
ਪੰਜਾਬ ਦੇ ਸਾਬਕਾ ਕਾਂਗਰਸੀ ਆਗੂ ਦੀ ਛੁਪਣਗਾਹ ਬਣੀ ਭਾਜਪਾ: ਪਰਮਜੀਤ ਕਾਹਲੋਂ
ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਲੁੱਟਣ ਵਾਲੇ ਸਾਬਕਾ ਕਾਂਗਰਸੀ ਆਗੂ ਮੁਆਫ਼ੀ ਦੇ ਯੋਗ ਨਹੀਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਾਰਚ:
ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕੇਂਦਰ ਸਰਕਾਰ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਸਮੇਂ ਭ੍ਰਿਸ਼ਟਾਚਾਰ ਨੂੰ ਹੱਲਾਸ਼ੇਰੀ ਦੇਣ ਵਾਲੇ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਹੋਰ ਸੀਨੀਅਰ ਆਗੂਆਂ ਦੀ ਛੁਪਣਗਾਹ ਬਣ ਚੁੱਕੀ ਹੈ। ਇਹ ਪ੍ਰਗਟਾਵਾ ਅੱਜ ਇੱਥੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਲੁੱਟਣ ਵਾਲੇ ਸਾਬਕਾ ਕਾਂਗਰਸੀ ਆਗੂ ਮੁਆਫ਼ੀ ਦੇ ਯੋਗ ਨਹੀਂ ਹਨ ਅਤੇ ਇਸ ਸਬੰਧੀ ਭਾਜਪਾ ਲੀਡਰਸ਼ਿਪ ਨੂੰ ਜਵਾਬ ਦੇਣਾ ਪਵੇਗਾ।
ਸ੍ਰੀ ਕਾਹਲੋਂ ਨੇ ਕਿਹਾ ਕਿ ਪੰਜਾਬ ਵਿੱਚ ਆਪਣੀ ਹਕੂਮਤ ਚਲਾਉਣ ਦੇ ਸੁਪਨੇ ਦੇਖ ਰਹੀ ਭਾਜਪਾ ਨੂੰ ਸੂਬੇ ਦੇ ਲੋਕ ਬਿਲਕੁਲ ਮੂੰਹ ਨਹੀਂ ਲਗਾਉਣਗੇ ਅਤੇ ਕਾਂਗਰਸ ਵਜ਼ਾਰਤ ਸਮੇਂ ਸਰਕਾਰੀ ਖਜ਼ਾਨਾ ਲੁੱਟ ਕੇ ਆਪਣੀਆਂ ਤਜੌਰੀਆਂ ਭਰਨ ਵਾਲੇ ਸਾਬਕਾ ਮੰਤਰੀਆਂ ਦੀਆਂ ਆਗਾਮੀ ਲੋਕ ਸਭਾ ਚੋਣਾਂ ਵਿੱਚ ਵੀ ਜ਼ਮਾਨਤਾਂ ਜ਼ਬਤ ਹੋਣਗੀਆਂ। ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਸਾਬਕਾ ਕਾਂਗਰਸੀ ਮੰਤਰੀਆਂ ਨੂੰ ਜ਼ਿੰਮੇਵਾਰ ਦੱਸਦਿਆਂ ਪਰਮਜੀਤ ਕਾਹਲੋਂ ਨੇ ਕਿਹਾ ਕਿ ਕਾਂਗਰਸ ਦੇ ਦਿੱਗਜ ਆਗੂ ਵਿਜੀਲੈਂਸ ਦੀ ਕਾਰਵਾਈ ਤੋਂ ਬਚਨ ਲਈ ਭਾਜਪਾ ਦਾ ਸਹਾਰਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਬੇੜੀ ਨੂੰ ਅੱਧ ਵਿਚਾਲੇ ਡੁੱਬਦਾ ਛੱਡ ਕੇ ਭਾਜਪਾ ਵਿੱਚ ਗਏ ਪੰਜਾਬ ਦੇ ਆਗੂ ਕਿਸੇ ਦੇ ਸਕੇ ਨਹੀਂ ਹੋ ਸਕਦੇ। ਕਿਉਂਕਿ ਪਹਿਲਾਂ ਇਨ੍ਹਾਂ ਨੇ ਆਪਣੀ ਮਾਂ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਅਤੇ ਹੁਣ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਲਹੂ ਲੁਹਾਨ ਕਰਨ ਅਤੇ ਪੰਜਾਬ ਦੇ ਵਿਕਾਸ ਨੂੰ 2 ਦਹਾਕੇ ਪਿੱਛੇ ਲਿਜਾਉਣ ਵਾਲੇ ਆਗੂਆਂ ਲਈ ਰਾਜਨੀਤੀ ਦਾ ਖੇਤਰ ਮਹਿਜ਼ ਇਕ ਸੈਰ-ਗਾਹ ਬਣ ਚੁੱਕਾ ਹੈ।