
ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਭਾਜਪਾ: ਪਰਵਿੰਦਰ ਸੋਹਾਣਾ
ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਮੁਹਾਲੀ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਨਵੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਮੁਹਾਲੀ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ। ਅੱਜ ਇੱਥੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਮੁਹਾਲੀ ਨੇੜਲੇ ਪਿੰਡ ਝਿਊਰਹੇੜੀ ਤੇ ਹੋਰਨਾਂ ਪਿੰਡਾਂ ਦੀ ਸੈਂਕੜੇ ਏਕੜ ਜ਼ਮੀਨ ਐਕਵਾਇਰ ਕਰਕੇ ਕੌਮਾਂਤਰੀ ਹਵਾਈ ਅੱਡਾ ਬਣਾਇਆ ਗਿਆ ਸੀ ਪਰ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨਾਲ ਵਿਤਕਰੇ ਦੇ ਚੱਲਦੇ ਇੱਥੋਂ ਲੋਕਾਂ ਦੀ ਮੰਗ ਅਨੁਸਾਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਤੋਂ ਹੱਥ ਪਿੱਛੇ ਖਿੱਚ ਰਹੀ ਹੈ।
ਪਰਵਿੰਦਰ ਸੋਹਾਣਾ ਨੇ ਕਿਹਾ ਕਿ ਪੰਜਾਬ ’ਚੋਂ ਵੱਡੀ ਗਿਣਤੀ ਵਿੱਚ ਲੋਕ ਵਿਦੇਸ਼ਾਂ ਵਿੱਚ ਵਸੇ ਹੋਏ ਹਨ ਅਤੇ ਲਗਪਗ ਹਰੇਕ ਘਰ ’ਚੋਂ ਘੱਟੋ-ਘੱਟ ਇੱਕ ਬੱਚਾ ਵਿਦੇਸ਼ਾਂ ਵਿੱਚ ਕੰਮ ਅਤੇ ਪੜ੍ਹਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀ ਅਤੇ ਵਿਦਿਆਰਥੀਆਂ ਨੂੰ ਵਿਦੇਸ਼ੀ ਮੁਲਕਾਂ ਵਿੱਚ ਜਾਣ ਲਈ ਦਿੱਲੀ ਤੋਂ ਫਲਾਈਟਾਂ ਲੈਣੀਆਂ ਪੈਂਦੀਆਂ ਹਨ। ਇਸ ਨਾਲ ਸਮਾਂ ਅਤੇ ਵਿੱਤੀ ਨੁਕਸਾਨ ਸਹਿਣਾ ਪੈਂਦਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ 25 ਸਤੰਬਰ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਹਵਾਈ ਅੱਡੇ ਦਾ ਜ਼ਿਕਰ ਕਰਨ ’ਤੇ ਇੰਜ ਲੱਗਿਆ ਸੀ ਕਿ ਕੇਂਦਰ ਸਰਕਾਰ ਹਵਾਈ ਅੱਡੇ ਬਾਰੇ ਸੁਹਿਰਦ ਹੈ ਅਤੇ ਇੱਥੋਂ ਛੇਤੀ ਹੀ ਕੌਮਾਂਤਰੀ ਉਡਾਣਾਂ ਸ਼ੁਰੂ ਹੋ ਜਾਣਗੀਆਂ ਪਰ ਅਜਿਹਾ ਕੁਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਇੱਥੋਂ ਕੌਮਾਂਤਰੀ ਉਡਾਣਾਂ ਸ਼ੁਰੂ ਹੋ ਜਾਣ ਤਾਂ ਪੰਜਾਬ ਸਮੇਤ ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁਹਾਲੀ ਕੌਮਾਂਤਰੀ ਏਅਰਪੋਰਟ ਕੌਮਾਂਤਰੀ ਉਡਾਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਜਾਣਬੁੱਝ ਕੇ ਇੱਥੋਂ ਕੌਮਾਂਤਰੀ ਫਲਾਈਟਾਂ ਸ਼ੁਰੂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।
ਸੋਹਾਣਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਲਈ ਸੁਹਿਰਦ ਹੋਣ ਦੇ ਮੂੰਹ ਜ਼ਬਾਨੀ ਦਾਅਵੇ ਤਾਂ ਬਹੁਤ ਕਰਦੀ ਹੈ ਪਰ ਅਸਲੀਅਤ ਇਹ ਹੈ ਕਿ ਭਾਜਪਾ ਅੰਦਰਖਾਤੇ ਪੰਜਾਬੀਆਂ ਨਾਲ ਵਿਤਕਰਾ ਕਰਦੀ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਕਰਨਾ ਪੰਜਾਬੀਆਂ ਲਈ ਮਾਣ ਦੀ ਗੱਲ ਹੈ ਪਰ ਜਦੋਂ ਤੱਕ ਇੱਥੋਂ ਸਹੀ ਮਾਇਨੇ ਵਿੱਚ ਅਮਰੀਕਾ, ਕੈਨੇਡਾ ਅਤੇ ਪੱਛਮੀ ਮੁਲਕਾਂ ਲਈ ਫਲਾਈਟਾਂ ਸ਼ੁਰੂ ਨਹੀਂ ਹੁੰਦੀਆਂ ਤਾਂ ਇਸ ਹਵਾਈ ਅੱਡੇ ਦਾ ਪੰਜਾਬ ਦੇ ਲੋਕਾਂ ਨੂੰ ਕੋਈ ਖਾਸ ਫਾਇਦਾ ਨਹੀਂ ਹੈ। ਉਨ੍ਹਾਂ ਮੰਗ ਕੀਤੀ ਹੈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਫੌਰੀ ਤੌਰ ’ਤੇ ਅੰਤਰਰਾਸ਼ਟਰੀ ਫਲਾਈਟ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਬਿਹਤਰ ਢੰਗ ਨਾਲ ਇਸ ਹਵਾਈ ਅੱਡੇ ਦੀ ਸਹੂਲਤ ਮਿਲ ਸਕੇ।