ਵੱਡੇ ਦੀ ਬਾਦਲ ਦੀ ਮੌਤ: ਫੋਰਟਿਸ ਹਸਪਤਾਲ ਦੇ ਬਾਹਰ ਗੂੰਜੇ ਬਾਦਲ ਸਾਹਿਬ ਅਮਰ ਰਹੇ ਦੇ ਨਾਅਰੇ

ਪੰਜਾਬ ਪੁਲੀਸ ਨੇ ਅਕਾਲੀ ਆਗੂਆਂ ਤੇ ਵਰਕਰਾਂ ਲਈ ਫੋਰਟਿਸ ਹਸਪਤਾਲ ਦੇ ਬੂਹੇ ਭੇੜੇ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਮਜੀਠੀਆ ਵੀ ਫੋਰਟਿਸ ਹਸਪਤਾਲ ਵਿੱਚ ਪਹੁੰਚੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਪਰੈਲ:
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (95) ਨੇ ਮੰਗਲਵਾਰ ਦੇਰ ਸ਼ਾਮ ਕਰੀਬ ਸਵਾ ਅੱਠ ਵਜੇ ਇੱਥੋਂ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਬਾਦਲ ਦੀ ਮੌਤ ਦੀ ਖ਼ਬਰ ਜੰਗਲ ਦੀ ਅੱਗ ਵਾਂਗ ਫੈਲ ਗਈ। ਸੂਚਨਾ ਮਿਲਦੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਫੋਰਟਿਸ ਹਸਪਤਾਲ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਲੇਕਿਨ ਹਸਪਤਾਲ ਵਿੱਚ ਜ਼ਿਆਦਾ ਭੀੜ ਇਕੱਠੀ ਨਾ ਹੋਵੇ, ਇਸ ਕਾਰਨ ਪੁਲੀਸ ਨੇ ਫੋਰਟਿਸ ਦੇ ਬੂਹੇ ਭੇੜ ਲਏ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਡੇਰਾਬੱਸੀ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਐਨਕੇ ਸ਼ਰਮਾ ਹੀ ਅੰਦਰ ਜਾ ਸਕੇ ਜਦੋਂਕਿ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਪਹਿਲਾਂ ਤੋਂ ਹਸਪਤਾਲ ਵਿੱਚ ਮੌਜੂਦ ਸਨ। ਫੋਰਟਿਸ ਹਸਪਤਾਲ ਦੇ ਬਾਹਰ ਪਹੁੰਚੇ ਪ੍ਰਸੰਸਕਾਂ ਨੇ ਬਾਦਲ ਸਾਹਿਬ ਅਮਰ ਰਹੇ ਦੇ ਨਾਅਰੇ ਲਾਏ।
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਬਾਦਲ ਪਰਿਵਾਰ ਦੇ ਅਤਿ ਨਜ਼ਦੀਕੀ ਸੁਰਿੰਦਰ ਸਿੰਘ ਪਾਬਲਾ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਨੰਬਰਦਾਰ ਹਰਵਿੰਦਰ ਸਿੰਘ, ਜਸਵੰਤ ਕੌਰ ਜੌਹਲ, ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਵੀ ਫੋਰਟਿਸ ਹਸਪਤਾਲ ਦੇ ਬਾਹਰ ਪਹੁੰਚ ਗਏ ਲੇਕਿਨ ਪੁਲੀਸ ਨੇ ਇਨ੍ਹਾਂ ਆਗੂਆਂ ਨੂੰ ਅੰਦਰ ਨਹੀਂ ਜਾਣ ਦਿੱਤਾ। ਪੁਲੀਸ ਕਰਮਚਾਰੀ ਜ਼ਿਆਦਾ ਭੀੜ ਇਕੱਠੀ ਨਾ ਹੋਣ ਦਾ ਵਾਸਤਾ ਪਾਉਂਦੇ ਰਹੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵਾਂਗ ਉਸ ਨੇ ਵੀ ਆਪਣਾ ਸਿਆਸੀ ਜੀਵਨ ਪਿੰਡ ਦੀ ਸਰਪੰਚੀ ਤੋਂ ਸ਼ੁਰੂ ਕੀਤਾ ਸੀ। ਉਨ੍ਹਾਂ ਕਿਹਾ ਕਿ ਬਾਦਲ ਹੂਰਾਂ ਨੇ ਉਨ੍ਹਾਂ ਦੇ ਕੰਮ ਤੋਂ ਖੁਸ਼ ਹੋ ਕੇ ਉਨ੍ਹਾਂ ਨੂੰ ਸਰਪੰਚੀ ਤੋਂ ਬਾਅਦ ਅਕਾਲੀ ਦਲ ਦੀ ਟਿਕਟ ’ਤੇ ਬਲਾਕ ਸਮਿਤੀ ਦੀ ਚੋਣ ਲੜਾਈ ਅਤੇ ਉਨ੍ਹਾਂ ਨੇ ਜਿੱਤ ਹਾਸਲ ਕੀਤੀ। ਇਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਇਸਤਰੀ ਅਕਾਲੀ ਦਲ ਦਾ ਦਫ਼ਤਰ ਸਕੱਤਰ ਅਤੇ ਜਨਰਲ ਸਕੱਤਰ ਨਿਯੁਕਤ ਕੀਤਾ ਅਤੇ ਅਕਾਲੀ ਸਰਕਾਰ ਦੌਰਾਨ ਉਨ੍ਹਾਂ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਗਾ ਕੇ ਇਲਾਕੇ ਨੂੰ ਵੱਡਾ ਮਾਣ ਬਖ਼ਸ਼ਿਆਂ। ਇਹ ਸਾਰਾ ਮਾਣ ਉਨ੍ਹਾਂ ਨੂੰ ਬਾਦਲ ਪਰਿਵਾਰ ਨੇ ਦਿੱਤਾ ਅਤੇ ਵੱਡੇ ਬਾਦਲ ਤੋਂ ਉਨ੍ਹਾਂ ਨੂੰ ਸਿਆਸਤ ਦੀ ਗੂੜ੍ਹਤੀ ਮਿਲੀ।
ਮੁਹਾਲੀ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਸਾਬਕਾ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਦੇਰ ਰਾਤ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਪਹੁੰਚੇ ਅਤੇ ਉਨ੍ਹਾਂ ਨੇ ਵੱਡੇ ਬਾਦਲ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਨਾਲ ਦੁੱਖ ਸਾਂਝਾ ਕੀਤਾ। ਖੱਟਰ ਨੇ ਕਿਹਾ ਕਿ ਵੱਡੇ ਬਾਦਲ ਦੀ ਮੌਤ ਨਾਲ ਸਮਾਜ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਅਤੇ ਉਨ੍ਹਾਂ ਦੀ ਮੌਤ ਨਾਲ ਇੱਕ ਤਰ੍ਹਾਂ ਸਿਆਸੀ ਯੁੱਗ ਦਾ ਅੰਤ ਹੋ ਗਿਆ ਹੈ। ਉਹ ਬਹੁਤ ਹੀ ਸਤਿਕਾਰਯੋਗ, ਦੂਰਅੰਦੇਸ਼ੀ ਸੋਚ ਅਤੇ ਮਿਲਾਪੜੇ ਆਗੂ ਸਨ। ਇਹੀ ਇੱਕ ਕਾਰਨ ਹੈ ਕਿ ਉਨ੍ਹਾਂ ਨੇ ਲੰਬਾ ਸਮਾਂ ਬਤੌਰ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਜਦੋਂ ਬਾਦਲ ਹੂਰੀ ਬਿਮਾਰ ਹੋਏ ਸੀ ਤੱਦ ਵੀ ਉਹ ਹਸਪਤਾਲ ਵਿੱਚ ਖਬਰਸਾਰ ਲੈਣ ਲਈ ਆਏ ਸੀ। ਖੱਟਰ ਨੇ ਕਿਹਾ ਕਿ ਬਾਦਲ ਸਾਹਿਬ ਕਿਸਾਨ ਹਿਤੈਸ਼ੀ ਆਗੂ ਸਨ।
ਬਿਕਰਮ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਵੱਡੇ ਬਾਦਲ ਤੋਂ ਸਿਆਸਤ ਦੇ ਦਾਅ ਪੇਚ ਸਿੱਖਣ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਵੱਡੇ ਬਾਦਲ ਦੇ ਤੁਰ ਜਾਣ ਨਾਲ ਪੰਜਾਬ ਨੂੰ ਹੀ ਨਹੀਂ ਬਲਕਿ ਦੇਸ਼ ਨੂੰ ਵੱਡਾ ਘਾਟਾ ਪਿਆ ਹੈ। ਉਹ ਸਾਰਿਆਂ ਦੇ ਹਰਮਨ ਪਿਆਰੇ ਆਗੂ ਸਨ। ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਪ੍ਰਵੇਸ਼ ਕਰ ਰਹੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਤੋਂ ਸਿੱਖਣ ਦੀ ਲੋੜ ਹੈ।
ਮੁਹਾਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਸੈਕਟਰ-28, ਚੰਡੀਗੜ੍ਹ ਵਿੱਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ। ਇਸ ਤੋਂ ਬਾਅਦ ਵੱਡੇ ਕਾਫ਼ਲੇ ਦੇ ਰੂਪ ਵਿੱਚ ਬਾਦਲ ਦੀ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸ਼ਿੰਗਾਰੇ ਹੋਏ ਵਾਹਨ ਵਿੱਚ ਰੱਖ ਕੇ ਪਿੰਡ ਬਾਦਲ ਲਿਜਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…