ਭਾਜਪਾ ਉਮੀਦਵਾਰ ਦੇ ਪਤੀ ਨੇ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਇੱਥੋਂ ਦੇ ਵਾਰਡ ਨੰਬਰ-37 ਤੋਂ ਭਾਜਪਾ ਦੀ ਮਹਿਲਾ ਉਮੀਦਵਾਰ ਮੁੰਨੀ ਦੇਵੀ ਦੇ ਪਤੀ ਸੋਮ ਪਾਲ (42) ਨੇ ਬੁੱਧਵਾਰ ਨੂੰ ਆਤਮ ਹੱਤਿਆ ਕਰ ਲਈ। ਉਹ ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਦੇ ਮੁਹਾਲੀ ਸਥਿਤ ਦਫ਼ਤਰ ਵਿੱਚ ਠੇਕਾ ਮੁਲਾਜ਼ਮ ਵਜੋਂ ਕੰਮ ਕਰਦਾ ਸੀ ਅਤੇ ਉਸ ਨੇ ਅੱਜ ਆਪਣੇ ਦਫ਼ਤਰ ਵਿੱਚ ਛੱਤ ਵਾਲੇ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਬੜੀ ਹੈਰਾਨੀ ਦੀ ਗੱਲ ਹੈ ਜਦੋਂ ਠੇਕਾ ਮੁਲਾਜ਼ਮ ਇਹ ਕਦਮ ਚੁੱਕਿਆ ਅਤੇ ਘਟਨਾ ਵਾਪਰੀ ਤਾਂ ਦਫ਼ਤਰ ਦੇ ਬਾਕੀ ਸਟਾਫ਼ ਨੂੰ ਇਸ ਦੀ ਭਿਣਕ ਤੱਕ ਨਹੀਂ ਲੱਗੀ।
ਮ੍ਰਿਤਕ ਦੀ ਪਤਨੀ ਦੀ ਜਾਣਕਾਰੀ ਅਨੁਸਾਰ ਉਹ ਪਿਛਲੇ ਕੁੱਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਜਿਹਾ ਚੱਲ ਰਿਹਾ ਸੀ। ਉਨ੍ਹਾਂ ਦੇ ਪਰਿਵਾਰ ’ਤੇ ਭਾਜਪਾ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਲਈ ਦਬਾਅ ਪਾਇਆ ਜਾ ਰਿਹਾ ਸੀ। ਲੰਘੀ ਰਾਤ ਉਨ੍ਹਾਂ ਦੇ ਪਤੀ ਦਾ ਕੁੱਝ ਵਿਅਕਤੀਆਂ ਨਾਲ ਝਗੜਾ ਵੀ ਹੋਇਆ ਦੱਸਿਆ ਜਾ ਰਿਹਾ ਹੈ। ਜਿਸ ਦੇ ਚੱਲਦੇ ਅੱਜ ਉਸ ਨੇ ਆਪਣੇ ਦਫ਼ਤਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਹੀ ਪੁਲੀਸ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲੈਣ ਉਪਰੰਤ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪੁਲੀਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਹੈ। ਭਾਜਪਾ ਉਮੀਦਵਾਰ ਮੁੰਨੀ ਦੇਵੀ ਨੇ ਪੁਲੀਸ ਨੂੰ ਸ਼ਿਕਾਇਤ ਦੇ ਕੇ ਸਮੁੱਚੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਮੰਗ ਕੀਤੀ ਕਿ ਉਸ ਦੇ ਪਤੀ ਨਾਲ ਝਗੜਾ ਕਰਨ ਅਤੇ ਚੋਣ ਨਾ ਲੜਨ ਦਾ ਦਬਾਅ ਪਾਉਣ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਸ ਨੇ ਪੁਲੀਸ ਨੂੰ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਬੰਧਤ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਆਪਣੇ ਪਤੀ ਦਾ ਅੰਤਿਮ ਸਸਕਾਰ ਨਹੀਂ ਕਰਨਗੇ।
ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਨੇ ਕਿਹਾ ਕਿ ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਹੈ ਅਤੇ ਪੋਸਟ ਮਾਰਟਮ ਰਿਪੋਰਟ ਮਿਲਣ ਅਤੇ ਮੁੱਢਲੀ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…