ਭਾਰਤੀ ਕਿਸਾਨ ਯੂਨੀਅਨ ਨੇ ਡੀਸੀ ਰਾਹੀਂ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ

ਕਿਸਾਨ ਵਿਰੋਧੀ ਤਿੰਨੇ ਆਰਡੀਨੈਂਸ ਵਾਪਸ ਲੈਣ ਦੀ ਮੰਗ ਨੇ ਜ਼ੋਰ ਫੜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ:
ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸੈਕਟਰ ਨਾਲ ਜੁੜੇ ਤਿੰਨ ਆਰਡੀਨੈਂਸਾਂ ਨੂੰ ਲੋਕ ਸਭਾ ਵਿੱਚ ਪੇਸ਼ ਕਰਨ ਨਾਲ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਜਿਸ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ’ਤੇ ਉਤਰ ਆਈਆਂ ਹਨ। ਰਾਜ ਸਭਾ ਦੇ ਸਾਬਕਾ ਮੈਂਬਰ ਭੁਪਿੰਦਰ ਸਿੰਘ ਮਾਨ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਮਾਨ) ਦੀ ਜ਼ਿਲ੍ਹਾ ਮੁਹਾਲੀ ਇਕਾਈ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਨੰਡਿਆਲੀ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਬੀਤੀ 1 ਸਤੰਬਰ ਨੂੰ ਵੀ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਗਈ ਸੀ ਪ੍ਰੰਤੂ ਦੇਸ਼ ਦੇ ਹੁਕਮਰਾਨ ਕਿਸਾਨਾਂ ਨੂੰ ਤਬਾਹ ਕਰਨ ਵਾਲੀਆਂ ਨੀਤੀਆਂ ਥੋਪਣ ਤੋਂ ਬਾਜ ਨਹੀਂ ਆ ਰਹੇ ਹਨ।
ਸ੍ਰੀ ਨੰਡਿਆਲੀ ਨੇ ਕਿਹਾ ਕਿ ਆਰਡੀਨੈਂਸਾਂ ਪ੍ਰਤੀ ਕਿਸਾਨਾਂ ਵਿੱਚ ਕਈ ਤਰ੍ਹਾਂ ਸ਼ੰਕੇ ਖੜੇ ਹੋ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨ ਯੂਨੀਅਨ ਦੇ ਸੁਝਾਅ ਇੰਨ-ਬਿੰਨ ਲਾਗੂ ਕਰਕੇ ਕਿਸਾਨਾਂ ਦਾ ਵਿਸ਼ਵਾਸ ਪੈਦਾ ਕਰਨਾ ਸਰਕਾਰਾਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਲਈ ਲਿਆਂਦੇ ਬਿੱਲਾਂ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਸੰਸਦ ਮੈਂਬਰਾਂ ਨੂੰ ਪਿੰਡਾਂ ਦੀ ਜੂਹ ਵਿੱਚ ਵੜਨ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਮਾਰੂ ਨੀਤੀਆਂ ਕਾਰਨ ਕਿਸਾਨ ਪਹਿਲਾਂ ਹੀ ਖ਼ੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ, ਹੁਣ ਨਵੇਂ ਕਾਨੂੰਨ ਲਾਗੂ ਕਰਨ ਨਾਲ ਕਿਸਾਨਾਂ ਵਿੱਚ ਬੇਚੈਨੀ, ਭਾਰੀ ਰੋਸ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਗਈ ਹੈ।
ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੇਵਾ ਸਿੰਘ ਬਾਕਰਪੁਰ, ਬਲਾਕ ਪ੍ਰਧਾਨ ਸੁਰਮੁੱਖ ਸਿੰਘ, ਵਿੱਤ ਸਕੱਤਰ ਬਲਕਾਰ ਸਿੰਘ ਬਠਲਾਣਾ, ਟਹਿਲ ਸਿੰਘ ਮਾਣਕਪੁਰ ਕੱਲਰ, ਸ਼ਮਸ਼ੇਰ ਸਿੰਘ ਦੈੜੀ, ਚਰਨਜੀਤ ਸਿੰਘ ਦਿਆਲਪੁਰਾ, ਮਦਨ ਸਿੰਘ ਛੱਤ, ਦਿਆ ਸਿੰਘ ਬਾਕਰਪੁਰ, ਪਵਿੱਤਰ ਸਿੰਘ ਧਰਮਗੜ੍ਹ, ਬੰਤ ਸਿੰਘ ਰਾਏਪੁਰ ਖੁਰਦ, ਭੁਪਿੰਦਰ ਸਿੰਘ ਕਿਸ਼ਨਪੁਰਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …