ਪ੍ਰਧਾਨ ਮੰਤਰੀ ਮੋਦੀ ਦੀਆਂ ਗਰੰਟੀਆਂ ਕਾਰਨ ਭਾਜਪਾ ਨੇ ਇਤਿਹਾਸ ਸਿਰਜਿਆ: ਬੀਬੀ ਰਾਮੂਵਾਲੀਆ
ਨਬਜ਼-ਏ-ਪੰਜਾਬ, ਮੁਹਾਲੀ, 9 ਫਰਵਰੀ:
ਭਾਜਪਾ ਕੇਂਦਰੀ ਕਮੇਟੀ ਦੀ ਸੀਨੀਅਰ ਮੈਂਬਰ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਸਾਬਕਾ ਚੇਅਰਪਰਸਨ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸੱਚਮੁੱਚ ਦੀਆਂ ਗਰੰਟੀਆਂ ਨੇ ਦੇਸ਼ ਵਿੱਚ ਨਵਾਂ ਇਤਿਹਾਸ ਸਿਰਜਿਆ ਹੈ। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਕਰੀਬ ਢਾਈ ਦਹਾਕਿਆਂ ਮਗਰੋਂ ਭਾਜਪਾ ਦੀ ਇਤਿਹਾਸਕ ਜਿੱਤ ਨੇ ਦਿੱਲੀ ਵਿੱਚ ਵਿਕਾਸ ਦਾ ਇੱਕ ਨਵਾਂ ਅਧਿਆਇ ਲਿਖਿਆ ਹੈ।
ਅੱਜ ਇੱਥੇ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਦਿੱਲੀ ਵਿੱਚ ਇਕ ਨਵਾਂ ਸੂਰਜ ਚੜ੍ਹਿਆ ਹੈ ਜੋ ਸਾਰਿਆਂ ਦਾ ਸਾਥ, ਸਾਰਿਆਂ ਦਾ ਵਿਕਾਸ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ। ਜਿਸ ਦੇ ਆਉਣ ਵਾਲੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਦਿੱਲੀ ਪਿਛਲੇ ਦੋ ਦਹਾਕਿਆਂ ਤੋਂ ਗੁੰਮਰਾਹਕੁੰਨ ਰਾਜਨੀਤਿਕ ਬਿਆਨਬਾਜ਼ੀ ਦਾ ਸ਼ਿਕਾਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਅਤੇ ਪੰਜਾਬ ਵਿੱਚ ਕੀਤੀ ਗਈ ਤਬਾਹੀ, ਲਾਲਚ ਅਤੇ ਮਾੜੇ ਸ਼ਾਸਨ ਦੀ ਇੱਕ ਉਦਾਹਰਨ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਭਾਜਪਾ ਨੇ ਦਿੱਲੀ ਵਿੱਚ ‘ਆਪ’ ਨੂੰ ਜ਼ਬਰਦਸਤ ਝਟਕਾ ਦਿੰਦੇ ਹੋਏ ਝਾੜੂ ਦਾ ਤੀਲਾ-ਤੀਲਾ ਕਰਕੇ ਰੱਖ ਦਿੱਤਾ ਹੈ ਅਤੇ ‘ਆਪ’ ਨੂੰ ਲੰਮੀ ਛੁੱਟੀ ’ਤੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਅੱਜ ਭਾਰਤ ਨੂੰ ਵਿਕਸਤ ਭਾਰਤ ਬਣਾਉਣ ਲਈ ਪ੍ਰਧਾਨ ਮੰਤਰੀ ਮੋਦੀ ਵੱਲ ਦੇਖ ਰਿਹਾ ਹੈ ਅਤੇ ਜਲਦੀ ਹੀ ਭਾਰਤ ਦੂਜੇ ਮੁਲਕਾਂ ਲਈ ਇੱਕ ਉਦਾਹਰਨ ਬਣੇਗਾ।