
ਬੀਬੀ ਰਾਮੂਵਾਲੀਆ ਨੇ ਕੇਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨਾਲ ਕੀਤੀ ਮੁਲਾਕਾਤ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਨਵੀਂ ਦਿੱਲੀ, 13 ਅਗਸਤ:
ਭਾਜਪਾ ਪੰਜਾਬ ਦੇ ਬੁਲਾਰੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਅਤੇ ਚੰਡੀਗੜ੍ਹ ਤੋਂ ਭਾਜਪਾ ਦੇ ਸੀਨੀਅਰ ਆਗੂ ਤਜਿੰਦਰ ਸਿੰਘ ਸਰਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਨਵੀਂ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਅਤੇ ਸ੍ਰੀ ਤੋਮਰ ਨੂੰ ਪੰਜਾਬ ਦੇ ਕਿਸਾਨਾਂ ਦੇ ਮਸਲਿਆਂ ਬਾਰੇ ਜਾਣੂ ਕਰਵਾਇਆ। ਅੱਜ ਇੱਥੇ ਜਾਰੀ ਬਿਆਨ ਵਿੱਚ ਬੀਬੀ ਰਾਮੂਵਾਲੀਆ ਨੇ ਕਿਹਾ ਕਿ ਉਨ੍ਹਾਂ ਨੇ ਚਿੰਤਾ ਪ੍ਰਗਟ ਕੀਤੀ ਕਿ ਮੌਜੂਦਾ ਕਿਸਾਨ ਅੰਦੋਲਨ ਛੇਤੀ ਤੋਂ ਛੇਤੀ ਸ਼ਾਂਤੀਪੂਰਵਕ ਤਰੀਕੇ ਨਾਲ ਖਤਮ ਹੋਣਾ ਚਾਹੀਦਾ ਹੈ ਅਤੇ ਆਸ ਕੀਤੀ ਕਿ ਸਾਰੇ ਕਿਸਾਨ ਸੁਰੱਖਿਅਤ ਆਪਣੇ ਘਰਾਂ ਨੂੰ ਪਰਤ ਆਉਣ।
ਸ੍ਰੀ ਤੋਮਰ ਨੇ ਕਿਸਾਨਾਂ ਦੇ ਅੰਦੋਲਨ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਇਸ ਨੂੰ ਸੁਲਝਾਉਣ ਦੀ ਆਪਣੀ ਇੱਛਾ ਪ੍ਰਗਟਾਉਂਦਿਆਂ ਮੁੜ ਦੁਹਰਾਇਆ ਕਿ ਕੇਂਦਰ ਸਰਕਾਰ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਾਰਨ ਮੌਜੂਦਾ ਸਥਿਤੀ ਨੂੰ ਸੁਲਝਾਉਣ ਲਈ ਕਿਸੇ ਵੀ ਹੱਦ ਤੱਕ ਜਾਣ ਲਈ ਹਮੇਸ਼ਾ ਤਿਆਰ ਹੈ। ਬੀਬੀ ਰਾਮੂਵਾਲੀਆ ਨੇ ਕਿਹਾ ਕਿ ਭਾਜਪਾ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੁਆਰਾ ਬਹੁਤ ਸਾਰੇ ਪ੍ਰੋਗਰਾਮ ਅਤੇ ਨੀਤੀਆਂ ਕਿਸਾਨ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਕੇਂਦਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ’ਤੇ ਕਣਕ ਅਤੇ ਝੋਨੇ ਦੀਆਂ ਰਿਕਾਰਡ ਫਸਲਾਂ ਨੂੰ ਕਿਸਾਨਾਂ ਤੋਂ ਖਰੀਦ ਲਈ ਬਿਨਾਂ ਕਿਸੇ ਸਮੱਸਿਆ ਦੇ ਯਕੀਨੀ ਬਣਾਇਆ ਹੈ ਅਤੇ ਦੇਸ਼ ਵਿੱਚ ਪਹਿਲੀ ਵਾਰ ਸਿੱਧਾ ਲਾਭ ਟਰਾਂਸਫਰ ਸਕੀਮ ਰਾਹੀਂ ਉਨ੍ਹਾਂ ਦੇ ਖਾਤਿਆਂ ਵਿੱਚ ਸਿੱਧਾ ਪੈਸਾ ਪੱਕਾ ਕੀਤਾ ਹੈ। ਕਿਸਾਨ ਸਨਮਾਨ ਨਿਧੀ ਰਾਹੀਂ ਕਿਸਾਨਾਂ ਦੇ ਵੱਖ -ਵੱਖ ਖੇਤੀ ਕਾਰਜਾਂ ਵਿੱਚ ਸਹਾਇਤਾ ਲਈ ਉਨ੍ਹਾਂ ਦੇ ਖਾਤਿਆਂ ਵਿੱਚ ਹਜ਼ਾਰਾਂ ਕਰੋੜਾਂ ਰੁਪਏ ਟਰਾਂਸਫਰ ਕੀਤੇ ਗਏ ਹਨ।