
ਭਾਜਪਾ ਨੇ ਮੁਹਾਲੀ ਤੋਂ ਉਦਯੋਗਪਤੀ ਸੰਜੀਵ ਵਸ਼ਿਸ਼ਟ ਨੂੰ ਚੋਣ ਮੈਦਾਨ ਵਿੱਚ ਉਤਾਰਿਆ
ਸਮਰਥਕਾਂ ਨੇ ਢੋਲ ਦੇ ਡੱਗੇ ’ਤੇ ਭੰਗੜਾ ਪਾਇਆ ਤੇ ਵੰਡੇ ਲੱਡੂ
ਭਾਜਪਾ ਸਰਕਾਰ ਆਉਣ ’ਤੇ ਮੁਹਾਲੀ ਦਾ ਜ਼ਮੀਨੀ ਪੱਧਰ ’ਤੇ ਵਿਕਾਸ ਕੀਤਾ ਜਾਵੇਗਾ: ਸੰਜੀਵ ਵਸ਼ਿਸ਼ਟ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ:
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਮੁਹਾਲੀ ਤੋਂ ਸ਼ਹਿਰ ਦੇ ਉੱਘੇ ਸਨਅਤਕਾਰ ਅਤੇ ਭਾਜਪਾ ਪੰਜਾਬ ਦੇ ਕਾਰਜਕਾਰਨੀ ਦੇ ਮੈਂਬਰ ਸੰਜੀਵ ਵਸ਼ਿਸ਼ਟ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਇਸ ਸੀਟ ਤੋਂ ਪੰਜਾਬ ਲੋਕ ਕਾਂਗਰਸ ਦਾ ਉਮੀਦਵਾਰ ਖੜਾ ਕਰਨਾ ਚਾਹੁੰਦੇ ਸਨ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪਾਰਟੀ ਦੇ ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਕਾਫ਼ੀ ਸਮੇਂ ਤੋਂ ਹਲਕੇ ਵਿੱਚ ਸੰਭਾਵੀ ਉਮੀਦਵਾਰ ਵਜੋਂ ਵਿਚਰ ਰਹੇ ਸੀ ਅਤੇ ਰੋਜ਼ਾਨਾ ਨੁੱਕੜ ਮੀਟਿੰਗਾਂ ਕਰ ਰਹੇ ਸੀ ਪਰ ਭਾਜਪਾ ਨੇ ਅੱਜ ਸੰਜੀਵ ਵਸ਼ਿਸ਼ਟ ਨੂੰ ਟਿਕਟ ਦੇ ਕੇ ਸਾਰੀਆਂ ਕਿਆਸ-ਆਰਾਈਆ ਨੂੰ ਵਿਰਾਮ ਲਗਾ ਦਿੱਤਾ। ਮੁਹਾਲੀ ਜ਼ਿਲ੍ਹੇ ਵਿੱਚ ਭਾਜਪਾ ਪਹਿਲੀ ਵਾਰ ਵਿਧਾਨ ਸਭਾ ਦੀ ਚੋਣ ਲੜ ਰਹੀ ਹੈ। ਇਸ ਤੋਂ ਪਹਿਲਾਂ ਹਮੇਸ਼ਾ ਮੁਹਾਲੀ ਤੋਂ ਅਕਾਲੀ ਦਲ ਦਾ ਉਮੀਦਵਾਰ ਚੋਣ ਲੜਦਾ ਸੀ।
ਉਧਰ, ਸੰਜੀਵ ਵਸ਼ਿਸ਼ਟ ਨੂੰ ਮੁਹਾਲੀ ਤੋਂ ਟਿਕਟ ਦਾ ਐਲਾਨ ਹੁੰਦੇ ਹੀ ਭਾਜਪਾ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ। ਭਾਜਪਾ ਵਰਕਰਾਂ ਨੇ ਮੁਹਾਲੀ ਦਫ਼ਤਰ ਦੇ ਬਾਹਰ ਖ਼ੁਸ਼ੀ ਵਿੱਚ ਢੋਲ ਦੇ ਡੱਗੇ ’ਤੇ ਭੰਗੜੇ ਪਾਉਂਦੇ ਹੋਏ ਲੱਡੂ ਵੰਡੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੰਜੀਵ ਵਸ਼ਿਸ਼ਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਦਿੱਤੇ ਗਏ ਨਵੇਂ ਪੰਜਾਬ ਦੇ ਨਾਅਰੇ ਨਾਲ ਹੀ ਪੰਜਾਬ ਸਮੇਤ ਮੁਹਾਲੀ ਦਾ ਜ਼ਮੀਨੀ ਪੱਧਰ ’ਤੇ ਵਿਕਾਸ ਕੀਤਾ ਜਾਵੇਗਾ ਅਤੇ ਸੂਬੇ ਦੇ ਲੋਕ ਵੀ ਪੰਜਾਬ ਵਿੱਚ ਡਬਲ ਇੰਜਨ ਵਾਲੀ ਭਾਜਪਾ ਦੀ ਕੇਂਦਰ ਸਰਕਾਰ ਵਾਂਗ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਉਹ ਮੁਹਾਲੀ ਨੂੰ ਵਿਕਾਸ ਪੱਖੋਂ ਮਾਡਲ ਹਲਕਾ ਬਣਾਉਣ ਲਈ ਪੂਰੀ ਵਾਹ ਲਗਾਉਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਉਹ ਖ਼ੁਦ ਸਨਅਤਕਾਰ ਹੋਣ ਕਾਰਨ ਉਦਯੋਗਪਤੀਆਂ ਅਤੇ ਫੈਕਟਰੀ ਕਾਮਿਆਂ ਦੀਆਂ ਸਮੱਸਿਆਵਾਂ ਨੂੰ ਭਲੀਭਾਂਤ ਜਾਣਦੇ ਹਨ। ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਮੁਹਾਲੀ ਵਿੱਚ ਨਵੀਆਂ ਸਨਅਤਾਂ ਸਥਾਪਿਤ ਕਰਨ ਅਤੇ ਫੈਕਟਰੀ ਕਾਮਿਆਂ ਲਈ ਮੈਡੀਕਲ ਸਹੂਲਤਾਂ ਦੀ ਵਿਵਸਥਾ ਨੂੰ ਪਹਿਲ ਦਿੱਤੀ ਜਾਵੇਗੀ।

ਇਸ ਮੌਕੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਝਾਅ, ਮੰਡਲ-3 ਪ੍ਰਧਾਨ ਰਾਖੀ ਪਾਠਕ, ਜਨਰਲ ਸਕੱਤਰ ਸੰਜੀਵ ਜੋਸ਼ੀ, ਮੰਡਲ-2 ਦੇ ਪ੍ਰਧਾਨ ਜਸਵਿੰਦਰ ਸਿੰਘ, ਮੰਡਲ-1 ਦੇ ਪ੍ਰਧਾਨ ਅਨਿਲ ਗੁੱਡੂ, ਯੁਵਾ ਮੋਰਚਾ ਦੇ ਗੌਰਵ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।