
ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਵੱਲੋਂ ਕਲੋਨੀਆਂ ਵਿੱਚ ਚੋਣ ਪ੍ਰਚਾਰ, ਅੌਰਤਾਂ ਦੀਆਂ ਸਮੱਸਿਆਵਾਂ ਸੁਣੀਆਂ
ਕਾਂਗਰਸੀ ਅਤੇ ਆਪ ਦੇ ਉਮੀਦਵਾਰਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਾ ਆਉਣ ਵੋਟਰ: ਸੰਜੀਵ ਵਿਸ਼ਿਸ਼ਟ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਫਰਵਰੀ:
ਮੁਹਾਲੀ ਤੋਂ ਭਾਜਪਾ ਦੇ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਚੋਣ ਮੁਹਿੰਮ ਨੂੰ ਤੇਜ਼ ਮਰਦਿਆਂ ਬੁੱਧਵਾਰ ਨੂੰ ਬੜਮਾਜਰਾ ਕਲੋਨੀ ਅਤੇ ਜੁਝਾਰ ਨਗਰ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬੜਮਾਜਰਾ ਵਿੱਚ ਜ਼ਮੀਨ ’ਤੇ ਬੈਠੀਆਂ ਅੌਰਤਾਂ ਨਾਲ ਸਿੱਧੀ ਗੱਲ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਪਰੰਤ ਘਰ-ਘਰ ਜਾ ਕੇ ਲੋਕਾਂ ਨੂੰ ਭਾਜਪਾ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਦਿਆਂ ਵੋਟ ਦੇਣ ਦੀ ਅਪੀਲ ਕੀਤੀ।
ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਨੇ ਵਿਕਾਸ ਦੇ ਨਾਂ ’ਤੇ ਡੱਕਾ ਨਹੀਂ ਤੋੜਿਆ ਅਤੇ ਪੰਜ ਸਾਲ ਕੁਰਸੀ ਦੀ ਲੜਾਈ ਲੜਦਿਆਂ ਬਰਬਾਦ ਕਰਕੇ ਸੂਬੇ ਨੂੰ ਤਬਾਹੀ ਦੇ ਕੰਢੇ ’ਤੇ ਲਿਆ ਕੇ ਖੜਾ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਨੇ ਮੋਦੀ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਨੂੰ ਪੰਜਾਬ ਵਿੱਚ ਲਾਗੂ ਨਹੀਂ ਹੋਣ ਦਿੱਤਾ। ਜਿਸ ਨਾਲ ਗਰੀਬ ਲੋੜਵੰਦ ਲੋਕ ਬਹੁਤ ਸਾਰੀਆਂ ਸਹੂਲਤਾਂ ਤੋਂ ਵਾਂਝੇ ਰਹਿ ਗਏ ਹਨ।
ਜੁਝਾਰ ਨਗਰ ਵਿੱਚ ਭਾਜਪਾ ਉਮੀਦਵਾਰ ਦਾ ਵਸਨੀਕਾਂ ਨੇ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਸਮਰਥਨ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਕਲੋਨੀ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਦੱਸਦਿਆਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਝੁੱਗੀਆਂ ਵਿੱਚ ਰਹਿ ਰਹੇ ਹਨ ਪਰ ਹੁਣ ਤੱਕ ਕਿਸੇ ਵੀ ਸਰਕਾਰ ਨੇ ਉਨ੍ਹਾਂ ਨੂੰ ਜ਼ਮੀਨ ਅਲਾਟ ਨਹੀਂ ਕੀਤੀ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਐਲਾਨ ਦੇ ਬਾਵਜੂਦ ਵੀ ਉਨ੍ਹਾਂ ਨੂੰ 5-5 ਮਰਲੇ ਦੇ ਪਲਾਟ ਨਹੀਂ ਮਿਲੇ। ਸ੍ਰੀ ਵਸ਼ਿਸ਼ਟ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਭਾਜਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਝੁੱਗੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਜ਼ਮੀਨ ਅਤੇ ਮਕਾਨ ਦਿੱਤੇ ਜਾਣਗੇ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਰੁਣ ਸ਼ਰਮਾ, ਸਾਬਕਾ ਕੌਂਸਲਰ ਅਸ਼ੋਕ ਝਾਅ, ਸੋਹਨ ਸਿੰਘ, ਬਹਿਲੋਲਪੁਰ ਦੇ ਸੋਨੂ ਰਾਣਾ, ਰੂਪ ਰਾਣਾ ਅਤੇ ਕੁਲਦੀਪ ਰਾਣਾ ਅਤੇ ਹੋਰ ਪਤਵੰਤੇ ਹਾਜ਼ਰ ਸਨ।