ਵੈਟਰਨਰੀ ਵਰਕਰਾਂ ਨਾਲ ਧਰਨੇ ’ਤੇ ਬੈਠੇ ਬਿਕਰਮ ਮਜੀਠੀਆ ਤੇ ਹੋਰ ਅਕਾਲੀ ਆਗੂ

ਪੰਜਾਬ ਸਰਕਾਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਖੋਖਲੇ: ਮਜੀਠੀਆ

ਨਬਜ਼-ਏ-ਪੰਜਾਬ, ਮੁਹਾਲੀ, 21 ਸਤੰਬਰ:
ਇੱਥੋਂ ਦੇ ਸੈਕਟਰ-68 ਸਥਿਤ ਪਸ਼ੂ ਪਾਲਣ ਵਿਭਾਗ ਅਤੇ ਲਾਈਵ ਸਟਾਕ ਭਵਨ ਦੇ ਬਾਹਰ ਲੜੀਵਾਰ ਧਰਨੇ ’ਤੇ ਬੈਠੇ ਵੈਟਰਨਰੀ ਏਆਈ ਵਰਕਰਾਂ ਦੇ ਸੰਘਰਸ਼ ਨੂੰ ਅੱਜ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਅਚਾਨਕ ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਪਹੁੰਚ ਗਏ ਅਤੇ ਵਰਕਰਾਂ ਨਾਲ ਧਰਨੇ ’ਤੇ ਬੈਠ ਕੇ ਸਰਕਾਰ ਪ੍ਰਤੀ ਰੋਸ ਪ੍ਰਗਟਾਇਆ। ਇਸ ਮੌਕੇ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਹਲਕਾ ਇੰਚਾਰਜ ਖਰੜ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਤੇ ਹੋਰ ਅਕਾਲੀ ਆਗੂ ਵੀ ਮਜੀਠੀਆ ਨਾਲ ਧਰਨੇ ’ਤੇ ਬੈਠੇ।
ਇਸ ਮੌਕੇ ਬੋਲਦਿਆਂ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਵੈਟਰਨਰੀ ਏਆਈ ਵਰਕਰਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਅਤੇ ਦਾਅਵੇ ਵੀ ਖੋਖਲੇ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵੈਟਰਨਰੀ ਏਆਈ ਵਰਕਰ ਸੂਬੇ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੇ ਪਸ਼ੂ-ਧਨ ਦੀ ਕਵਾਲਿਟੀ ਸੁਧਾਰਨ ਲਈ ਆਰਟੀਫੀਸ਼ੀਅਲ ਇਨਸੈਮੀਨੇਸ਼ਨ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਮੰਤਰੀ ਦੇ ਭਰੋਸੇ ਅਤੇ ਕੈਬਨਿਟ ਸਬ ਕਮੇਟੀ ਵੱਲੋਂ ਵਿਭਾਗ ਵਿੱਚ 1183 ਅਸਾਮੀਆਂ ਭਰਨ ਦੀ ਸਿਫ਼ਾਰਸ਼ ਕਰਨ ਦੇ ਬਾਵਜੂਦ ਹਾਲੇ ਤੱਕ ਇਨ੍ਹਾਂ ਵਰਕਰਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ 13 ਹਜ਼ਾਰ ਪਿੰਡਾਂ ਵਿੱਚ 649 ਵੈਟਰਨਰੀ ਏਆਈ ਵਰਕਰ ਸੇਵਾਵਾਂ ਦੇ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਇਨਸਾਫ਼ ਪ੍ਰਾਪਤੀ ਲਈ ਧਰਨੇ ਦੇਣੇ ਪੈ ਰਹੇ ਹਨ।
ਮਜੀਠੀਆ ਨੇ ਵਰਕਰਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਅਕਾਲੀ ਦਲ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਵੱਖ-ਵੱਖ ਵਰਗਾਂ ਦੇ ਮੁਲਾਜ਼ਮਾਂ ਨਾਲ ਧੋਖਾ ਕਰਨ ਦਾ ਦੋਸ਼ ਵੀ ਲਾਇਆ। ਅਕਾਲੀ ਆਗੂ ਨੇ ਸਾਰੀਆਂ ਯੂਨੀਅਨਾਂ ਤੇ ਐਸੋਸੀਏਸ਼ਨਾਂ (ਜਿਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਗਿਆ ਸੀ) ਨੂੰ ਸੂਬਾ ਪੱਧਰੀ ਐਕਸ਼ਨ ਕਮੇਟੀ ਬਣਾਉਣ ਦਾ ਸੁਝਾਅ ਦਿੰਦਿਆਂ ਕਿਹਾ ਕਿ ਸਰਕਾਰ ਯੂਨੀਅਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਸੱਤਾ ਦੀ ਦੁਰਵਰਤੋਂ ਨਾਲ ਉਨ੍ਹਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ।
ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਨਾਲੋਂ ਗੁਆਂਢੀ ਸੂਬਿਆਂ ਨਾਲ ਜ਼ਿਆਦਾ ਮੋਹ ਹੈ। ਪਿਛਲੇ ਸਾਲ ਪਸ਼ੂ ਪਾਲਣ ਵਿਭਾਗ ਵਿੱਚ 68 ਵੈਟਰਨਰੀ ਇੰਸਪੈਕਟਰ ਭਰਤੀ ਕੀਤੇ ਗਏ ਸਨ। ਜਿਨ੍ਹਾਂ ’ਚੋਂ 24 ਹਰਿਆਣਾ ਅਤੇ 12 ਰਾਜਸਥਾਨ ਦੇ ਹਨ। ਇਸੇ ਤਰ੍ਹਾਂ ਪਿੱਛੇ ਜਿਹੇ 310 ਵੈਟਰਨਰੀ ਇੰਸਪੈਕਟਰ ਭਰਤੀ ਕੀਤੇ ਗਏ। ਇਨ੍ਹਾਂ ’ਚੋਂ ਵੀ 134 ਹਰਿਆਣਾ ਅਤੇ ਰਾਜਸਥਾਨ ਤੋਂ ਹਨ। ਪਿਛਲੇ ਦਿਨੀਂ ਮਾਨਸਾ ਵਿੱਚ ਭਰਤੀ ਕੀਤੇ 7 ਸਬ ਇੰਸਪੈਕਟਰਾਂ ’ਚੋਂ ਛੇ ਹਰਿਆਣਾ ਨਾਲ ਸਬੰਧਤ ਹਨ ਜਦੋਂਕਿ ਲਾਈਨਮੈਨਾਂ ਦੀਆਂ ਭਰੀਆਂ 1370 ਆਸਾਮੀਆਂ ’ਚੋਂ 534 ਹਰਿਆਣਾ ਤੇ 94 ਰਾਜਸਥਾਨ ਤੋਂ ਹਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…