
ਵੇਰਕਾ ਮਿਲਕ ਪਲਾਂਟ ਦੀ ਚੋਣਾਂ ਵਿੱਚ ਕਾਂਗਰਸ ਦੀ ਵੱਡੀ ਜਿੱਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਗਸਤ:
ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰਾਂ ਦੀ ਹੋਈ ਚੋਣ ਵਿੱਚ ਕਾਂਗਰਸ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਲਿਖਤੀ ਬਿਆਨ ਵਿੱਚ ਕੀਤਾ। ਉਨ੍ਹਾਂ ਨੇ ਜ਼ੋਨ ਨੰਬਰ-7 ਅਤੇ ਜ਼ੋਨ ਨੰਬਰ-8 ਤੋਂ ਚੋਣ ਜਿੱਤੇ ਕਾਂਗਰਸੀ ਆਗੂ ਗੁਰਮੀਤ ਸਿੰਘ ਮੀਆਂਪੁਰ ਚੰਗਰ ਅਤੇ ਰਣਜੀਤ ਸਿੰਘ ਪੜੌਲ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸ੍ਰੀ ਕੰਗ ਨੇ ਕਿਹਾ ਕਿ ਵੇਰਕਾ ਮਿਲਕ ਪਲਾਂਟ ਕਿਸਾਨਾਂ ਅਤੇ ਡੇਅਰੀ ਫਾਰਮਾਂ ਲਈ ਬਹੁਤ ਵੱਡਾ ਅਦਾਰਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਬੰਧਤ ਦੁੱਧ ਉਤਪਾਦਕਾਂ/ਕਿਸਾਨਾਂ ਨੂੰ ਹੋਰ ਵਧੇਰੇ ਸਹੂਲਤਾਂ ਮੁਹੱਈਆ ਕਰਵਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਇਲਾਕੇ ਦੇ ਨੌਜਵਾਨਾਂ ਨੂੰ ਸਹਾਇਕ ਧੰਦਿਆਂ ਨਾਲ ਜੋੜਿਆ ਜਾਵੇਗਾ ਤਾਂ ਜੋ ਬੇਰੁਜ਼ਗਾਰੀ ਨੂੰ ਠੱਲ੍ਹ ਪਾਈ ਜਾ ਸਕੇ।