ਭਾਜਪਾ ਉਮੀਦਵਾਰ ਮਦਨ ਸ਼ੌਕੀ ’ਤੇ ਹਮਲਾ, ਮੌਕੇ ਤੋਂ ਭੱਜ ਕੇ ਜਾਨ ਬਚਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਿਸਾਨ ਵਿਰੋਧੀ ਖੇਤੀ ਬਿੱਲਾਂ ਦੇ ਮੱਦੇਨਜ਼ਰ ਭਾਜਪਾ ਲੀਡਰਸ਼ਿਪ ਅਤੇ ਵਰਕਰਾਂ ਨੂੰ ਲੋਕ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੋਂ ਦੇ ਫੇਜ਼-11 ਵਿੱਚ ਘਰ-ਘਰ ਚੋਣ ਪ੍ਰਚਾਰ ਦੌਰਾਨ ਇਕ ਮੁਹੱਲੇ ਵਿੱਚ ਅੌਰਤਾਂ ਨੇ ਭਾਜਪਾ ਉਮੀਦਵਾਰਾਂ ਨੂੰ ਖਰੀਆਂ ਖਰੀਆਂ ਸੁਣਾਉਂਦੇ ਹੋਏ ਪੁੱਠੇ ਪੈਰੀ ਵਾਪਸ ਮੋੜਨ ਅਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨੀ ਸੰਘਰਸ਼ ਦੇ ਮੁੱਦੇ ਕਾਫ਼ੀ ਲਾਹਨਤਾਂ ਪਾਉਣ ਅਤੇ ਭਾਜਪਾ ਦੇ ਕਈ ਹੋਰ ਉਮੀਦਵਾਰਾਂ ਦੇ ਪੋਸਟਰ ਫਾੜਨ ਦਾ ਮਾਮਲਾ ਹਾਲੇ ਠੰਢਾ ਨਹੀਂ ਹੋਇਆ ਸੀ ਕਿ ਅੱਜ ਭਾਜਪਾ ਦੇ ਇਕ ਹੋਰ ਉਮੀਦਵਾਰ ਨੂੰ ਲੋਕ ਰੋਹ ਦਾ ਸਾਹਮਣਾ ਕਰਨਾ ਪੈ ਗਿਆ।
ਇੱਥੋਂ ਦੇ ਵਾਰਡ ਨੰਬਰ-50 ਤੋਂ ਭਾਜਪਾ ਉਮੀਦਵਾਰ ਮਦਨ ਸ਼ੌਕੀ ’ਤੇ ਬੁੱਧਵਾਰ ਨੂੰ ਕੁਝ ਅੌਰਤਾਂ ਵੱਲੋਂ ਕਥਿਤ ਤੌਰ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਮੀਦਵਾਰ ਨੇ ਸੜਕ ਤੋਂ ਲੰਘ ਰਹੇ ਇਕ ਚਲਦੇ ਆਟੋ ਵਿੱਚ ਸਵਾਰ ਹੋ ਕੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਪੀੜਤ ਮਦਨ ਸ਼ੌਕੀ ਨੇ ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਉਸ ’ਤੇ ਧਾਵਾ ਬੋਲਣ ਵਾਲੇ ਹਮਲਾਵਰ ਖ਼ੁਦ ਨੂੰ ਕਿਸਾਨ ਦੱਸ ਰਹੇ ਸੀ।
ਉਧਰ, ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ ਦਾ ਕਹਿਣਾ ਹੈ ਕਿ ਭਾਜਪਾ ਉਮੀਦਵਾਰਾਂ ’ਤੇ ਹਮਲਾ ਕਰਨ ਵਾਲੇ ਕਿਸਾਨ ਨਹੀਂ ਸਨ। ਬਲਕਿ ਵਿਰੋਧੀ ਸਿਆਸੀ ਪਾਰਟੀਆਂ ਦੇ ਕਾਰਕੁਨ ਸਨ। ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਨੂੰ ਲੈ ਕੇ ਭਾਜਪਾ ਅਤੇ ਕਿਸਾਨਾਂ ਨੂੰ ਜਾਣਬੁੱਝ ਕੇ ਬਦਨਾਮ ਕਰਕੇ ਆਪਸ ਵਿੱਚ ਲੜਾਉਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਜ਼ਾਦ ਭਾਰਤ ਵਿੱਚ ਹਰੇਕ ਵਿਅਕਤੀ ਨੂੰ ਆਪਣੀ ਗੱਲ ਕਹਿਣ ਅਤੇ ਚੋਣ ਲੜਨ ਦਾ ਪੂਰਾ ਸੰਵਿਧਾਨਕ ਹੱਕ ਹੈ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰਾਂ ’ਤੇ ਹਮਲੇ ਕਰਨਾ ਬਹੁਤ ਮੰਦਭਾਗੀ ਗੱਲ ਹੈ ਅਤੇ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਨੂੰ ਸ਼ਹਿਰ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਅਤੇ ਉਮੀਦਵਾਰਾਂ ਦੀ ਜਾਨ ਮਾਲ ਦੀ ਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…