Nabaz-e-punjab.com

ਆਪ ਨਾਲ ਸਮਝੌਤਾ ਹੋਵੇ ਜਾਂ ਨਾ, ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਬੀਰਦਵਿੰਦਰ ਸਿੰਘ ਹੀ ਹੋਣਗੇ ਉਮੀਦਵਾਰ: ਬ੍ਰਹਮਪੁਰਾ

ਬੇਅਦਬੀ ਮਾਮਲਾ: ਜੇਕਰ ਬਾਦਲ ਪਰਿਵਾਰ ਤੇ ਹੋਰ ਆਗੂ ਸੱਚੇ ਤਾਂ ਵਿਸ਼ੇਸ਼ ਜਾਂਚ ਟੀਮ ਨੂੰ ਸਹਿਯੋਗ ਦੇਣ ਤੋਂ ਨਾ ਭੱਜਣ

ਅਕਾਲੀ ਦਲ ਬਾਦਲ ਨਾਲ ਲੰਮਾ ਸਮਾਂ ਜੁੜੇ ਰਹੇ ਗੁਰਸੇਵ ਸਿੰਘ ਹਰਪਾਲਪੁਰ ਸਾਥੀਆਂ ਸਣੇ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ

ਬੇਅਦਬੀ ਮਾਮਲੇ ਵਿੱਚ ਜ਼ਿੰਮੇਵਾਰ ਸਿਆਸੀ ਪਰਿਵਾਰ ਤੇ ਸਾਥੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਉਮੀਦਵਾਰ ਬਾਰੇ ਸਾਰੀਆਂ ਕਿਆਸ-ਆਰਾਈਆਂ ’ਤੇ ਵਿਰਾਮ ਲਗਾਉਂਦਿਆਂ ਸਪੱਸ਼ਟ ਆਖਿਆ ਹੈ ਕਿ ਉਨ੍ਹਾਂ ਦੀ ਪਾਰਟੀ ਦਾ ਆਮ ਆਦਮੀ ਪਾਰਟੀ (ਆਪ) ਨਾਲ ਸਿਆਸੀ ਗੱਠਜੋੜ ਹੋਵੇ ਜਾਂ ਨਾ ਹੋਵੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਬੀਰਦਵਿੰਦਰ ਸਿੰਘ ਹੀ ਚੋਣ ਲੜਨਗੇ। ਉਹ ਅੱਜ ਇੱਥੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰ ਰਹੇ ਸੀ। ਇਸ ਤੋਂ ਪਹਿਲਾਂ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜ ਦੇ ਕਰੀਬੀ, ਅਕਾਲੀ ਦਲ (ਬਾਦਲ) ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਲੰਮਾ ਸਮਾਂ ਜੁੜੇ ਰਹੇ ਪੰਥਕ ਆਗੂ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਜਥੇਦਾਰ ਬ੍ਰਹਮਪੁਰਾ ਅਤੇ ਪਾਰਟੀ ਵੱਲੋਂ ਐਲਾਨੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਜਥੇਦਾਰ ਹਰਪਾਲਪੁਰ ਤੇ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਅਤੇ ਜਥੇਦਾਰ ਉਜਾਗਰ ਸਿੰਘ ਬਡਾਲੀ ਵੀ ਹਾਜ਼ਰ ਸਨ।
ਇਸ ਮੌਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਕਾਂਗਰਸ ਹਕੂਮਤ ਅਤੇ ਬਾਦਲਕਿਆਂ ਤੋਂ ਸਤਾਏ ਹੋਏ ਆਗੂ ਅਤੇ ਆਮ ਲੋਕ ਪੰਜਾਬ ਵਿੱਚ ਇੱਕ ਨਵਾਂ ਇਨਕਲਾਬੀ ਬਦਲਾਅ ਚਾਹੁੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਉਮੀਦਵਾਰ ਬੀਰਦਵਿੰਦਰ ਸਿੰਘ ਨੂੰ ਸਮਰਥਨ ਅਤੇ ਸਹਿਯੋਗ ਦਿੱਤਾ ਜਾਵੇ। ਆਪ ਨਾਲ ਸਮਝੌਤੇ ਬਾਰੇ ਪੁੱਛੇ ਜਾਣ ’ਤੇ ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਹਾਲੇ ਝਾੜੂ ਵਾਲਿਆਂ ਨਾਲ ਗੱਲ ਕਿਸੇ ਕੰਢੇ ਨਹੀਂ ਲੱਗੀ ਹੈ ਪ੍ਰੰਤੂ ਅਗਲੇ ਹਫ਼ਤੇ ਹੋਣ ਵਾਲੀ ਮੀਟਿੰਗ ਵਿੱਚ ਕੋਈ ਫੈਸਲਾ ਲਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਿਆਸੀ ਗੱਠਜੋੜ ਲਈ ਸ੍ਰੀ ਅਨੰਦਪੁਰ ਸੀਟ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇ।
ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਯੂਥ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆੜੇ ਹੱਥੀਂ ਲੈਂਦਿਆਂ ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਜੀਜਾ ਸਾਲੇ ਦੀ ਨਿਕੰਮੀ ਲੀਡਰਸ਼ਿਪ ਕਾਰਨ ਪਿਛਲੇ ਸਮੇਂ ਦੌਰਾਨ ਅਕਾਲੀ ਦਲ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਜਿਸ ਦੀ ਭਰਪਾਈ ਹੁਣ ਕਿਸੇ ਵੀ ਕੀਮਤ ’ਤੇ ਪੂਰੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਅਤੇ ਬਰਗਾੜੀ ਗੋਲੀ ਕਾਂਡ ਦੀ ਜਾਂਚ ਲਈ ਬਾਦਲਾਂ ਵੱਲੋਂ ਵਿਸ਼ੇਸ਼ ਜਾਂਚ ਟੀਮ ਨੂੰ ਸਹਿਯੋਗ ਨਾ ਦੇਣਾ ਮੰਦਭਾਗਾ ਦੱਸਦਿਆਂ ਕਿਹਾ ਕਿ ਜੇਕਰ ਬਾਦਲ ਸੱਚੇ ਹਨ ਤਾਂ ਉਨ੍ਹਾਂ ਨੂੰ ਪੁਲੀਸ ਤੋਂ ਡਰਨ ਦੀ ਲੋੜ ਨਹੀਂ ਹੈ ਪ੍ਰੰਤੂ ਹੁਣ ਉਨ੍ਹਾਂ ਨੂੰ ਆਪਣੇ ਗਨਾਹਾਂ ਕਾਰਨ ਜੇਲ੍ਹ ਜਾਣ ਦਾ ਡਰ ਸਤਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੇਅਦਬੀ ਮਾਮਲੇ ਵਿੱਚ ਜ਼ਿੰਮੇਵਾਰ ਸਿਆਸੀ ਪਰਿਵਾਰ ਤੇ ਸਾਥੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਜਥੇਦਾਰ ਬ੍ਰਹਮਪੁਰਾ ਨੇ ਕੈਪਟਨ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋਈ ਹੈ। ਕਾਂਗਰਸ ਨੇ ਵਿਧਾਨ ਸਭਾ ਚੋਣਾਂ ਵਿੱਚ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼, ਨਸ਼ਿਆਂ ਦਾ ਖ਼ਾਤਮਾ, ਘਰ ਘਰ ਰੁਜ਼ਗਾਰ ਤਹਿਤ ਨੌਕਰੀਆਂ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਪਿਛਲੇ ਦੋ ਸਾਲਾਂ ਵਿੱਚ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ।
ਇਸ ਮੌਕੇ ਟਕਸਾਲੀ ਆਗੂ ਹਰਮਹਿੰਦਰ ਸਿੰਘ ਢਿੱਲੋਂ, ਫੈਡਰੇਸ਼ਨ ਆਗੂ ਪਲਵਿੰਦਰ ਸਿੰਘ ਰਾਏਪੁਰ, ਸੁਰਜੀਤ ਸਿੰਘ ਕਲਕੱਤਾ, ਭੁਪਿੰਦਰ ਸਿੰਘ ਟਿਵਾਣਾ, ਬਲਜੀਤ ਸਿੰਘ ਭਾਊ, ਅਮਰੀਕ ਸਿੰਘ ਧਾਲੀਵਾਲ, ਪਰਮਿੰਦਰ ਸਿੰਘ, ਹਰਵਿੰਦਰ ਸਿੰਘ, ਦੀਦਾਰ ਸਿੰਘ ਸਿੱਧੂ, ਰਮਿੰਦਰ ਸਿੰਘ ਮਲੋਆ, ਹਰਦੇਵ ਸਿੰਘ ਸਨੌਲੀ ਸਮੇਤ ਕਈ ਹੋਰਨਾਂ ਆਗੂਆਂ ਨੇ ਵੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪਾਰਟੀ ਆਗੂ ਜੀਪੀਐਸ ਗਿੱਲ, ਗਗਨਪ੍ਰੀਤ ਸਿੰਘ ਬੈਂਸ, ਨਿਰੰਜਨ ਸਿੰਘ ਲਹਿਲ, ਹਰਭਜਨ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਨੇ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਘੇਰਿਆ

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਨੇ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਘੇਰਿਆ ਮਹਿਲਾ ਪ੍ਰੋਫ਼ੈਸਰਾਂ ਸਮ…