
ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਧਾਰਮਿਕ ਅਸਥਾਨਾਂ ਵਿੱਚ ਨਤਮਸਤਕ ਹੋ ਕੇ ਚੋਣ ਪ੍ਰਚਾਰ ਸ਼ੁਰੂ
ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਲਕਸ਼ਮੀ ਨਾਰਾਇਣ ਮੰਦਰ ਤੇ ਹਨੂਮਾਨ ਮੰਦਰ ਵਿੱਚ ਮੱਥਾ ਟੇਕਿਆ
ਮੁਹਾਲੀ ਨੂੰ ਅੰਤਰਰਾਸ਼ਟਰੀ ਪਛਾਣ ਦਿਵਾਉਣ ਲਈ ਕੌਮਾਂਤਰੀ ਸਹੂਲਤਾਂ ਪ੍ਰਦਾਨ ਕਰਨਾ ਮੇਰਾ ਮੁੱਖ ਟੀਚਾ: ਸੰਜੀਵ ਵਸ਼ਿਸ਼ਟ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ:
ਮੁਹਾਲੀ ਤੋਂ ਭਾਜਪਾ ਵੱਲੋਂ ਐਲਾਨੇ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਸ਼ੁੱਕਰਵਾਰ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਵਿੱਚ ਨਤਮਸਤਕ ਹੋ ਕੇ ਰਸਮੀ ਤੌਰ ’ਤੇ ਆਪਣਾ ਚੋਣ ਪ੍ਰਚਾਰ ਸ਼ੁਰੂ ਕੀਤਾ। ਹਾਲਾਂਕਿ ਟਿਕਟ ਮਿਲਣ ਤੋਂ ਪਹਿਲਾਂ ਵੀ ਸੰਜੀਵ ਵਸ਼ਿਸ਼ਟ ਹਲਕੇ ਵਿੱਚ ਨੁੱਕੜ ਮੀਟਿੰਗਾਂ ਕਰ ਰਹੇ ਸਨ ਪ੍ਰੰਤੂ ਅੱਜ ਉਨ੍ਹਾਂ ਨੇ ਆਪਣੇ ਸਮਰਥਕਾਂ ਨਾਲ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਲਕਸ਼ਮੀ ਨਾਰਾਇਣ ਮੰਦਰ ਫੇਜ਼-11 ਅਤੇ ਹਨੂਮਾਨ ਮੰਦਰ ਫੇਜ਼-3ਬੀ2 ਵਿੱਚ ਮੱਥਾ ਟੇਕਿਆ ਅਤੇ ਆਪਣੀ ਚੋਣ ਮੁਹਿੰਮ ਸ਼ੁਰੂ ਕੀਤੀ।
ਸੰਜੀਵ ਵਸ਼ਿਸ਼ਟ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਵਿਕਾਸ ਦੇ ਮੁੱਦੇ ’ਤੇ ਚੋਣ ਲੜ ਰਹੇ ਹਨ ਅਤੇ ਮੁਹਾਲੀ ਸ਼ਹਿਰ ਨੂੰ ਅੰਤਰਰਾਸ਼ਟਰੀ ਪਛਾਣ ਦਿਵਾਉਣ ਲਈ ਕੌਮਾਂਤਰੀ ਪੱਧਰ ਦੀਆਂ ਸੁੱਖ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਸ਼ਹਿਰ ਵਿੱਚ ਆਈਟੀ ਉਦਯੋਗ ਸਥਾਪਿਤ ਕਰਨ ਨੂੰ ਤਰਜ਼ੀਹ ਦਿੱਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ। ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਬਚਾਉਣ ਲਈ ਵਿਸ਼ੇਸ਼ ਨੀਤੀ ਬਣਾਈ ਜਾਵੇਗੀ, ਨੀਡ ਬੇਸਡ ਪਾਲਿਸੀ, ਕਿਰਾਏ ਦੇ ਆਧਾਰ ਦੇ ਪ੍ਰਾਪਰਟੀ ਟੈਕਸ ਦੀ ਵਸੂਲੀ ਨੂੰ ਖ਼ਤਮ ਕਰਨਾ ਅਤੇ ਕੂੜੇ ਦੇ ਨਿਪਟਾਰੇ ਲਈ ਯੋਜਨਾਬੰਦੀ ਕਰਕੇ ਪਲਾਂਟ ਲਗਾਉਣ ਲਈ ਕੰਮ ਕੀਤਾ ਜਾਵੇਗਾ।

ਇਸ ਮੌਕੇ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ, ਮੰਡਲ ਪ੍ਰਧਾਨ ਰਾਖੀ ਪਾਠਕ, ਜਨਰਲ ਸਕੱਤਰ ਸੰਜੀਵ ਜੋਸ਼ੀ ਤੇ ਅਸ਼ੋਕ ਝਾਅ, ਜਸਵਿੰਦਰ ਸਿੰਘ, ਅਨਿਲ ਗੁੱਡੂ, ਯੁਵਾ ਮੋਰਚਾ ਦੇ ਆਗੂ ਗੌਰਵ ਤੇ ਲੱਕੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਮੌਜੂਦ ਸਨ।