‘‘ਫ਼ਸਲਾਂ ਦੇ ਸਮਰਥਨ ਮੁੱਲ ਬਾਰੇ ਕੇਂਦਰ ਦੀ ਬੀਜੇਪੀ ਕਮੇਟੀ ਸਾਨੂੰ ਹਰਗਿਜ਼ ਮਨਜ਼ੂਰ ਨਹੀਂ:’’ ਭਗਵੰਤ ਮਾਨ

ਪੰਜਾਬ ਵਿੱਚ ਮਜ਼ਦੂਰਾਂ ਦਾ ਪੂਰਾ ਖਿਆਲ ਰੱਖੇਗੀ ਆਪ ਸਰਕਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਖ ਬਾਰੇ ਹਾਲ ਹੀ ਵਿੱਚ ਭਾਰਤ ਸਰਕਾਰ ਵੱਲੋਂ ਕਾਇਮ ਕੀਤੀ ਕੇਂਦਰੀ ਕਮੇਟੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਕਮੇਟੀ ਵਿੱਚ ਉਨ੍ਹਾਂ ਲੋਕਾਂ (ਕਿਸਾਨਾਂ) ਨੂੰ ਸ਼ਾਮਲ ਹੀ ਨਹੀਂ ਕੀਤਾ ਗਿਆ, ਜਿਨ੍ਹਾਂ ਬਾਰੇ ਇਹ ਕਮੇਟੀ ਬਣਾਈ ਗਈ ਹੈ। ਮਾਨ ਨੇ ਕਿਹਾ ਕਿ ਇਹ ਸਿਰਫ਼ ਬੀਜੇਪੀ ਕਮੇਟੀ ਹੈ, ਜੋ ਉਨ੍ਹਾਂ ਨੂੰ ਹਰਗਿਜ਼ ਮਨਜ਼ੂਰ ਨਹੀਂ ਹੈ। ਇਸ ਵਿੱਚ ਪੰਜਾਬ ਸਣੇ ਦੇਸ਼ ਦੇ 28 ਸੂਬਿਆਂ ਦੇ ਕਿਸਾਨਾਂ ਨੂੰ ਯੋਗ ਨੁਮਾਇੰਦਗੀ ਦਿੱਤੀ ਜਾਣੀ ਚਾਹੀਦੀ ਹੈ।
ਮੁਹਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ। ਇੱਥੇ ਜ਼ਿਆਦਾਤਰ ਲੋਕ ਖੇਤੀਬਾੜੀ ਅਤੇ ਹੋਰ ਸਹਾਇਕ ਧੰਦੇ ਕਰਦੇ ਹਨ। ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜੀ ਗਈ ਆਰ-ਪਾਰ ਦੀ ਲੜਾਈ ਵਿੱਚ ਵੀ ਪੰਜਾਬ ਦੇ ਕਿਸਾਨਾਂ ਨੇ ਮੋਹਰੀ ਭੂਮਿਕਾ ਨਿਭਾਈ ਗਈ ਅਤੇ ਇਸ ਫ਼ੈਸਲਾਕੁਨ ਜੰਗ ਵਿੱਚ ਪੰਜਾਬ ਦੇ ਸੈਂਕੜੇ ਕਿਸਾਨਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ, ਤੱਦ ਕਿਤੇ ਜਾ ਕੇ ਕੇਂਦਰ ਦੀ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਪ੍ਰੰਤੂ ਬੜੀ ਹੈਰਾਨੀ ਦੀ ਗੱਲ ਹੈ ਕਿ ਇਸ ਕਮੇਟੀ ਵਿੱਚ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦਾ ਕੋਈ ਨੁਮਾਇੰਦਾ ਨਹੀਂ ਲਿਆ ਗਿਆ। ਕਮੇਟੀ ਦਾ ਚੇਅਰਮੈਨ ਉਨ੍ਹਾਂ ਲੋਕਾਂ ਨੂੰ ਲਾਇਆ ਗਿਆ। ਜਿਨ੍ਹਾਂ ਨੇ ਪਹਿਲਾਂ ਤਿੰਨ ਖੇਤੀ ਕਾਲੇ ਕਾਨੂੰਨ ਬਣਾਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਾਤਾਂ ਵਿੱਚ ਫ਼ਸਲਾਂ ਦੇ ਸਮਰਥਨ ਮੁੱਲ ਬਾਰੇ ਕੇਂਦਰ ਤੋਂ ਇਨਸਾਫ਼ ਦੀ ਉਮੀਦ ਨਹੀਂ ਕੀਤੀ ਜਾ ਸਕਦੀ।
ਮੁੱਖ ਮੰਤਰੀ ਨੇ ਮਜ਼ਦੂਰਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ ਪੰਜਾਬ ਵਿੱਚ ਆਪ ਸਰਕਾਰ ਮਜ਼ਦੂਰਾਂ\ਦਿਹਾੜੀਦਾਰਾਂ ਦਾ ਪੂਰਾ ਖਿਆਲ ਰੱਖੇਗੀ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਦਿਹਾੜੀ ਵਧਾਉਣ ਸਮੇਤ ਹੋਰ ਜ਼ਰੂਰੀ ਲੋੜਾਂ ਪੂਰੀਆਂ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਭਰੋਸੇ ਨਾਲ ਆਮ ਆਦਮ ਪਾਰਟੀ ਦੇ ਹੱਕ ਇਨਕਲਾਬੀ ਫ਼ਤਵਾ ਦਿੱਤਾ ਹੈ, ਉਸ ’ਤੇ ਖਰਾ ਉੱਤਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਗਰੀਬ ਤੇ ਮੱਧ ਵਰਗੀ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ ਅਤੇ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਜਿੰਪਾ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਵਧੀਕ ਮੁੱਖ ਸਕੱਤਰ ਏ.ਵੈਨੂ. ਪ੍ਰਸ਼ਾਦ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ, ਐੱਸਐੱਸਪੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…