
ਭਾਜਪਾ ਨੂੰ ਝਟਕਾ: ਜ਼ਿਲ੍ਹਾ ਜਰਨਲ ਸਕੱਤਰ ਨਰਿੰਦਰ ਰਾਣਾ ਨੇ ਕਿਸਾਨਾਂ ਦੇ ਹੱਕ ਵਿੱਚ ਦਿੱਤਾ ਅਸਤੀਫ਼ਾ
ਨਬਜ਼-ਏ-ਪੰਜਾਬ ਬਿਊਰੋ, ਖਰੜ, 9 ਫਰਵਰੀ:
ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਕਾਫੀ ਦਿਨਾਂ ਤੋਂ ਲੜੀਵਾਰ ਸੰਘਰਸ਼ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਦੇਖਦਿਆਂ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਜਰਨਲ ਸਕੱਤਰ ਨਰਿੰਦਰ ਰਾਣਾ ਨੇ ਆਪਣੀ ਚੁੱਪੀ ਤੋੜਦਿਆਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧੀ ਖ਼ੁਦ ਲਿਖਤੀ ਬਿਆਨ ਜਾਰੀ ਕਰਦਿਆਂ ਨਰਿੰਦਰ ਸਿੰਘ ਰਾਣਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੋ ਖੇਤੀ ਕਾਨੂੰਨ ਪਾਸ ਕੀਤੇ ਗਏ ਉਹ ਕਿਸਾਨਾਂ ਨੂੰ ਮਨਜ਼ੂਰ ਨਹੀਂ ਹਨ। ਕਿਸਾਨ ਕਈ ਮਹੀਨਿਆਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਅਤੇ ਸੰਘਰਸ਼ ਦੌਰਾਨ ਸੈਂਕੜੇ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਪਰ ਕੇਂਦਰ ਸਰਕਾਰ ਇਸ ਮਸਲੇ ਦਾ ਹੱਲ ਕੱਢਣ ਨਾਕਾਮ ਰਹੀ ਹੈ ਅਤੇ ਆਪਣੀ ਜਿੱਦ ’ਤੇ ਅੜੀ ਹੋਈ ਹੈ। ਜਿਸ ਨੂੰ ਦੇਖਦਿਆਂ ਉਹ ਆਪਣੇ ਅਹੁਦੇ ਅਤੇ ਮੁੱਢਲ਼ੀ ਮੈਂਬਰਸ਼ਿਪ ਤੋਂ ਆਸਤੀਫਾ ਦੇ ਰਹੇ ਹਨ।
ਸ੍ਰੀ ਰਾਣਾ ਨੇ ਕਿਹਾ ਕਿ ਉਹ ਕਿਸਾਨ ਸੰਘਰਸ਼ ਦੇ ਨਾਲ ਨਾਲ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ। ਉਨ੍ਹਾਂ ਕਿਹਾ ਕਿ ਉਹ ਕਰੀਬ 30 ਸਾਲ ਤੋਂ ਭਾਰਤੀ ਜਨਤਾ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ। ਮੁਹਾਲੀ ਅਤੇ ਖਰੜ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਨੇ ਅਹਿਮ ਯੋਗਦਾਨ ਪਾਇਆ ਹੈ। ਉਹ ਦੋ ਵਾਰ ਮੰਡਲ ਖਰੜ ਦੇ ਪ੍ਰਧਾਨ, ਜ਼ਿਲ੍ਹਾ ਮੀਤ ਪ੍ਰਧਾਨ ਰਹਿ ਚੁੱਕੇ ਹਨ। ਕਿਸਾਨ ਅੰਦੋਲਨ ਕਾਰਨ ਉਹ ਪਾਰਟੀ ਦੀਆਂ ਗਤੀਵਿਧੀਆਂ ਅਤੇ ਪ੍ਰੈਸ ਕਾਨਫਰੰਸਾਂ ਤੋਂ ਕਾਫੀ ਪਿੱਛੇ ਹੱਟ ਗਏ ਸਨ। ਉਨ੍ਹਾਂ ਦੱਸਿਆ ਕਿ ਉਸ ਨੇ ਪਾਰਟੀ ਦੇ ਆਗੂਆਂ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ।