‘ਆਪ’ ਵਿਧਾਇਕ ਗੱਜਣ ਮਾਜਰਾ ਨੂੰ ਵੱਡਾ ਝਟਕਾ, ਮੁਹਾਲੀ ਅਦਾਲਤ ਵੱਲੋਂ ਜ਼ਮਾਨਤ ਦੀ ਅਰਜ਼ੀ ਰੱਦ

ਈਡੀ ਨੇ 6 ਦਸੰਬਰ 2023 ਨੂੰ ਗ੍ਰਿਫ਼ਤਾਰ ਕੀਤਾ ਸੀ ਗੱਜਣ ਮਾਜਰਾ, ਨਾਭਾ ਜੇਲ੍ਹ ’ਚ ਬੰਦ ਹੈ ਵਿਧਾਇਕ

ਬੈਂਕ ਨਾਲ 40 ਕਰੋੜ ਰੁਪਏ ਦੀ ਧੋਖਾਧੜੀ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ‘ਆਪ’ ਆਗੂ

ਸੀਬੀਆਈ ਨੇ ਸਤੰਬਰ 2023 ਵਿੱਚ ਈਡੀ ਨੂੰ ਸੌਂਪੀ ਸੀ ਗੱਜਣ ਮਾਜਰਾ ਕੇਸ ਦੀ ਜਾਂਚ

ਨਬਜ਼-ਏ-ਪੰਜਾਬ, ਮੁਹਾਲੀ, 16 ਸਤੰਬਰ:
ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਝਟਕਾ ਦਿੰਦਿਆਂ ਉਸ ਦੀ ਜ਼ਮਾਨਤ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਕਰੀਬ 40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ‘ਆਪ’ ਆਗੂ ਗੱਜਣ ਮਾਜਰਾ ਨੂੰ ਹੁਣ ਰਾਹਤ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਉਣਾ ਪਵੇਗਾ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪਿਛਲੇ ਸਾਲ 6 ਦਸੰਬਰ 2023 ਨੂੰ ਪੰਜਾਬ ਦੀ ਹੁਕਮਰਾਨ ਪਾਰਟੀ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਉਦੋਂ ਤੋਂ ਹੀ ਜੇਲ੍ਹ ਵਿੱਚ ਬੰਦ ਹੈ। ਕਾਬਿਲੇਗੌਰ ਮੁਹਾਲੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਵਿਧਾਇਕ ਗੱਜਣ ਮਾਜਰਾ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲਈ ਸੀ, ਜਿੱਥੇ ਉਸ ਨੇ ਬੈਂਕ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਨੌਤੀ ਦਿੱਤੀ ਸੀ।
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 40 ਕਰੋੜ ਰੁਪਏ ਦੀ ਧੋਖਾਧੜੀ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਮਈ 2023 ਵਿੱਚ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਛਾਪੇਮਾਰੀ ਤੋਂ ਬਾਅਦ ਸੀਬੀਆਈ ਨੇ ਮਾਮਲਾ ਈਡੀ ਨੂੰ ਸੌਂਪ ਦਿੱਤਾ ਗਿਆ। ਇਸ ਮਗਰੋਂ ਈਡੀ ਵੱਲੋਂ ਪਿਛਲੇ ਸਾਲ ਸਤੰਬਰ ਵਿੱਚ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਖ਼ਿਲਾਫ਼ ਕਰਜ਼ਾ ਧੋਖਾਧੜੀ ਦਾ ਵੱਖਰਾ ਕੇਸ ਦਰਜ ਕੀਤਾ ਸੀ। ਛਾਪੇਮਾਰੀ ਦੌਰਾਨ ਈਡੀ ਦੀ ਟੀਮ ਨੇ ਉਸ ਦੀ ਜਾਇਦਾਦ ਤੋਂ 32 ਲੱਖ ਰੁਪਏ ਦੀ ਨਗਦੀ, ਕਈ ਮੋਬਾਈਲ ਫੋਨ ਅਤੇ ਹਾਰਡ ਡਰਾਈਵ ਜ਼ਬਤ ਕੀਤੀ ਸੀ। ਗੱਜਣ ਮਾਜਰਾ ਜਿਸ ਨੇ ਪਹਿਲਾਂ ਇਹ ਦਾਅਵਾ ਕੀਤਾ ਸੀ ਕਿ ਉਹ ਸਿਰਫ਼ 1 ਰੁਪਏ ਪ੍ਰਤੀਕਾਤਮਕ ਤਨਖ਼ਾਹ ਲਵੇਗਾ, ਨੂੰ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ।
ਗ੍ਰਿਫ਼ਤਾਰੀ ਤੋਂ ਬਾਅਦ ਵਿਧਾਇਕ ਗੱਜਣ ਮਾਜਰਾ ਨਾਭਾ ਜੇਲ੍ਹ ਵਿੱਚ ਬੰਦ ਹੈ। ਹਿਰਾਸਤ ਵਿੱਚ ਰਹਿਣ ਦੌਰਾਨ ਉਸ ਨੂੰ ਜੇਲ੍ਹ ਵਿੱਚ ਜ਼ਮੀਨ ’ਤੇ ਫਿਸਲਣ ਕਾਰਨ ਸੱਟ ਲੱਗ ਗਈ ਸੀ ਅਤੇ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਸ ਨੂੰ ਬਾਅਦ ਬਿਮਾਰੀ ਕਾਰਨ ਉਸ ਨੂੰ ਦੁਬਾਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਸਿਆਸੀ ਹਲਕਿਆਂ ਵਿੱਚ ਵਿਵਾਦ ਛਿੜ ਗਿਆ। ਵਿਰੋਧੀ ਪਾਰਟੀਆਂ ਨੇ ਪੰਜਾਬ ਦੀ ‘ਆਪ’ ਸਰਕਾਰ ’ਤੇ ਦੋਸ਼ ਲਾਇਆ ਗਿਆ ਕਿ ਡਾਕਟਰੀ ਜਾਂਚ ਦੀ ਆੜ ਵਿੱਚ ‘ਆਪ’ ਵਿਧਾਇਕ ਨੂੰ ਵੀਆਈਪੀ ਟਰੀਟਮੈਂਟ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਸਿਆਸੀ ਵਿਰੋਧੀਆਂ ਦੀ ਦੂਸ਼ਣਬਾਜ਼ੀ ਅਤੇ ਲੋਕਾਂ ਦੇ ਰੋਹ ਨੂੰ ਦੇਖਦੇ ਹੋਏ ਗੱਜਣ ਮਾਜਰਾ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਸੀ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…