ਭਾਜਪਾ ਉਮੀਦਵਾਰ ਦੇ ਪਤੀ ਵੱਲੋਂ ਖ਼ੁਦਕੁਸ਼ੀ ਮਾਮਲੇ ਵਿੱਚ ਸਾਬਕਾ ਕੌਂਸਲਰ ਸਣੇ 3 ਜਣਿਆਂ ’ਤੇ ਪਰਚਾ ਦਰਜ

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਮੌਕੇ ’ਤੇ ਪਹੁੰਚ ਕੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ:
ਇੱਥੋਂ ਦੇ ਵਾਰਡ ਨੰਬਰ-37 (ਪਿੰਡ ਮਟੌਰ) ਤੋਂ ਭਾਜਪਾ ਦੀ ਉਮੀਦਵਾਰ ਮੁੰਨੀ ਦੇਵੀ ਦੇ ਪਤੀ ਸੋਮ ਪਾਲ (42) ਖ਼ੁਦਕੁਸ਼ੀ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਮੁੰਨੀ ਦੇਵੀ ਦੀ ਸ਼ਿਕਾਇਤ ’ਤੇ ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਉਸ ਦੇ ਭਰਾ ਅਤੇ ਭਰਜਾਈ ਖ਼ਿਲਾਫ਼ ਧਾਰਾ 306 ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਧਰ, ਅੱਜ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਮੁਹਾਲੀ ਪਹੁੰਚ ਕੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਭਾਜਪਾ ਉਮੀਦਵਾਰਾਂ, ਆਗੂਆਂ ਅਤੇ ਵਰਕਰਾਂ ਨੂੰ ਘੇਰ ਕੇ ਹਮਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸਾਬਕਾ ਮੰਤਰੀ ਤੇ ਨਗਰ ਨਿਗਮ ਚੋਣਾਂ ਲਈ ਭਾਜਪਾ ਦੇ ਇੰਚਾਰਜ ਕੇਡੀ ਭੰਡਾਰੀ, ਸੂਬਾ ਕਾਰਜਕਾਰਨੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ, ਸੰਜੀਵ ਵਸ਼ਿਸ਼ਟ ਨੇ ਨਗਰ ਨਿਗਮ ਚੋਣਾਂ ਸਬੰਧੀ ਮੌਜੂਦਾ ਸਥਿਤੀ ਬਾਰੇ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ।
ਥਾਣਾ ਫੇਜ਼-1 ਦੇ ਐਸਐਚਓ ਸ਼ਿਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਮੁੰਨੀ ਦੇਵੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਦੇ ਪਤੀ ’ਤੇ ਪਿਛਲੇ ਕਈ ਦਿਨਾਂ ਤੋਂ ਦਬਾਅ ਪਾਇਆ ਜਾ ਰਿਹਾ ਸੀ ਕਿ ਉਹ ਆਪਣੀ ਪਤਨੀ ਨੂੰ ਭਾਜਪਾ ਦੀ ਟਿਕਟ ’ਤੇ ਚੋਣ ਨਾ ਲੜਾਉਣ ਅਤੇ ਆਪਣੇ ਪੇਪਰ ਵਾਪਸ ਲੈ ਲੈਣ। ਜਿਸ ਕਾਰਨ ਉਸਦਾ ਪਤੀ ਕਾਫੀ ਪ੍ਰੇਸ਼ਾਨ ਸੀ। ਮ੍ਰਿਤਕ ਦੇ ਸਾਲੇ ਬਲਜਿੰਦਰ ਮੋਨੂੰ ਨੇ ਕਿਹਾ ਕਿ 9 ਫਰਵਰੀ ਨੂੰ ਉਸਦੇ ਜੀਜੇ ਨਾਲ ਵਿਰੋਧੀਆਂ ਵੱਲੋਂ ਕਥਿਤ ਦੁਰਵਿਵਹਾਰ ਕੀਤਾ ਗਿਆ ਸੀ। ਪਿਛਲੀ ਦਿਨੀਂ ਸ਼ਾਮ ਨੂੰ ਕਰੀਬ ਪੰਜ ਵਜੇ ਉਸ ਨੂੰ ਫੋਨ ਕਰਕੇ ਦੱਸਿਆ ਗਿਆ ਕਿ ਉਸ ਦੇ ਜੀਜੇ ਨੂੰ ਕੁੱਝ ਵਿਅਕਤੀਆਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਵਾਈਪੀਐਸ ਚੌਂਕ ਨੇੜੇ ਸੁੱਟ ਦਿੱਤਾ ਹੈ। ਉਹ ਸੋਮਪਾਲ ਨੂੰ ਉੱਥੋਂ ਲੈ ਕੇ ਆਇਆ ਸੀ।
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਪਾਵਰਕੌਮ ਦਫ਼ਤਰ ਮੁਹਾਲੀ ਵਿੱਚ ਠੇਕਾ ਮੁਲਾਜ਼ਮ ਸੋਮਪਾਲ ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਸੀ। ਪਹਿਲਾਂ ਇਸ ਸਬੰਧੀ ਸੀਆਰਪੀਸੀ ਦੀ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਸੀ, ਲੇਕਿਨ ਬਾਅਦ ਵਿੱਚ ਇਸ ਮਾਮਲੇ ਵਿੱਚ ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ ਸਮੇਤ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ। ਫਿਲਹਾਲ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਸਾਬਕਾ ਕੌਂਸਲਰ ਵਿਰੁੱਧ ਕੇਸ ਦਰਜ ਹੋਣ ਤੋਂ ਬਾਅਦ ਪਰਿਵਾਰ ਨੇ ਠੇਕਾ ਮੁਲਾਜ਼ਮ ਦਾ ਅੰਤਿਮ ਸਸਕਾਰ ਕਰ ਦਿੱਤਾ ਹੈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…