
ਬੀਬੀ ਰਾਮੂਵਾਲੀਆ ਨੇ ਯੂਪੀ ਵਿਧਾਨ ਸਭਾ ਦੇ ਸਪੀਕਰ ਨਾਲ ਕੀਤੀ ਮੁਲਾਕਾਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਗਸਤ:
ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੀ ਸਾਬਕਾ ਚੇਅਰਪਰਸਨ ਅਤੇ ਭਾਜਪਾ ਆਗੂ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਨਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਯੂਪੀ ਦੇ ਸਿੱਖਾਂ ਦੇ ਮਸਲਿਆਂ ’ਤੇ ਗੱਲਬਾਤ ਕੀਤੀ। ਸਪੀਕਰ ਸਤੀਸ਼ ਮਹਾਨਾ ਨੇ ਉੱਤਰ ਪ੍ਰਦੇਸ਼ ਦੇ ਵਿਕਾਸ ਵਿੱਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਮੌਜੂਦਾ ਹਾਲਾਤਾਂ ਬਾਰੇ ਵੀ ਚਰਚਾ ਕੀਤੀ।
ਬੀਬੀ ਰਾਮੂਵਾਲੀਆ ਨੇ ਨਵੰਬਰ 1984 ਦੇ ਯੂਪੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਯੋਗ ਪੈਰਵਾਈ ਕਰਨ ਲਈ ਸਪੀਕਰ ਸਤੀਸ਼ ਮਹਾਨਾ ਅਤੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕੀਤਾ। ਬੀਬੀ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਕੋਲੋਂ ਰਾਜ ਦੇ ਲੋਕਾਂ ਦਾ ਚਾਰ ਮਹੀਨਿਆਂ ਵਿੱਚ ਹੀ ਮੋਹ ਭੰਗ ਹੋ ਚੁੱਕਾ ਹੈ ਅਤੇ ਮੁੱਖ ਮੰਤਰੀ ਅਤੇ ਆਪ ਲੀਡਰਸ਼ਿਪ ਚੋਣ ਵਾਅਦਿਆਂ ਤੋਂ ਭੱਜ ਰਹੇ ਹਨ। ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ, ਸੂਬੇ ਅੰਦਰ ਰੋਜ਼ਾਨਾ ਕ੍ਰਾਈਮ ਵਧ ਰਿਹਾ ਹੈ ਅਤੇ ਅੌਰਤਾਂ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ।
ਉਧਰ, ਇਸ ਮੁਲਾਕਾਤ ਦੌਰਾਨ ਸਪੀਕਰ ਸਤੀਸ਼ ਮਹਾਨਾ ਨੇ ਆਪਣਾ ਸਿਆਸੀ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਉਹ ਪਿਛਲੇ 4 ਦਹਾਕਿਆਂ ਤੋਂ ਲਗਾਤਾਰ ਇੱਕ ਹੀ ਹਲਕੇ ਤੋਂ ਚੋਣ ਜਿੱਤਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਯੂਪੀ ਦੇ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਖ਼ੁਸ਼ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦੀ ਜੋੜੀ ਨੇ ਵਿਕਾਸ ਪੱਖੋਂ ਉਤਰ ਪ੍ਰਦੇਸ਼ ਦੀ ਕਾਇਆ-ਕਲਪ ਕਰਕੇ ਰੱਖ ਦਿੱਤੀ ਹੈ।