
ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਸਰਕਾਰੀ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹੀ
ਜੇ ਸਰਕਾਰ ਨੇ 5 ਸਾਲਾਂ ਵਿੱਚ ਵਿਕਾਸ ਕੀਤਾ ਹੁੰਦਾ ਤਾਂ ਲੋਕ ਨਰਕ ਭੋਗਣ ਲਈ ਮਜਬੂਰ ਨਾ ਹੁੰਦੇ: ਸੰਜੀਵ ਵਸ਼ਿਸ਼ਟ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਮੁਹਾਲੀ ਤੋਂ ਭਾਜਪਾ ਦੇ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਬੜਮਾਜਰਾ ਦਾ ਦੌਰਾ ਕੀਤਾ। ਜਿੱਥੇ ਉਹ ਬੇਸ਼ੁਮਾਰ ਗੰਦਗੀ ਅਤੇ ਕੱਚੇ ਰਸਤੇ ਦੇਖ ਕੇ ਦੰਗ ਰਹਿ ਗਏ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਪਿਛਲੇ 5 ਸਾਲਾਂ ਵਿੱਚ ਵਿਕਾਸ ਕੀਤਾ ਹੁੰਦਾ ਤਾਂ ਲੋਕਾਂ ਨੂੰ ਅੱਜ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਨਾ ਹੋਣਾ ਪੈਂਦਾ। ਉਨ੍ਹਾਂ ਕਿਹਾ ਕਿ ਬੜਮਾਜਰਾ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਲੋਕ ਅਨੇਕਾਂ ਪ੍ਰਕਾਰ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਵਿਧਾਇਕ ਬਲਬੀਰ ਸਿੱਧੂ ਨੇ ਵੋਟਾਂ ਲੈਣ ਤੋਂ ਬਾਅਦ ਇਨ੍ਹਾਂ ਇਲਾਕਿਆਂ ਨੂੰ ਪੂਰੀ ਤਰ੍ਹਾਂ ਭੁਲਾ ਦਿੱਤਾ ਅਤੇ ਇਲਾਕੇ ਦੀ ਤਰੱਕੀ ਅਤੇ ਵਿਕਾਸ ਦੀ ਥਾਂ ਆਪਣੇ ਪਰਿਵਾਰ ਨੂੰ ਤਰਜ਼ੀਹ ਦਿੱਤੀ ਗਈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ ਤੇ ਸਾਬਕਾ ਕੌਂਸਲਰ ਅਸ਼ੋਕ ਝਾਅ ਵੀ ਮੌਜੂਦ ਸਨ।
ਸ੍ਰੀ ਵਸ਼ਿਸ਼ਟ ਨੇ ਕਿਹਾ ਕਿ ਜਦੋਂ ਉਹ ਬੜਮਾਜਰਾ ਵਿੱਚ ਚੋਣ ਪ੍ਰਚਾਰ ਲਈ ਆ ਰਹੇ ਸਨ ਤਾਂ ਰਸਤੇ ਵਿੱਚ ਦੇਖਿਆ ਕਿ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ। ਵਿਧਾਇਕ ਸਿੱਧੂ ਦਾਰਾ ਸਟੂਡੀਓ ਤੋਂ ਜੁਝਾਰ ਨਗਰ ਤੱਕ 80 ਫੁੱਟ ਚੌੜੀ ਸੜਕ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲਣ ਦੇ ਦਾਅਵੇ ਕਰ ਰਹੇ ਹਨ ਪ੍ਰੰਤੂ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਹੈ। ਭਾਜਪਾ ਆਗੂ ਨੇ ਕਿਹਾ ਕਿ ਇਸ ਰਸਤੇ ਤੋਂ ਵਾਹਨ ਲੈ ਕੇ ਲੰਘਣਾ ਤਾਂ ਇਕ ਪਾਸੇ ਰਿਹਾ, ਕੋਈ ਵਿਅਕਤੀ ਪੈਦਲ ਵੀ ਆਪਣੇ ਘਰ ਤੱਕ ਨਹੀਂ ਪਹੁੰਚ ਸਕਦਾ ਹੈ। ਗੰਦੇ ਪਾਣੀ ਦੇ ਛੱਪੜਾਂ ਅਤੇ ਪਿੰਡ ਬੜਮਾਜਰਾ ਅਤੇ ਕਲੋਨੀ ਦੀ ਸਫ਼ਾਈ ਵਿਵਸਥਾ ਬਹੁਤ ਮਾੜੀ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਲੋਕਾਂ ਨੂੰ ਗੰਦਗੀ ਤੋਂ ਮੁਕਤ ਕਰਵਾਇਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਏ ਜਾ ਰਹੇ ਸਵੱਛਤਾ ਮਿਸ਼ਨ ਤਹਿਤ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਗੰਦਗੀ ਨਾਲ ਫੈਲਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਪੰਚ ਸੀਤਾ ਰਾਮ, ਮੋਹਨ ਲਾਲ ਸ਼ਰਮਾ, ਰਮਾਕਾਂਤ ਸ਼ਰਮਾ, ਫੂਲੋ ਦੇਵੀ, ਮੰਡਲ ਪ੍ਰਧਾਨ ਅਨਿਲ ਕੁਮਾਰ ਗੁੱਡੂ, ਰੋਹਿਤ ਕੁਮਾਰ, ਅੰਗਦ ਸ਼ਾਹ ਅਤੇ ਸੁਨੀਲ ਕੁਮਾਰ ਵੀ ਹਾਜ਼ਰ ਸਨ।