
ਭਾਜਪਾ ਉਮੀਦਵਾਰਾਂ ਦਾ ਪੈਨਲ ਬਣਾ ਕੇ ਹਾਈ ਕਮਾਂਡ ਨੂੰ ਭੇਜਿਆ: ਕੇਡੀ ਭੰਡਾਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਮੁਹਾਲੀ ਦੇ ਇੰਚਾਰਜ ਕੇ.ਡੀ. ਭੰਡਾਰੀ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਸਬੰਧੀ ਉਮੀਦਵਾਰਾਂ ਦੇ ਨਾਮ ਸ਼ਾਟਲਿਸਟ ਕਰ ਲਏ ਹਨ ਅਤੇ ਜਲਦੀ ਹੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਨਿਗਮ ਚੋਣਾਂ ਨੂੰ ਲੈ ਕੇ ਸਥਾਨਕ ਆਗੂਆਂ ਅਤੇ ਸਾਬਕਾ ਕੌਂਸਲਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਭਾਜਪਾ ਪੰਜਾਬ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਆਪਣੇ ਬਲਬੂਤੇ ’ਤੇ ਲੜੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਮੁਹਾਲੀ ਦੇ 50 ਵਾਰਡਾਂ ਵਿੱਚ ਆਪਣੇ ਉਮੀਦਵਾਰ ਖੜੇ ਕਰੇਗੀ ਅਤੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਕਰ ਦਿੱਤੀ ਜਾਵੇਗੀ।
ਸ੍ਰੀ ਭੰਡਾਰੀ ਨੇ ਕਿਹਾ ਕਿ ਮਿਉਂਸਪਲ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹਰੇਕ ਵਾਰਡ ’ਚੋਂ ਦੋ ਤੋਂ 5 ਵਿਅਕਤੀਆਂ ਨੇ ਚੋਣ ਲੜਨ ਦੀ ਇੱਛਾ ਪ੍ਰਗਟ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਆਗੂਆਂ ਨਾਲ ਸਲਾਹ ਮਸ਼ਵਰਾ ਕਰਕੇ ਯੋਗ ਉਮੀਦਵਾਰਾਂ ਦਾ ਪੈਨਲ ਤਿਆਰ ਕਰਕੇ ਹਾਈ ਕਮਾਂਡ ਨੂੰ ਭੇਜ ਦਿੱਤਾ ਗਿਆ ਹੈ। ਮੀਟਿੰਗ ਵਿੱਚ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ, ਸਾਬਕਾ ਕੌਂਸਲਰ ਅਸ਼ੋਕ ਝਾਅ ਅਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।