
ਪ੍ਰਤਾਪ ਬਾਜਵਾ ਨੂੰ ਵੱਡੀ ਰਾਹਤ: ਹਾਈ ਕੋਰਟ ਵੱਲੋਂ ਕਾਂਗਰਸ ਆਗੂ ਦੀ ਗ੍ਰਿਫ਼ਤਾਰੀ ’ਤੇ ਰੋਕ
ਮੁਹਾਲੀ ਪੁਲੀਸ ਨੂੰ ਜਾਂਚ ਜਾਰੀ ਰੱਖਣ ਦੀ ਪੂਰੀ ਖੁੱਲ੍ਹ, ਬਾਜਵਾ ਨੂੰ ਜਾਂਚ ਵਿੱਚ ਸਹਿਯੋਗ ਦੇਣ ਲਈ ਕਿਹਾ
ਉੱਚ ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ 22 ਅਪਰੈਲ ਤੱਕ ਆਪਣਾ ਪੱਖ ਰੱਖਣ ਲਈ ਨੋਟਿਸ ਜਾਰੀ
ਨਬਜ਼-ਏ-ਪੰਜਾਬ, ਮੁਹਾਲੀ, 16 ਅਪਰੈਲ:
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬੰਬਾਂ ਬਾਰੇ ਬਿਆਨ ਦੇ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ ਦਿੰਦਿਆਂ 22 ਅਪਰੈਲ ਤੱਕ ਕਾਂਗਰਸ ਆਗੂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਈ ਗਈ ਹੈ। ਉਂਜ ਅਦਾਲਤ ਨੇ ਬਾਜਵਾ ਨੂੰ ਪੁਲੀਸ ਨੂੰ ਜਾਂਚ ਵਿੱਚ ਸਹਿਯੋਗ ਦੇਣ ਲਈ ਕਿਹਾ ਹੈ। ਕਾਂਗਰਸ ਆਗੂ ਨੇ ਮੁਹਾਲੀ ਥਾਣੇ ਵਿੱਚ ਉਨ੍ਹਾਂ ਖ਼ਿਲਾਫ਼ ਦਰਜ ਕੀਤੀ ਤਾਜ਼ਾ ਐਫ਼ਆਈਆਰ ਨੂੰ ਮੁੱਢੋਂ ਰੱਦ ਕਰਨ ਲਈ ਆਪਣੇ ਵਕੀਲ ਏਪੀਐਸ ਦਿਉਲ ਰਾਹੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ’ਤੇ ਸੁਣਵਾਈ ਕਰਦਿਆਂ ਉੱਚ ਅਦਾਲਤ ਨੇ ਬਾਜਵਾ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 22 ਅਪਰੈਲ ਤੱਕ ਆਪਣਾ ਜਵਾਬ ਦੇਣ ਲਈ ਕਿਹਾ ਹੈ। ਨਾਲ ਹੀ ਬਾਜਵਾ ਨੂੰ ਹਦਾਇਤ ਕੀਤੀ ਕਿ ਉਹ ਇਸ ਸੰਵੇਦਨਸ਼ੀਲ ਮੁੱਦੇ ’ਤੇ ਮੀਡੀਆ ਵਿੱਚ ਕੋਈ ਬਿਆਨਬਾਜ਼ੀ ਨਹੀਂ ਕਰਨਗੇ। ਪੁਲੀਸ ਨੂੰ ਵੀ ਆਪਣੀ ਜਾਂਚ ਜਾਰੀ ਰੱਖਣ ਦੀ ਖੁੱਲ੍ਹ ਦਿੰਦਿਆਂ ਬਾਜਵਾ ਨੂੰ ਕਿਹਾ ਹੈ ਕਿ ਉਹ ਮੁਹਾਲੀ ਪੁਲੀਸ ਨੂੰ ਜਾਂਚ ਵਿੱਚ ਸਹਿਯੋਗ ਦੇਣ।
ਕਾਬਿਲੇਗੌਰ ਹੈ ਕਿ ਪ੍ਰਤਾਪ ਬਾਜਵਾ ਨੇ ਨਿੱਜੀ ਟੀਵੀ ਚੈਨਲ ’ਤੇ ਵਿਸ਼ੇਸ਼ ਇੰਟਰਵਿਊ ਵਿੱਚ ਸੂਤਰਾਂ ਦੇ ਹਵਾਲੇ ਨਾਲ ਪੰਜਾਬ ਵਿੱਚ 50 ਬੰਬ ਆਉਣ। ਜਿਨ੍ਹਾਂ ’ਚੋਂ 18 ਚੱਲ ਚੁੱਕੇ ਹਨ ਅਤੇ 32 ਹੋਰ ਹਾਲੇ ਚੱਲਣੇ ਬਾਕੀ ਹਨ, ਬਾਰੇ ਖ਼ੁਲਾਸਾ ਕੀਤਾ ਸੀ। ਇਸ ਸਬੰਧੀ ਬਾਜਵਾ ਦੇ ਖ਼ਿਲਾਫ਼ ਮੁਹਾਲੀ ਦੇ ਸੋਸ਼ਲ ਮੀਡੀਆ ਸੈੱਲ ਦੀ ਮਹਿਲਾ ਸਿਪਾਹੀ ਤਰਨਪ੍ਰੀਤ ਕੌਰ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਸਾਈਬਰ ਅਪਰਾਧ ਥਾਣਾ ਫੇਜ਼-7 ਵਿੱਚ ਬੀਐਨਐਸ ਦੀ ਧਾਰਾ 353 (2), 197 (1) ਡੀ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ ਅਤੇ ਮੰਗਲਵਾਰ ਨੂੰ ਮੁਹਾਲੀ ਥਾਣੇ ਵਿੱਚ ਬਾਜਵਾ ਕੋਲੋਂ ਸਾਢੇ ਪੰਜ ਘੰਟੇ ਲੰਮੀ ਪੁੱਛਗਿੱਛ ਕੀਤੀ ਗਈ।
ਇਸ ਸਬੰਧੀ ਕਾਂਗਰਸ ਆਗੂ ਦੇ ਵਕੀਲ ਏਪੀਐਸ ਦਿਉਲ ਨੇ ਦੱਸਿਆ ਕਿ ਉਨ੍ਹਾਂ ਦੇ ਮੁਵਕਿੱਲ ਤੋਂ ਮੁਹਾਲੀ ਥਾਣੇ ਵਿੱਚ ਕਰੀਬ ਸਾਢੇ ਪੰਜ ਘੰਟੇ ਪੁੱਛਗਿੱਛ ਕੀਤੀ ਗਈ ਅਤੇ ਬਾਜਵਾ ਨੇ ਸਾਰੇ ਸੂਤਰਾਂ ਤੋਂ ਜਾਣੂ ਕਰਵਾਉਂਦਿਆਂ ਪੁਲੀਸ ਦੇ ਸਾਰੇ ਸਵਾਲਾਂ ਦੇ ਸਹੀ ਤਰੀਕੇ ਨਾਲ ਜਵਾਬ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਬੀਐਨਐਸ ਕਾਨੂੰਨ ਤਹਿਤ ਕੇਸ ਦਰਜ ਕਰਨ ਤੋਂ ਪਹਿਲਾਂ ਡੀਐਸਪੀ ਰੈਂਕ ਦੇ ਅਧਿਕਾਰੀ ਦੀ ਮਨਜ਼ੂਰੀ ਅਤੇ ਮੁੱਢਲੀ ਜਾਂਚ ਤੋਂ ਬਾਅਦ ਹੀ ਪੁਲੀਸ ਕੇਸ ਦਰਜ ਸਕਦੀ ਹੈ ਪ੍ਰੰਤੂ ਬਾਜਵਾ ਦੇ ਮਾਮਲੇ ਵਿੱਚ ਪੁਲੀਸ ਨੇ ਆਪਣੀ ਹੀ ਮਹਿਲਾ ਸਿਪਾਹੀ ਦੀ ਸ਼ਿਕਾਇਤ ’ਤੇ ਐਫ਼ਆਈਆਰ ਦਰਜ ਕੀਤੀ ਗਈ ਹੈ। ਵਕੀਲ ਨੇ ਦੱਸਿਆ ਕਿ ਕੇਸ ਦੀ ਸੁਣਵਾਈ ਦੌਰਾਨ ਟੀਵੀ ਚੈਨਲ ’ਤੇ ਦਿੱਤੀ ਇੰਟਰਵਿਊ ਦੀ ਸੀਡੀ ਵੀ ਅਦਾਲਤ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਬਾਜਵਾ ਖ਼ਿਲਾਫ਼ ਬੇਬੁਨਿਆਦ ਪਰਚਾ ਦਰਜ ਕੀਤਾ ਗਿਆ ਹੈ। ਵਿਰੋਧੀ ਧਿਰ ਦੇ ਆਗੂ ਨੇ ਅਣਟਰੇਸ ਬੰਬਾਂ ਬਾਰੇ ਇੰਟਰਵਿਊ ਰਾਹੀਂ ਪੰਜਾਬ ਸਰਕਾਰ ਅਤੇ ਪੁਲੀਸ ਨੂੰ ਅਗਾਊਂ ਜਾਣਕਾਰੀ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਪਿੱਛੇ ਉਨ੍ਹਾਂ ਦੀ ਕੋਈ ਹੋਰ ਮਨਸ਼ਾ ਨਹੀਂ ਸੀ।
ਉਧਰ, ਪੰਜਾਬ ਸਰਕਾਰ ਦੇ ਨੁਮਾਇੰਦਿਆਂ ਅਤੇ ਪੁਲੀਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਬਾਜਵਾ ਨੇ ਬੰਬਾਂ ਬਾਰੇ ਬਿਆਨ ਦੇ ਮਾਮਲੇ ਵਿੱਚ ਪੁਖ਼ਤਾ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਗਈ। ਪੁੱਛੇ ਗਏ ਸਵਾਲਾਂ ਦੇ ਸਿਰਫ਼ ਗੋਲਮੋਲ ਹੀ ਜਵਾਬ ਦਿੱਤੇ ਗਏ ਹਨ। ਸਰਕਾਰੀ ਵਕੀਲ ਨੇ ਵੀ ਮੁਹਾਲੀ ਪੁਲੀਸ ਕਾਰਵਾਈ ਨੂੰ ਜਾਇਜ਼ਾ ਦੱਸਦਿਆਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅਦਾਲਤ ਵਿੱਚ ਆਪਣਾ ਪੱਖ ਰੱਖਿਆ ਜਾਵੇਗਾ।