਾਂਦਾ ਉਦੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨੂੰੂਨ ਦੀ ਧਾਰਾ 32 ਤਹਿਤ ਸੁਪਰੀਮ ਕੋਰਟ ਨੂੰ ਖੇਤੀ ਕਾਨੂੰਨ ਰੱਦ ਕਰਨ ਦਾ ਅਧਿਕਾਰ ਹੈ। ਜਿਸ ਕਾਰਨ ਉਨ੍ਹਾਂ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰਾ ਅਤੇ ਕਰਨਾਟਕਾ ਦੇ ਕਿਸਾਨਾਂ ਨੇ ਪਟੀਸ਼ਨਾਂ ਦਾਇਰ ਕੀਤੀਆਂ ਹਨ ਅਤੇ ਇੰਗਲੈਂਡ ਦੀ ਮਨੁੱਖੀ ਅਧਿਕਾਰ ਸੰਸਥਾ ਵੀ ਕਿਸਾਨ ਹਿੱਤਾਂ ਦੀ ਪੈਰਵਾਈ ਕਰ ਰਹੀ ਹੈ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…