
ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੂੰ ਜ਼ਬਰਦਸਤ ਝਟਕਾ: ਤਿੰਨ ਕਿਸਾਨ ਆਗੂਆਂ ਨੇ ਅਹੁਦਿਆਂ ਤੋਂ ਅਸਤੀਫ਼ੇ ਦਿੱਤੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਦਸੰਬਰ:
ਕਿਸਾਨ ਵਿਰੋਧੀ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਜੰਗ ਜਿੱਤਣ ਤੋਂ ਬਾਅਦ ਭਾਵੇਂ ਕਿਸਾਨ ਜਥੇਬੰਦੀਆਂ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ ਪ੍ਰੰਤੂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੂੰ ਮੁਹਾਲੀ ਜ਼ਿਲ੍ਹੇ ਵਿੱਚ ਜ਼ਬਰਦਸਤ ਝਟਕਾ ਲੱਗਾ ਹੈ। ਅੱਜ ਜਥੇਬੰਦੀ ਦੇ ਜ਼ਿਲ੍ਹਾ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਸਿਆਊ, ਬਲਾਕ ਮੁਹਾਲੀ ਦੇ ਪ੍ਰਧਾਨ ਲਖਵਿੰਦਰ ਸਿੰਘ ਕਰਾਲਾ ਅਤੇ ਹਰਦੀਪ ਸਿੰਘ ਪ੍ਰਧਾਨ ਸਰਕਲ ਜ਼ੀਰਕਪੁਰ ਨੇ ਆਪੋ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਲਾਂਕਿ ਇਨ੍ਹਾਂ ਆਗੂਆਂ ਨੇ ਆਪਣੇ ਤਿਆਗ ਪੱਤਰ ਵਿੱਚ ਨਿੱਜੀ ਕਾਰਨਾਂ ਕਰਕੇ ਅਸਤੀਫ਼ੇ ਦੇਣ ਦੀ ਗੱਲ ਆਖੀ ਹੈ ਪ੍ਰੰਤੂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਜਥੇਬੰਦੀ ਦੇ ਸੀਨੀਅਰ ਆਗੂਆਂ ’ਤੇ ਪੁਲੀਸ ਵਧੀਕੀਆਂ ਦਾ ਸ਼ਿਕਾਰ ਕਿਸਾਨਾਂ ਦੀ ਬਾਂਹ ਨਾ ਫੜਨ ਅਤੇ ਉਨ੍ਹਾਂ ਦੀ ਅਣਦੇਖੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਨੇ ਆਪਣੇ ਅਸਤੀਫ਼ੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੂੰ ਭੇਜੇ ਹਨ।
ਡੀਸੀ ਦਫ਼ਤਰ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਕਿਰਪਾਲ ਸਿੰਘ ਸਿਆਊ ਅਤੇ ਲਖਵਿੰਦਰ ਸਿੰਘ ਕਲਾਲਾ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਪਹਿਲੇ ਦਿਨ ਤੋਂ ਕਿਸਾਨੀ ਸੰਘਰਸ਼ ਦਾ ਹਿੱਸਾ ਬਣੇ ਹਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅਜ਼ੀਜ਼ਪੁਰ ਟੋਲ ਪਲਾਜ਼ਾ ਸਮੇਤ ਮੁਹਾਲੀ ਜ਼ਿਲ੍ਹੇ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤੇ ਜਾਂਦੇ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦਿੱਤੇ ਗਏ ਹਨ ਪ੍ਰੰਤੂ ਭਵਿੱਖ ਵਿੱਚ ਕਿਸਾਨਾਂ ਦੇ ਹੱਕਾਂ ਅਤੇ ਅਧਿਕਾਰਾਂ ਦੀ ਲੜਾਈ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ।
ਪ੍ਰਧਾਨ ਮੰਤਰੀ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਕਿਸਾਨਾਂ ਦੀ ਇਤਿਹਾਸਕ ਜਿੱਤ ਦੱਸਦਿਆਂ ਕਿਹਾ ਕਿ ਕਿੰਨਾ ਚੰਗਾ ਹੁੰਦਾ ਜੇਕਰ ਕੇਂਦਰ ਸਰਕਾਰ ਸੰਘਰਸ਼ ਦੇ ਪਹਿਲੇ ਹੀ ਦਿਨ ਇਹ ਮੰਗ ਮੰਨ ਲੈਂਦੀ ਤਾਂ ਪੰਜਾਬ ਦੇ 700 ਕਿਸਾਨਾਂ ਦੀਆਂ ਕੀਮਤੀਆਂ ਜਾਨਾਂ ਬਚ ਸਕਦੀਆਂ ਸਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਬਾਕੀ ਜਾਇਜ਼ ਮੰਗਾਂ ਵੀ ਜਲਦੀ ਮੰਨੀਆਂ ਜਾਣ।