
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਫੇਜ਼-7 ਤੋਂ ਕੌਮਾਂਤਰੀ ਏਅਰਪੋਰਟ ਤੱਕ ਸਾਈਕਲ ਰੈਲੀ ਕੱਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਸਤੰਬਰ:
ਮੁਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਂ ਦੇਸ਼ ਅਤੇ ਕੌਮ ਦੇ ਮਹਾਨ ਸ਼ਹੀਦ ਸ੍ਰ. ਭਗਤ ਸਿੰਘ ਦੇ ਨਾਮ ’ਤੇ ਰੱਖਣ ਦੀ ਮੰਗ ਨੇ ਫਿਰ ਤੋਂ ਜ਼ੋਰ ਫੜ ਲਿਆ ਹੈ। ਅੱਜ ਮੁਲਾਜ਼ਮ ਆਗੂ ਪ੍ਰਭਦੀਪ ਸਿੰਘ ਬੋਪਾਰਾਏ, ਸਮਾਜ ਸੇਵੀ ਜਗਜੀਤ ਸਿੰਘ ਸੈਣੀ, ਅਰਸ਼ਪ੍ਰੀਤ ਸਿੰਘ, ਪ੍ਰੀਤ ਜੋਤ ਸਿੰਘ, ਸਾਹਿਬ ਸਿੰਘ, ਹਰਕੰਵਲਪ੍ਰੀਤ ਸਿੰਘ ਢਿੱਲੋਂ, ਹਰਸ਼ਦੀਪ ਸਰਾਓ ਸਮੇਤ ਹੋਰਨਾਂ ਉੱਦਮੀ ਨੌਜਵਾਨਾਂ ਨੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ 113ਵੇਂ ਜਨਮ ਦਿਨ ਦੇ ਮੌਕੇ ਇੱਥੋਂ ਦੇ ਫੇਜ਼-7 ਤੋਂ ਲੈ ਕੇ ਕੌਮਾਂਤਰੀ ਹਵਾਈ ਅੱਡਾ ਮੁਹਾਲੀ ਤੱਕ ਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਇਲਾਕੇ ਦੇ ਨੌਜਵਾਨਾਂ ਨੇ ਸ਼ਹੀਦ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਅਤੇ ਉਨ੍ਹਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਦਾ ਪ੍ਰਣ ਲਿਆ।
ਸ਼ਹੀਦ ਭਗਤ ਸਿੰਘ ਜੀ ਦੀਆਂ ਤਸਵੀਰਾਂ ਲੈ ਕੇ ਕੌਮਾਂਤਰੀ ਹਵਾਈ ਅੱਡੇ ਦੇ ਬਾਹਰ ਪਹੁੰਚੇ ਇਨ੍ਹਾਂ ਨੌਜਵਾਨਾਂ ਨੇ ਮੰਗ ਕੀਤੀ ਹੈ ਕਿ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਜਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਸ਼ਹੀਦ ਨੂੰ ਯਾਦ ਰੱਖ ਸਕਣ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਬਹੁਤ ਛੋਟੀ ਉਮਰ ਵਿੱਚ ਸਰਦਾਰ ਭਗਤ ਸਿੰਘ ਸ਼ਹਾਦਤ ਦਾ ਜਾਮ ਪੀ ਗਏ ਸਨ। ਉਨ੍ਹਾਂ ਕਿਹਾ ਕਿ ਸਮਾਜਿਕ ਪਰਿਵਰਤਨ ਲਈ ਨੌਜਵਾਨਾਂ ਨੂੰ ਯੋਗ ਅਗਵਾਈ ਦੀ ਸਖ਼ਤ ਲੋੜ ਹੈ।