ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਸਾਲਾਨਾ ਧਾਰਮਿਕ ਸਮਾਗਮ

ਖੂਨਦਾਨ ਕੈਂਪ ਵਿੱਚ 812 ਸ਼ਰਧਾਲੂਆਂ ਨੇ ਕੀਤਾ ਖੂਨਦਾਨ

ਪ੍ਰਬੰਧਕਾਂ ਵੱਲੋਂ ਸਾਰੇ ਖੂਨਦਾਨੀਆਂ ਦਾ ਦੇਸੀ ਘੀ ਦੀ ਪੰਜੀਰੀ ਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਾਬਾ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ (ਤਤਕਾਲੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਅੱਜ ਸਮਾਪਤ ਹੋ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਵਿੱਚ ਬੀਬੀ ਦਲੇਰ ਕੌਰ ਪੰਡੋਰੀ ਖਾਸ ਵਾਲੀਆਂ ਬੀਬੀਆਂ ਦੇ ਗੋਲਡ ਮੈਡਲਿਸਟ ਇੰਟਰਨੈਸ਼ਨਲ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਦੇਸ਼, ਕੌਮ ਅਤੇ ਧਰਮ ਖਾਤਰ ਅੰਗਰੇਜ਼ਾਂ ਨਾਲ ਲੜੀ ਜੰਗ ਸਮੇਤ ਇਸ ਪਵਿੱਤਰ ਅਸਥਾਨ ’ਤੇ ਹਜ਼ਾਰਾਂ ਸਿੰਘਾਂ ਸਮੇਤ ਸ਼ਹੀਦੀ ਪ੍ਰਾਪਤ ਕਰਨ ਦਾ ਪੂਰਾ ਪ੍ਰਸੰਗ ਸੰਗਤ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ।
ਭਾਈ ਓਂਕਾਰ ਸਿੰਘ ਊਨਾ ਵਾਲਿਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਪਿੰਦਰਪਾਲ ਸਿੰਘ ਲੁਧਿਆਣੇ ਵਾਲੇ, ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਭਾਈ ਮਹਿਲ ਸਿੰਘ ਦਾ ਇੰਟਰਨੈਸ਼ਨਲ ਕਵੀਸ਼ਰੀ ਜਥਾ, ਭਾਈ ਗੁਰਪ੍ਰੀਤ ਸਿੰਘ ਇੰਟਰਨੈਸ਼ਨਲ ਢਾਡੀ ਜਥਾ, ਭਾਈ ਬੰਤਾ ਸਿੰਘ ਭਾਈ ਬਿਧੀਚੰਦ ਸੰਪ੍ਰਦਾਇ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਉਧਰ, ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੀ ਯਾਦ ਵਿੱਚ ਮੈਗਾ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ 812 ਸ਼ਰਧਾਲੂਆਂ ਨੇ ਖੂਨਦਾਨ ਕੀਤਾ। ਗੁਰਦੁਆਰਾ ਕਮੇਟੀ ਵੱਲੋਂ ਸਾਰੇ ਖੂਨਦਾਨੀਆਂ ਨੂੰ ਦੇਸੀ ਘੀ ਦੀ ਪੰਜੀਰੀ, ਸਨਮਾਨ ਚਿੰਨ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਕਈ ਸੰਤਾਂ, ਮਹਾਂ ਪੁਰਸ਼ਾਂ ਨੇ ਖੂਨਦਾਨੀਆਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਸਿਆਸੀ ਆਗੂ, ਧਾਰਮਿਕ ਸ਼ਖ਼ਸੀਅਤਾਂ, ਇਲਾਕੇ ਦੇ ਪਿੰਡਾਂ ਅਤੇ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Check Also

ਲੁੱਟਾਂ-ਖੋਹਾਂ ਦਾ ਮਾਮਲਾ: ਨਾਜਾਇਜ਼ ਅਸਲੇ ਸਣੇ ਗਰੋਹ ਦੇ ਮੁਖੀ ਸਣੇ ਚਾਰ ਮੈਂਬਰ ਗ੍ਰਿਫ਼ਤਾਰ

ਲੁੱਟਾਂ-ਖੋਹਾਂ ਦਾ ਮਾਮਲਾ: ਨਾਜਾਇਜ਼ ਅਸਲੇ ਸਣੇ ਗਰੋਹ ਦੇ ਮੁਖੀ ਸਣੇ ਚਾਰ ਮੈਂਬਰ ਗ੍ਰਿਫ਼ਤਾਰ ਮੁਲਜ਼ਮ ਯੂਪੀ ਤੋਂ …