ਭਾਜਪਾ ਆਗੂਆਂ ਵੱਲੋਂ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਦਾ ਘਿਰਾਓ, ਕਿਸਾਨਾਂ ਖ਼ਿਲਾਫ਼ ਕੇਸ ਦਰਜ

ਪੰਜਾਬ ਵਿੱਚ ਮੁੱਖ ਮੰਤਰੀ ਅਤੇ ਸਰਕਾਰ ਦੀ ਸ਼ਹਿ ’ਤੇ ਹੋ ਰਹੇ ਨੇ ਭਾਜਪਾ ਆਗੂਆਂ ਉੱਤੇ ਹਮਲੇ: ਭਾਜਪਾ ਆਗੂ

ਮਲੋਟ ਸਿਟੀ ਥਾਣੇ ਵਿੱਚ ਕਿਸਾਨ ਆਗੂਆਂ ਤੇ ਸੈਂਕੜੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਮਲੋਟ, 28 ਮਾਰਚ:
ਪੰਜਾਬ ਦੇ ਮਲੋਟ ਇਲਾਕੇ ਵਿੱਚ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਉੱਤੇ ਕਿਸਾਨਾਂ ਦੇ ਭੇਸ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਗਏ ਅਪਮਾਨ ਜਨਕ ਹਮਲੇ ਦੀ ਚੁਫੇਰਿਓਂ ਨਿਖੇਧੀ ਕੀਤੀ ਜਾ ਰਹੀ ਹੈ। ਭਾਵੇਂ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਹਰ ਕੋਈ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕਰਕੇ ਕਿਸਾਨ ਅੰਦੋਲਨ ਦਾ ਹਿੱਸਾ ਬਣ ਰਿਹਾ ਹੈ ਪ੍ਰੰਤੂ ਬੀਤੇ ਦਿਨੀਂ ਭਾਜਪਾ ਵਿਧਾਇਕ ਅਤੇ ਕਿਸਾਨਾਂ ਵਿੱਚ ਹੋਈ ਝੜਪ ਲੋਕਤੰਤਰ ਦੇ ਖ਼ਿਲਾਫ਼ ਹੈ। ਇਸ ਘਟਨਾ ਨੂੰ ਲੈ ਕੇ ਹਰ ਕੋਈ ਕਿਸਾਨਾਂ ਦੀ ਇਸ ਕਾਰਵਾਈ ਨੂੰ ਕੋਸ ਰਿਹਾ ਹੈ ਅਤੇ ਸ਼ਰਮ ਮਹਿਸੂਸ ਕਰ ਰਿਹਾ ਹੈ।
ਇਸ ਸਬੰਧੀ ਭਾਵੇਂ ਮਲੋਟ ਪੁਲੀਸ ਨੇ ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਲਖਨਪਾਲ ਸ਼ਰਮਾ ਉਰਫ਼ ਲੱਖਾ ਪਿੰਡ ਆਲਮ ਵਾਲਾ, ਸੁਖਦੇਵ ਸਿੰਘ ਬੂੜਾ ਗੁੱਜਰ, ਨਿਰਮਲ ਸਿੰਘ ਜੱਸੇਆਣਾ, ਨਾਨਕ ਸਿੰਘ ਫਕਰਸਰ, ਕੁਲਵਿੰਦਰ ਸਿੰਘ ਦਾਨੇਵਾਲਾ, ਰਾਜਵਿੰਦਰ ਸਿੰਘ ਜੰਡਵਾਲਾ, ਅਵਤਾਰ ਸਿੰਘ ਸਮੇਤ 250-300 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 307, 353, 186, 188, 332, 342, 506, 148, 149 ਅਧੀਨ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਹੈ। ਪ੍ਰੰਤੂ ਇਸ ਘਟਨਾ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਧਰ, ਅੱਜ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਨੂੰ ਸ਼ਿਕਾਇਤ ਦੇਣ ਤੋਂ ਬਾਅਦ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਕੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਕਿਸਾਨਾਂ ਦਾ ਵਿਰੋਧ ਕਰਨ ਦਾ ਤਰੀਕਾ ਬਹੁਤ ਗਲਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਾਰ ਸਾਲ ਪੂਰੇ ਕਰਨ ’ਤੇ ਆਪਣੀਆਂ ਪ੍ਰਾਪਤੀਆਂ ਦੱਸ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਦੀਆਂ ਨਾਕਾਮੀਆਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨਾ ਭਾਜਪਾ ਦਾ ਸੰਵਿਧਾਨਿਕ ਹੱਕ ਹੈ ਅਤੇ ਉਨ੍ਹਾਂ ਨੂੰ ਆਪਣੀ ਗੱਲ ਕਹਿਣ ਦਾ ਪੂਰਾ ਹੱਕ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦੀ ਸ਼ਹਿ ’ਤੇ ਭਾਜਪਾ ਆਗੂਆਂ ਉੱਤੇ ਹਮਲੇ ਹੋ ਰਹੇ ਹਨ ਅਤੇ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਇਸ ਮੌਕੇ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ, ਤੀਕਸ਼ਣ ਸੂਦ ਅਤੇ ਹੋਰਨਾਂ ਆਗੂਆਂ ਨੇ ਵੀ ਸੂਬਾ ਸਰਕਾਰ ਨੂੰ ਰੱਜ ਕੇ ਕੋਸਿਆ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …