
ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਵੱਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ:
ਮੁਹਾਲੀ ਤੋਂ ਭਾਜਪਾ, ਅਕਾਲੀ ਦਲ (ਸੰਯੁਕਤ) ਅਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਅੱਜ ਵਰ੍ਹਦੇ ਮੀਂਹ ਦੇ ਬਾਵਜੂਦ ਇੱਥੋਂ ਦੇ ਫੇਜ਼-11 ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਕਾਂਗਰਸ ਸਮੇਤ ਦੂਜੀ ਪਾਰਟੀਆਂ ਦੇ ਝੂਠੇ ਲਾਰਿਆਂ ਅਤੇ ਗੁਮਰਾਹਕੁਨ ਪ੍ਰਚਾਰ ਤੋਂ ਤੰਗ ਆ ਚੁੱਕੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨੂੰ ਸੱਤਾ ਵਿੱਚ ਆਉਣ ਦਾ ਮੌਕਾ ਦੇਣ ਲਈ ਉਤਾਵਲੇ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਭ੍ਰਿਸ਼ਟਾਚਾਰੀ ਅਤੇ ਗੁੰਡਾਗਰਦੀ ਰਾਜ ਤੋਂ ਲੋਕਾਂ ਨੂੰ ਮੁਕਤੀ ਦਿਵਾਈ ਜਾਵੇਗੀ।
ਇਸ ਮੌਕੇ ਸ਼ਹਿਰ ਵਾਸੀਆਂ ਨੇ ਭਾਜਪਾ ਆਗੂ ਸੰਜੀਵ ਵਸ਼ਿਸ਼ਟ ਨੂੰ ਦੱਸਿਆ ਕਿ ਇੱਥੇ ਸੀਵਰੇਜ ਬਹੁਤ ਗਲਤ ਤਰੀਕੇ ਨਾਲ ਪਾਇਆ ਗਿਆ ਹੈ ਅਤੇ ਬਰਸਾਤ ਦੇ ਦਿਨਾਂ ਵਿੱਚ ਅਕਸਰ ਸੀਵਰੇਜ ਜਾਮ ਹੋ ਕੇ ਗੰਦਾ ਪਾਣੀ ਸੜਕਾਂ ’ਤੇ ਆ ਜਾਂਦਾ ਹੈ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ੍ਰੀ ਵਸ਼ਿਸ਼ਟ ਨੇ ਉਕਤ ਸਾਰੀਆਂ ਸਮੱਸਿਆਵਾਂ ਦਾ ਪੱਕਾ ਹੱਲ ਕਰਨ ਦਾ ਭਰੋਸਾ ਦਿੰਦਿਆਂ ਲੋਕਾਂ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ ਜਨਹਿਤ ਵਿੱਚ ਲੋਕ ਭਲਾਈ ਦੀਆਂ ਅਨੇਕਾਂ ਸਕੀਮਾਂ ਚਲਾਈਆਂ ਗਈਆਂ ਪ੍ਰੰਤੂ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਲੋੜਵੰਦ ਵਿਅਕਤੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਨਹੀਂ ਮਿਲ ਸਕਿਆ। ਉਨ੍ਹਾਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਸਿਰ 2.82 ਕਰੋੜ ਦਾ ਕਰਜ਼ਾ ਚੜ੍ਹਾ ਕੇ ਸੂਬੇ ਨੂੰ ਆਰਥਿਕ ਪੱਖੋਂ ਪਛਾੜ ਦਿੱਤਾ ਹੈ। ਲੇਕਿਨ ਹੁਣ ਭਾਜਪਾ ਦੀ ਡਬਲ ਇੰਜਨ ਵਾਲੀ ਸਰਕਾਰ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਪਾਏਗੀ।

ਇਸ ਮੌਕੇ ਭਾਜਪਾ ਦੇ ਸੀਨਅਰ ਆਗੂ ਰਮੇਸ਼ ਵਰਮਾ, ਸਾਬਕਾ ਕੌਂਸਲਰ ਅਸ਼ੋਕ ਝਾਅ, ਮੰਡਲ ਪ੍ਰਧਾਨ ਮਦਨ ਗੋਇਲ, ਸੰਜੀਵ ਜੋਸ਼ੀ, ਸੀਮਾ ਜੋਸ਼ੀ, ਸੁਨੀਤਾ ਰਾਣੀ, ਅੰਜਲੀ ਸ਼ਰਮਾ, ਪ੍ਰੀਤਮ ਰਾਣਾ, ਰਘਬੀਰ ਚੰਦ, ਚਮਨ ਲਾਲ, ਵਿਆਸ ਗੁਪਤਾ, ਵਿਨੋਦ ਗੁਪਤਾ, ਅੰਜਲੀ ਦੇਵੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।