
ਭਾਜਪਾ ਆਗੂਆਂ ਨੇ ਡੀਸੀ ਨੂੰ ਰਾਸ਼ਟਰਪਤੀ ਦੇ ਨਾਮ ਲਿਖਿਆ ਮੰਗ ਪੱਤਰ ਸੌਂਪਿਆ
ਪਾਰਟੀ ਵਿਰੋਧੀ ਸਰਗਰਮੀਆਂ ਕਾਰਨ 3 ਭਾਜਪਾ ਆਗੂਆਂ ਨੂੰ ਪਾਰਟੀ ’ਚੋਂ ਕੱਢਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਪਰੈਲ:
ਭਾਜਪਾ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੇ ਵਫ਼ਦ ਨੇ ਅੱਜ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਲਿਖਿਆ ਮੰਗ ਪੱਤਰ ਦਿੱਤਾ। ਜਿਸ ਵਿੱਚ ਮੰਗ ਕੀਤੀ ਗਈ ਕਿ ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੀ ਆਗੂ ਸੁਜਾਤਾ ਮੰਡਲ ਖਾਨ ਵੱਲੋਂ ਅਨੁਸੂਚਿਤ ਜਾਤੀ ਦੇ ਲੋਕਾਂ ’ਤੇ ਕੀਤੀ ਗਈ ਅਪਮਾਨਜਨਕ ਟਿੱਪਣੀ ਲਈ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਕੁਮਾਰ ਝਾਅ ਨੇ ਕਿਹਾ ਕਿ ਇਸ ਸਬੰਧੀ ਪੂਰੇ ਦੇਸ਼ ਦੇ ਜ਼ਿਲ੍ਹਾ ਹੈੱਡ ਕੁਆਟਰਾਂ ’ਤੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤੇ ਜਾ ਰਹੇ ਹਨ। ਵਫ਼ਦ ਵਿੱਚ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ, ਸੰਜੀਵ ਵਸ਼ਿਸ਼ਟ, ਰਮੇਸ਼ ਵਰਮਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਾਜੀਵ ਸ਼ਰਮਾ ਮੌਜੂਦ ਸਨ।
(ਬਾਕਸ ਆਈਟਮ)
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਨੇ ਪਾਰਟੀ ਦੇ ਤਿੰਨ ਆਗੂਆਂ ਵਰਿੰਦਰ ਕੌਰ ਸੋਢੀ, ਵਿੱਕੀ ਸ਼ਰਮਾ ਅਤੇ ਕ੍ਰਿਸ਼ਨਾ ਦੇਵੀ ਨੂੰ ਕਥਿਤ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਪਾਰਟੀ ’ਚੋਂ ਕੱਢ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਜੀਵ ਕੁਮਾਰ ਨੇ ਦੱਸਿਆ ਕਿ ਉਕਤ ਆਗੂਆਂ ਨੂੰ ਪਾਰਟੀ ’ਚੋਂ ਬਾਹਰ ਕਰਨ ਦਾ ਫੈਸਲਾ ਮੀਟਿੰਗ ਵਿੱਚ ਕੀਤਾ ਗਿਆ। ਮੀਟਿੰਗ ਵਿੱਚ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਸੁਖਵਿੰਦਰ ਸਿੰਘ ਗੋਲਡੀ, ਸੰਜੀਵ ਵਸ਼ਿਸ਼ਟ ਅਤੇ ਰਮੇਸ਼ ਵਰਮਾ, ਜ਼ਿਲ੍ਹਾ ਸਕੱਤਰ ਅਸ਼ੋਕ ਝਾਅ ਵੀ ਹਾਜ਼ਰ ਸਨ।